ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੂਜੀ ਵਾਰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦੇ ਹੋਏ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕੱਠਿਆਂ ਮਨਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਭਾਈ ਲੌਂਗੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕਰਵਾਏ ਜਾ ਰਹੇ ਪ੍ਰਮੁੱਖ ਧਾਰਮਿਕ ਸਮਾਗਮ ਸਬੰਧੀ ਸ਼ਤਾਬਦੀ ਦੀ ਬਣੀ ਸਬ ਕਮੇਟੀ ਨਾਲ ਵੀ ਵਿਚਾਰ ਚਰਚਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਵੀ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਨਿਰੋਲ ਧਾਰਮਿਕ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ 21, 22 ਅਤੇ 23 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਬੇਰ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਅਤੇ ਕਰਵਾਏ ਜਾ ਰਹੇ ਨਿਰੋਲ ਧਾਰਮਿਕ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਪੂਰੀ ਮਨੁੱਖਤਾ ਦੇ ਸਾਂਝੇ ਗੁਰੂ ਹਨ, ਜਿਸ ਲਈ ਸਾਨੂੰ ਸਾਰੀਆਂ ਹੀ ਸਿਆਸੀ ਪਾਰਟੀਆਂ ਅਤੇ ਧਾਰਮਿਕ ਸੰਗਠਨਾਂ ਨੂੰ ਮਿਲ ਕੇ ਸਤਿਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਵੀ ਸੱਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਬ ਕਮੇਟੀ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਡਾਕਟਰ ਉਪਿੰਦਰਜੀਤ ਕੌਰ ਸਾਬਕਾ ਵਿੱਤ ਮੰਤਰੀ, ਬੀਬੀ ਗੁਰਪ੍ਰੀਤ ਕੌਰ ਰੂਹੀ ਸ਼੍ਰੋਮਣੀ ਕਮੇਟੀ ਮੈਬਰ, ਮਹਿੰਦਰ ਸਿੰਘ ਆਹਲੀ ਸ਼ਕੱਤਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਹੋਰ ਆਗੂਆਂ ਸ਼ਿਰਕਤ ਕੀਤੀ। ਇਸ ਸਮੇਂ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਅਤੇ ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਨੇ ਪ੍ਰਧਾਨ ਤੇ ਹੋਰਨਾਂ ਆਗੂਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਅਮਰੀਕਾ 'ਚ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ
NEXT STORY