ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਅਤੇ ਬਿਨਾਂ ਕਿਸੇ ਸੂਚਨਾ ਦੇ ਲੱਗ ਰਹੇ ਬਿਜਲੀ ਕੱਟਾਂ ਕਾਰਨ ਆਮ ਜਨਤਾ ਖਾਸ ਕਰਕੇ ਵਿਦਿਆਰਥੀ ਵਰਗ ਬੇਹੱਦ ਪਰੇਸ਼ਾਨ ਹੈ। ਇਸ ਗੰਭੀਰ ਮੁੱਦੇ ਨੂੰ ਲੈ ਕੇ 'ਪਾਵਰ ਟੂ ਸੇਵ ਹਿਊਮਨ ਰਾਈਟਸ' ਦੇ ਪ੍ਰਧਾਨ ਇੰਜੀਨੀਅਰ ਪਰਮਜੀਤ ਸਿੰਘ ਭਾਰਜ ਨੇ ਪੰਜਾਬ ਦੇ ਰਾਜਪਾਲ (ਗਵਰਨਰ) ਨੂੰ ਇੱਕ ਮੰਗ ਪੱਤਰ ਸੌਂਪਿਆ ਹੈ ਅਤੇ ਦੋਸ਼ ਲਾਇਆ ਹੈ ਕਿ ਬਿਜਲੀ ਕੱਟਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ਵੱਲ ਧੱਕਿਆ ਜਾ ਰਿਹਾ ਹੈ।
ਰਾਜਪਾਲ ਨੂੰ ਦਿੱਤੇ ਗਏ ਮੰਗ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਬਿਜਲੀ ਅੱਜ ਦੇ ਆਧੁਨਿਕ ਜੀਵਨ ਦੀ ਬੁਨਿਆਦੀ ਲੋੜ ਹੈ ਅਤੇ ਇਸ ਦੀ ਲਗਾਤਾਰ ਘਾਟ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ। ਇੰਜੀਨੀਅਰ ਭਾਰਜ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵਾਧੂ ਬਿਜਲੀ ਹੋਣ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਲੋਕਾਂ ਨੂੰ ਘੰਟਿਆਂਬੱਧੀ ਹਨ੍ਹੇਰੇ ਵਿੱਚ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜੋ ਪ੍ਰਬੰਧਕੀ ਢਾਂਚੇ ਦੀ ਨਾਕਾਮੀ ਨੂੰ ਦਰਸਾਉਂਦਾ ਹੈ।

ਵਿਦਿਆਰਥੀਆਂ ਦੀਆਂ ਅੰਤਿਮ ਪ੍ਰੀਖਿਆਵਾਂ ਸ਼ੁਰੂ ਹੋ ਚੁੱਕੀਆਂ ਹਨ। ਅਜਿਹੇ ਨਾਜ਼ੁਕ ਸਮੇਂ 'ਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਉਨ੍ਹਾਂ 'ਤੇ ਮਾਨਸਿਕ ਦਬਾਅ ਵਧ ਰਿਹਾ ਹੈ। ਇਹ ਸਥਿਤੀ ਨਵੀਂ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਇੱਕ ਅਤਿ ਸੰਵੇਦਨਸ਼ੀਲ ਵਿਸ਼ਾ ਬਣ ਗਈ ਹੈ।
ਸਿਰਫ਼ ਵਿਦਿਆਰਥੀ ਹੀ ਨਹੀਂ, ਸਗੋਂ ਬਿਜਲੀ ਦੀ ਕਿੱਲਤ ਕਾਰਨ ਸੂਬੇ ਦੇ ਛੋਟੇ ਉਦਯੋਗਾਂ, ਵਪਾਰੀਆਂ ਅਤੇ ਦਿਹਾੜੀਦਾਰ ਵਰਗ ਨੂੰ ਵੀ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇੰਜੀਨੀਅਰ ਭਾਰਜ ਦੀ ਸੰਸਥਾ ਨੇ ਉਮੀਦ ਜਤਾਈ ਹੈ ਕਿ ਪੰਜਾਬ ਦੇ ਰਾਜਪਾਲ ਸੰਵਿਧਾਨਕ ਮਰਿਆਦਾਵਾਂ ਅਨੁਸਾਰ ਇਸ ਮੁੱਦੇ ਦਾ ਗੰਭੀਰ ਨੋਟਿਸ ਲੈਣਗੇ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦੇਣਗੇ।
'ਬਾਰਡਰ ਬੈਲਟ ਦੀ ਜਵਾਨੀ ਲਈ ਰੋਡਮੈਪ ਕਦੋਂ?', NPS Dhillon ਨੇ 'ਆਪ' ਸਰਕਾਰ ਨੂੰ ਪਾਈ ਝਾੜ
NEXT STORY