ਪਟਿਆਲਾ (ਜੋਸਨ) - ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤੀ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲਾ ਲੋਹਗੜ੍ਹ ਸਾਹਿਬ, ਮੁਖਲਿਸਗੜ੍ਹ (ਹਰਿਆਣਾ) ਦੀ ਸ਼ਾਨ ਨੂੰ ਮੁੜ-ਸੁਰਜੀਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਕਸਰ ਨਹੀਂ ਛੱਡੇਗੀ। ਇਹ ਪ੍ਰਗਟਾਵਾ ਕਿਲਾ ਲੋਹਗੜ੍ਹ ਸਾਹਿਬ ਦੇ ਸਥਾਨ 'ਤੇ ਦਰਬਾਰ ਸਾਹਿਬ ਦੀ ਉਸਾਰੀ ਲਈ ਨੀਂਹ-ਪੱਥਰ ਰੱਖਣ ਲਈ ਪਹੁੰਚੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਕੀਤਾ ਗਿਆ।
ਇਸ ਦੌਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਯਤਨ ਕਰ ਰਹੀ ਹੈ। ਇਤਿਹਾਸਕ ਅਸਥਾਨ ਕਿਲਾ ਲੋਹਗੜ੍ਹ ਸਾਹਿਬ ਦੇ ਇਤਿਹਾਸ ਨੂੰ ਸੰਗਤਾਂ ਵਿਚ ਉਭਾਰਨ ਲਈ ਇਥੇ ਗੁਰਦੁਆਰਾ ਸਾਹਿਬ ਦੇ ਦਰਬਾਰ ਦਾ ਨੀਂਹ-ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਹਕੂਮਤ ਨਾਲ ਟੱਕਰ ਲੈ ਕੇ ਜਿਥੇ ਜਬਰ-ਜ਼ੁਲਮ ਦਾ ਖ਼ਾਤਮਾ ਕੀਤਾ, ਉਥੇ ਹੀ ਮਜ਼ਲੂਮਾਂ ਅਤੇ ਗਰੀਬਾਂ ਦਾ ਮਸੀਹਾ ਬਣ ਕੇ ਉਨ੍ਹਾਂ ਦੇ ਬਣਦੇ ਹੱਕਾਂ ਲਈ ਵੀ ਕਰੜਾ ਸੰਘਰਸ਼ ਕੀਤਾ।
ਪ੍ਰੋ. ਬਡੂੰਗਰ ਨੇ ਆਖਿਆ ਕਿ ਸਿੱਖ ਕੌਮ ਦੀ ਵਿਰਾਸਤ ਨਾਲ ਅਜੋਕੀ ਪੀੜ੍ਹੀ ਨੂੰ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਸਿੱਖ ਕਾਰਜ ਲਈ ਸਾਨੂੰ ਸਾਂਝੇ ਉਪਰਾਲੇ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਕਿਲਾ ਲੋਹਗੜ੍ਹ ਸਾਹਿਬ ਲਈ ਸੇਵਾ 'ਪੰਥ ਰਤਨ' ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵੱਲੋਂ ਵਰੋਸਾਏ ਬਾਬਾ ਬਚਨ ਸਿੰਘ ਅਤੇ ਬਾਬਾ ਸੁੱਖਾ ਸਿੰਘ ਕਰਨਾਲ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਸਮਾਗਮ ਦੀ ਸਫਲਤਾ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ ਨੂੰ ਮੁਬਾਰਕਬਾਦ ਵੀ ਦਿੱਤੀ।ਇਸ ਮੌਕੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਲਾ ਲੋਹਗੜ੍ਹ ਸਾਹਿਬ ਸਿੱਖ ਇਤਿਹਾਸ ਦੀ ਅਨਮੋਲ ਵਿਰਾਸਤ ਹੈ। ਇਸ ਦੀ ਸ਼ਾਨ ਨੂੰ ਮੁੜ ਉਭਾਰਨ ਲਈ ਯਤਨ ਇੱਕ ਇਤਿਹਾਸਕ ਕਾਰਜ ਹੈ। ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੀ ਸੰਬੋਧਨ ਕੀਤਾ।
ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਅਤੇ ਬਖਸ਼ੀਸ਼ ਸਿੰਘ ਵਿਰਕ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ ਅਤੇ ਹਰਿਆਣਾ ਰਾਜ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਨਮਾਨਿਤ ਕੀਤਾ। ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਤੋਂ ਇਲਾਵਾ ਭਾਈ ਹਰਪਾਲ ਸਿੰਘ ਢੰਡ ਅਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਦੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਜੋੜਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਬੀਬੀ ਜੋਗਿੰਦਰ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਹਰਭਜਨ ਸਿੰਘ ਮਸਾਣਾ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਲੁਧਿਆਣਾ ਨਿਗਮ ਚੋਣਾਂ ਲਈ 'ਆਪ' ਅਤੇ 'ਲਿਪ' ਦਾ ਵਿਵਾਦ ਹੋਵੇਗਾ ਖਤਮ
NEXT STORY