ਬੁਢਲਾਡਾ (ਬਾਂਸਲ) - ਸਥਾਨਕ ਸ਼ਹਿਰ ’ਚ ਸੀ. ਪੀ. ਆਈ. ਦੇ ਕੌਮੀ ਨੇਤਾ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਦੀ ਕਾਰ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਤੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਗਏ। ਪੁਲਸ ਨੇ ਇਸ ਮਾਮਲੇ ’ਚ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਾਬਕਾ ਵਿਧਾਇਕ ਅਰਸ਼ੀ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨਾਲ ਚੋਣ ਪ੍ਰਚਾਰ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਦੌਰਾ ਕਰ ਰਹੇ ਸਨ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਪੱਥਰਬਾਜ਼ੀ ਕਰਦੇ ਹੋਏ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਅਰਸ਼ੀ ਇਸ ਹਮਲੇ ਦੌਰਾਨ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।
ਸੂਚਨਾ ਮਿਲਣ ’ਤੇ ਪੁਲਸ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਅਤੇ ਹਾਲਾਤ ਦਾ ਜਾਇਜ਼ਾ ਲੈਂਦਿਆਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ’ਚ ਲਈ ਗਈ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਉੱਥੇ ਅਰਸ਼ੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਮਲਾ ਸਿਰਫ ਉਨ੍ਹਾਂ ਉੱਤੇ ਨਹੀਂ, ਸਗੋਂ ਲੋਕਤੰਤਰ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ’ਤੇ ਹਮਲਾ ਹੈ।
ਇਸ ਮਾਮਲੇ ’ਚ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਲਏ ਗਏ ਹਨ ਅਤੇ ਪੁਲਸ ਦੀਆਂ ਵੱਖ-ਵੱਖ ਟੀਮਾਂ ਨੂੰ ਜਾਂਚ ਲਈ ਲਗਾਇਆ ਗਿਆ ਹੈ। ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਹੋਰ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੇ ਅਰਸ਼ੀ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਅਤੇ ਇਸਨੂੰ ਲੋਕਤੰਤਰ ਦੇ ਵਿਰੁੱਧ ਕਰਾਰ ਦਿੱਤਾ।
ਘਟੀਆ ਮਟੀਰੀਅਲ ਨਾਲ ਬਣੀ ਲੋਹਾਰਾ ਮੇਨ ਰੋਡ ਉਖੜੀ, ਨਿਗਮ ਦੇ ਕੁਆਲਿਟੀ ਕੰਟਰੋਲ ‘ਤੇ ਉੱਠੇ ਸਵਾਲ
NEXT STORY