ਸੰਗਰੂਰ (ਵਿਵੇਕ ਸਿੰਧਵਾਨੀ, ਬੇਦੀ) : ਵੱਖ-ਵੱਖ ਸਿੱਖ ਮਿਸਲਾਂ ਨੂੰ ਇਕਜੁੱਟ ਕਰਕੇ ਵਿਸ਼ਾਲ ਸਿੱਖ ਰਾਜ ਸਥਾਪਤ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ ਮੌਕੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਪਹਿਲੇ ਸਿੱਖ ਬਾਦਸ਼ਾਹ ਦੇ ਨਾਨਕੇ ਪਿੰਡ ਬਡਰੁੱਖਾਂ ਵਿਖੇ ਨੂੰ ਪੰਜਾਬ ਸਰਕਾਰ ਵੱਲੋਂ ਸਤਿਕਾਰ ਭੇਂਟ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵਿਸ਼ਾਲ ਸਿੱਖ ਰਾਜ ਸਥਾਪਤ ਕਰਨ ਦੇ ਨਾਲ-ਨਾਲ ਸਮਾਜ ਸੁਧਾਰਾਂ, ਆਧੁਨਿਕੀਕਰਨ ਅਤੇ ਸਭਿਆਚਾਰਕ ਪੁਨਰ ਜਾਗ੍ਰਿਤੀ ਦੀ ਵਿਰਾਸਤ ਸਾਨੂੰ ਦਿੱਤੀ ਹੈ ਜਿਸ ਲਈ ਪੂਰੀ ਪੰਜਾਬੀਅਤ ਸਦਾ ਉਨ੍ਹਾਂ ਦੀ ਰਿਣੀ ਰਹੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕੋਵਿਡ-19 ਦੀ ਮਹਾਮਾਰੀ ਫੈਲੇ ਹੋਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੱਜ ਸਾਦੇ ਸਮਾਗਮ ਦੌਰਾਨ ਹੀ ਸਤਿਕਾਰ ਭੇਂਟ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਸੂਬੇ ਦੀ ਵਿਰਾਸਤ ਤੇ ਸੱਭਿਆਚਾਰ ਨਾਲ ਜੁੜੇ ਹਰ ਪਹਿਲੂ ਦੀ ਸੰਭਾਲ ਲਈ ਤਤਪਰ ਹੈ ਅਤੇ ਇਸੇ ਤਹਿਤ ਇਸ ਸਾਲ ਦੇ ਬਜਟ 'ਚ ਵੀ ਇਕ ਕਰੋੜ ਰੁਪਏ ਦੀ ਰਕਮ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਯਾਦਗਾਰ ਬਣਾਉਣ ਤੇ ਨਿਸ਼ਾਨੀਆਂ ਸੰਭਾਲਣ ਲਈ ਰਾਖਵੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਖਾਮੀਆਂ ਹੋਣ ਕਾਰਨ ਬਡਰੁੱਖਾਂ ਪਿੰਡ 'ਚ ਲੱਗਣ ਵਾਲਾ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਅਜੇ ਤੱਕ ਸਥਾਪਤ ਨਹੀਂ ਕੀਤਾ ਗਿਆ ਅਤੇ ਹੁਣ ਉਨ੍ਹਾਂ ਦਾ ਬੁੱਤ ਨਵੇਂ ਸਿਰਿਓਂ ਤਿਆਰ ਕਰਵਾ ਕੇ ਇਕ ਸਾਲ ਦੇ ਅੰਦਰ-ਅੰਦਰ ਸਮਾਰਕ ਵਾਲੀ ਥਾਂ 'ਤੇ ਲਗਵਾਇਆ ਜਾਵੇਗਾ।
ਬਡਰੁੱਖਾਂ ਵਾਸੀਆਂ ਵੱਲੋਂ ਪਿੰਡ ਦੇ ਸੁਧਾਰ ਲਈ ਰੱਖੀਆਂ ਗਈਆਂ ਮੰਗਾਂ 'ਤੇ ਬੋਲਦਿਆਂ ਸਿੰਗਲਾ ਨੇ ਕਿਹਾ ਕਿ ਪਿੰਡ ਦੀਆਂ 12 ਕਿਲੋਮੀਟਰ ਲੰਬੀਆਂ ਸੜਕਾਂ 'ਤੇ ਪ੍ਰੀ-ਮਿਕਸ ਪਾਉਣ ਲਈ ਲੋੜੀਂਦੀ ਕਾਰਵਾਈ ਜਲਦ ਸ਼ੁਰੂ ਕਰਵਾ ਦਿੱਤੀ ਜਾਵੇਗੀ ਅਤੇ ਸੜਕਾਂ ਨੂੰ 18 ਫੁੱਟ ਚੌੜਾ ਕਰਨ ਲਈ ਪ੍ਰੋਜੈਕਟ ਨਾਬਾਰਡ ਸਕੀਮ ਤਹਿਤ ਬਣਾਇਆ ਜਾਵੇਗਾ ਜਿਸਨੂੰ ਜਲਦ ਤੋਂ ਜਲਦ ਮਨਜ਼ੂਰ ਕਰਵਾਉਣ ਲਈ ਉਹ ਨਿੱਜੀ ਤੌਰ 'ਤੇ ਨਜ਼ਰਸਾਨੀ ਕਰਨਗੇ। ਉਨਾਂ ਕਿਹਾ ਕਿ ਪ੍ਰਾਇਮਰੀ ਸਕੂਲ ਦਾ ਨਾਂ ਜਨਰਲ ਹਰਬਖ਼ਸ਼ ਸਿੰਘ ਦੇ ਨਾਂ 'ਤੇ ਰੱਖਣ ਦਾ ਮਤਾ ਮਿਲਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ਹੀ ਸਕੂਲ ਦਾ ਨਾਂ ਬਦਲਣ ਲਈ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਟੇਡੀਅਮ 'ਚ ਮਿਆਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਲਦ ਜਾਰੀ ਕੀਤੇ ਜਾਣਗੇ।
ਕੋਵਿਡ-19 ਦੇ ਬਾਵਜੂਦ ਮਿਲਕਫੈੱਡ ਨੇ ਆਪਣੀ ਸਮਰੱਥਾ 'ਚ ਵਾਧਾ ਕੀਤਾ: ਰੰਧਾਵਾ
NEXT STORY