ਮੋਹਾਲੀ, (ਨਿਆਮੀਆਂ)-ਹਰਿਆਣਾ ਸਰਕਾਰ ਵਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਣ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਹਰਿਆਣਾ ਪੁਲਸ ਵਲੋਂ ਪੰਜਾਬ-ਹਰਿਆਣਾ ਸਰਹੱਦ ਨੂੰ ਸੀਲ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ 'ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਢੀਂਡਸਾ ਨੇ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲਸ ਨੇ ਜ਼ਮੀਨੀ ਪੱਧਰ 'ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲਸ ਨੇ ਅਜਿਹਾ ਕਦਮ ਕਿਉਂ ਚੁੱਕਿਆ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ। ਜਿਸ ਵਿਚ ਹਰਿਆਣਾ ਦੇ ਕਿਸਾਨ ਵੀ ਸ਼ਾਮਲ ਹਨ। ਹਰਿਆਣਾ ਦੇ ਕਿਸਾਨਾਂ ਨੇ ਬਕਾਇਦਾ ਪੰਜਾਬ ਦੇ ਕਿਸਾਨਾਂ ਲਈ ਵੈਲਕਮ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਅੰਦੋਲਨ ਵਿਚ ਕਿਸਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਆਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸੰਵਿਧਾਨਕ ਰੂਪ ਨਾਲ ਚੱਲ ਰਿਹਾ ਹੈ। ਅਜਿਹੇ ਵਿਚ ਹਰਿਆਣਾ ਸਰਕਾਰ ਵਲੋਂ ਆਪਣੀਆਂ ਸਰਹੱਦਾਂ ਸੀਲ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਅੰਦੋਲਨ ਪਿਛਲੇ ਕੁੱਝ ਮਹੀਨਿਆਂ ਤੋਂ ਬਿਲਕੁਲ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਅਜਿਹੇ ਵਿਚ ਕੇਂਦਰ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਕਰੇ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹੈ। ਸਾਡੀ ਪਾਰਟੀ ਨੇ ਕਦੇ ਵੀ ਇਸ ਸੰਘਰਸ਼ ਵਿਚ ਸਿਆਸੀ ਲਾਹਾ ਨਹੀਂ ਲਿਆ ਹੈ। ਪਾਰਟੀ ਕੇਵਲ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਲ ਹੋ ਕੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨਾ ਚਾਹੁੰਦੀ ਹੈ ਅਤੇ ਅਸੀਂ ਸੱਚਾਈ ਦੇ ਨਾਲ ਹਾਂ। ਉਨ੍ਹਾਂ ਨੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਕਿਸਾਨ ਅੰਦੋਲਨ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਦਿੱਲੀ ਸੰਘਰਸ਼ ਲਈ ਟਾਂਡਾ ਤੋਂ ਰਵਾਨਾ ਹੋਇਆ ਕਿਸਾਨਾਂ ਦਾ ਵੱਡਾ ਕਾਫਲਾ
NEXT STORY