ਗੁਰਦਾਸਪੁਰ (ਹਰਮਨ, ਵਿਨੋਦ, ਹਰਜਿੰਦਰ ਗੋਰਾਇਆ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਰਾਜਪਾਲ ਗੁਲਾਬ ਚੰਦ ਕਟਾਰੀਆ ਜਦੋਂ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੇੜੇ ਜਦੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈ ਰਹੇ ਸਨ ਤਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਈ ਥਾਵਾਂ ਤੋਂ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਮਕੌੜਾ ਪੱਤਣ, ਗਾਹਲੜੀ, ਦੋਰਾਂਗਲਾ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਇਲਾਕੇ ਦੇ 324 ਪਿੰਡ ਹੜ੍ਹ ਦੇ ਪਾਣੀ ਦੀ ਮਾਰ ਹੇਠ ਆ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੀ ਮਾਰ! ਸਤਲੁਜ ਦਰਿਆ ਨੇੜੇ ਸਥਿਤੀ ਨੂੰ ਵੇਖਦਿਆਂ ਜਲੰਧਰ DC ਦੀ ਲੋਕਾਂ ਨੂੰ ਖ਼ਾਸ ਅਪੀਲ
ਉਨ੍ਹਾਂ ਦੱਸਿਆ ਕਿ ਹੜ੍ਹ ਦਾ ਪਾਣੀ ਆਉਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਲ ਪੁਲਸ, ਐੱਨ. ਡੀ. ਆਰ. ਐੱਫ਼., ਬੀ. ਐੱਸ. ਐੱਫ਼., ਅਤੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ 5581 ਵਿਅਕਤੀਆਂ ਨੂੰ ਹੈਲੀਕਾਪਟਰ ਅਤੇ ਕਿਸ਼ਤੀਆਂ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਕਾਰਜਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।
ਇਸ ਮੌਕੇ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਸਮੁੱਚਾ ਮੰਤਰੀ ਮੰਡਲ ਤੇ ਵਿਧਾਇਕ ਵੀ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੀ ਆਫ਼ਤ ਨਾਲ ਨਜਿੱਠਣ ਲਈ ਜਿਵੇਂ ਸਮੂਹ ਪੰਜਾਬੀਆਂ ਨੇ ਇਕੱਜੁਟਤਾ ਦਿਖਾਈ ਹੈ ਉਹ ਆਪਣੇ ਆਪ ਵਿੱਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਜ਼ਰੂਰ ਕਾਬੂ ਪਾ ਲਵਾਂਗੇ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਫੋਨ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਇਹ ਵੀ ਪੜ੍ਹੋ: ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਸਲ ਚੁਣੌਤੀ ਹੜ੍ਹਾਂ ਦੇ ਪਾਣੀ ਦੇ ਘੱਟਣ ਤੋਂ ਬਾਅਦ ਸ਼ੁਰੂ ਹੋਵੇਗੀ, ਕਿਉਂਕਿ ਫਿਰ ਧਿਆਨ ਮੁੜ ਵਸੇਬੇ, ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਅਤੇ ਸਮੇਂ ਸਿਰ ਮੁਆਵਜ਼ਾ ਦੇਣ ਵੱਲ ਕੇਂਦਰਿਤ ਹੋਵੇਗਾ। ਉਨ੍ਹਾਂ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਵੱਧ ਤੋਂ ਵੱਧ ਥਾਵਾਂ 'ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੀ ਤੁਰੰਤ ਲੋੜ `ਤੇ ਜ਼ੋਰ ਦਿੱਤਾ। ਰਾਜਪਾਲ ਕਟਾਰੀਆ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਭਾਰਤੀ ਫੌਜ, ਬੀ.ਐੱਸ.ਐੱਫ. ਅਤੇ ਐਨ.ਡੀ.ਆਰ.ਐੱਫ. ਅਤੇ ਸਭ ਤੋਂ ਵੱਧ ਪੰਜਾਬ ਦੇ ਲੋਕਾਂ ਦੇ ਅਣਥੱਕ ਯਤਨਾਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਭਾਵਨਾ ਇਸ ਸੰਕਟ ਦੀ ਘੜੀ ਵਿੱਚ ਬਹੁਤ ਮਜ਼ਬੂਤ ਹੈ।
ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਮਿਡਲ ਸਕੂਲ ਨੜ੍ਹਾਂਵਾਲੀ ਵਿਖੇ ਸਥਾਪਿਤ ਕੀਤੇ ਰਾਹਤ ਕੈਂਪ ਦਾ ਦੌਰਾ ਵੀ ਕੀਤਾ ਅਤੇ ਬੇਘਰ ਹੋਏ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਦੇ ਜਾਨਵਰਾਂ ਦੀ ਸੁਰੱਖਿਆ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਐਂਟੀ ਸਨੇਕ ਵੈਨਮ ਅਤੇ ਹੋਰ ਲੋੜੀਂਦੀਆਂ ਦਵਾਈਆਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਣ, ਕਿਉਂਕਿ ਪਾਣੀ ਭਰਨ ਕਾਰਨ ਸੱਪਾਂ ਦੇ ਡੰਗਣ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ।
ਸਥਾਨਕ ਨਿਵਾਸੀਆਂ ਨੇ ਸ਼ੱਕੀ ਨਾਲਾ (ਜਿਸ ਨੂੰ ਕਿਰਨ ਨਾਲਾ ਵੀ ਕਿਹਾ ਜਾਂਦਾ ਹੈ) ਤੋਂ ਸਥਾਈ ਰਾਹਤ ਦੀ ਵੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਇਹ ਨਾਲਾ ਹਰ ਸਾਲ ਮਾਨਸੂਨ ਦੇ ਮੌਸਮ ਦੌਰਾਨ ਉਨ੍ਹਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਭਵਿੱਖ ਵਿੱਚ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਇਸਦਾ ਕੋਈ ਪੱਕਾ ਹੱਲ ਕੀਤਾ ਜਾਵੇ ਅਤੇ ਨਜ਼ਾਇਜ ਕਬਜ਼ੇ ਹਟਾਏ ਜਾਣ।
ਇਹ ਵੀ ਪੜ੍ਹੋ: 28 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਚਾੜ 'ਤਾ ਚੰਨ, ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਰੋਲ੍ਹ ਦਿੱਤਾ ਪਰਿਵਾਰ
ਇਸ ਤੋਂ ਬਾਅਦ ਰਾਜਪਾਲ ਵੱਲੋਂ ਬਹਿਰਾਮਪੁਰ ਵਿਖੇ ਬੀ. ਐੱਸ. ਐੱਫ਼, ਫ਼ੌਜ, ਐੱਨ. ਡੀ. ਆਰ. ਐੱਫ਼. ਅਤੇ ਸਥਾਨਿਕ ਲੋਕਾਂ ਨਾਲ ਮੀਟਿੰਗ ਕਰਕੇ ਇਲਾਕੇ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ। ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਨੇ ਰਾਜਪਾਲ ਪੰਜਾਬ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਨਾਲ ਹੀ ਮਕੌੜਾ ਪੱਤਣ `ਤੇ ਰਾਵੀ ਦਰਿਆ `ਤੇ ਪੱਕਾ ਪੁਲ ਬਣਾਉਣ ਦੀ ਮੰਗ ਵੀ ਕੀਤੀ। ਰਾਜਪਾਲ ਨੇ ਇਲਾਕਾ ਵਾਸੀਆਂ ਦੀਆਂ ਇਨ੍ਹਾਂ ਮੰਗਾਂ ਸਬੰਧੀ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੇ ਨੁਕਸਾਨ ਦੀ ਪੂਰਤੀ ਲਈ ਕੇਂਦਰ ਸਰਕਾਰ ਕੋਲੋਂ ਇਮਦਾਦ ਦਿਵਾਉਣ ਲਈ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਦੇ ਜਵਾਨਾਂ ਨਾਲ ਵੀ ਮੁਲਾਕਾਤ ਅਤੇ ਰਾਹਤ ਕਾਰਜਾਂ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸ਼ਾਬਾਸ਼ੀ ਦਿੱਤੀ।
ਇਸ ਮੌਕੇ ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਵੀ.ਪੀ. ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਡੀ.ਆਈ.ਜੀ. ਸ ਨਾਨਕ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਬਟਾਲਾ ਜਨਾਬ ਸੋਹੇਲ ਕਾਸਿਮ ਮੀਰ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ. ਡੀ. ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ, ਐੱਸ. ਡੀ. ਐੱਮ. ਫ਼ਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੀ ਮਾਰ ਵਿਚਾਲੇ ਜਲੰਧਰ ਵਾਸੀਆਂ ਲਈ DC ਨੇ ਜਾਰੀ ਕੀਤੀ ਸਖ਼ਤ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਗਲੇ ਦਿਨ ਸੀ ਕੁੜੀ ਦਾ ਵਿਆਹ, ਰਾਤੀਂ ਪਿੰਡ 'ਚ ਪੈ ਗਈਆਂ ਭਾਜੜਾਂ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY