ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੀ ਬਦਲੀ ਗਈ ਨੁਹਾਰ ਦੀ ਚਰਚਾ ਹੁਣ ਦੂਰਦਰਸ਼ਨ ’ਤੇ ਹੋਵੇਗੀ। ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਢਾਂਚੇ ’ਚ ਤਬਦੀਲੀ ਦਾ ਸੁਨੇਹਾ ਦੇਣ ਲਈ 27 ਮਾਰਚ ਤੋਂ ਡੀ. ਡੀ. ਪੰਜਾਬੀ ਤੋਂ ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 3.30 ਤੋਂ 4.00 ਵਜੇ ਤੱਕ ‘ਨਵੀਆਂ ਪੈੜਾਂ’ ਦੇ ਹੇਠ ਪੇਸ਼ ਕੀਤਾ ਜਾਵੇਗਾ।
ਇਸ ਰਾਹੀਂ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜ਼ਿਲ੍ਹਾ ਵਾਰ ਜਾਣਕਾਰੀ ਦਿੱਤੀ ਜਾਵੇਗੀ। ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਅਨੁਸਾਰ ਸਕੂਲਾਂ ਦੀ ਕੀਤੀ ਗਈ ਕਾਇਆ-ਕਲਪ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਸਿੱਖਿਆ ਮਹਿਕਮੇ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰੋ-ਘਰੀ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਢਾਂਚੇ ਦਾ ਸੁਨੇਹਾ ਦੇ ਰਹੇ ਹਨ, ਉੱਥੇ ਹੀ ਮਹਿਕਮੇ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਜ਼ਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਦਾਖ਼ਲਿਆਂ ਵਿੱਚ 15 ਫ਼ੀਸਦੀ ਦਾ ਹੋਇਆ ਵਾਧਾ ਸਕੂਲੀ ਢਾਂਚੇ ਦੀ ਕਾਇਆ-ਕਲਪ ਦਾ ਹੀ ਨਤੀਜਾ ਹੈ। ਸਮਾਰਟ ਸਕੂਲ ਮੁਹਿੰਮ ਅਧੀਨ ਸੂਬੇ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਆਕਰਸ਼ਕ ਗੇਟ ਅਤੇ ਚਾਰ ਦੀਵਾਰੀਆਂ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤਾਂ ਦੇ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ। ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ-ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ, ਐਲ. ਸੀ. ਡੀ. ਅਤੇ ਐਜੂਸੈੱਟ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਦਾ ਉਲੇਖ ਕਰਦਾ ਡੀ. ਡੀ. ਪੰਜਾਬੀ ਦਾ ‘ਨਵੀਆਂ ਪੈੜਾਂ’ ਪ੍ਰੋਗਰਾਮ ਸਰਕਾਰੀ ਸਕੂਲਾਂ ਵਿੱਚ ਲੋਕਾਂ ਨੂੰ ਆਪਣੇ ਬੱਚੇ ਦਾਖ਼ਲ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸਕੂਲਾਂ ਦੀ ਬਦਲੀ ਹੋਈ ਨੁਹਾਰ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਨਵਾਂਸ਼ਹਿਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਨੂੰ ਦਿੱਤਾ ਗਿਆ ਭਰਵਾਂ ਹੁੰਗਾਰਾ
NEXT STORY