ਅੰਮ੍ਰਿਤਸਰ (ਸੁਮਿਤ) : ਇਕ ਪਾਸੇ ਜਿੱਥੇ ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਕਾਰਨ ਕੋਹਰਾਮ ਮਚਿਆ ਹੋਇਆ ਹੈ, ਉੱਥੇ ਹੀ ਹਰਿਆਣਾ ਸਰਕਾਰ ਵਲੋਂ ਕੋਰੋਨਾ ਦੇ ਖੌਫ 'ਚ ਹੀ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਰੋਸ ਪ੍ਰਗਟ ਕੀਤਾ ਹੈ।
ਜੱਥੇਦਾਰ ਦਾ ਕਹਿਣਾ ਹੈ ਕਿ ਇਕ ਪਾਸੇ ਜਿੱਥੇ ਕੋਰੋਨਾ ਦੇ ਬਾਵਜੂਦ ਬੰਦੀ ਸਿੱਖਾਂ ਦੀ ਰਿਹਾਈ ਨਹੀਂ ਹੋ ਰਹੀ ਹੈ, ਉੱਥੇ ਹੁਣ ਰਾਮ ਰਹੀਮ ਨੂੰ ਪੈਰੋਲ ਦੇਣ 'ਤੇ ਵਿਚਾਰ ਕਰਨਾ ਉਚਿਤ ਨਹੀਂ ਹੈ ਅਤੇ ਇਹ ਨਿੰਦਣਯੋਗ ਹੈ। ਜੱਥੇਦਾਰ ਵਲੋਂ ਖਦਸ਼ਾ ਜ਼ਾਹਰ ਕੀਤਾ ਗਿਆ ਹੈ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਨਾਲ ਪੰਜਾਬ ਤੇ ਹਰਿਆਣਾ 'ਚ ਸ਼ਾਂਤੀ ਦਾ ਮੌਹਾਲ ਖਰਾਬ ਹੋ ਸਕਦਾ ਹੈ। ਜੱਥੇਦਾਰ ਨੇ ਅਪੀਲ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਰਾਮ ਰਹੀਮ ਨੂੰ ਇਹ ਪੈਰੋਲ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਵੀ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਦੱਸ ਦੇਈਏ ਕਿ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਜੇਲ 'ਚ 20 ਸਾਲਾਂ ਦੀ ਸਜ਼ਾ ਭੁਗਤ ਰਿਹਾ ਹੈ।
ਕੋਰੋਨਾ ਦੇ ਇਲਾਜ ’ਤੇ ਭਾਰੂ ਸਹਿਮ, ਡਰ ਅਤੇ ਸਿਆਸਤ
NEXT STORY