ਗੁਰਦਾਸਪੁਰ (ਬੇਰੀ, ਸਾਹਿਲ)-ਪੰਜਾਬ ਸਰਕਾਰ ਵਲੋਂ ਸੂਬੇ ’ਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕਰਨ ਲਈ ਵੱਡੇ ਯਤਨ ਕੀਤੇ ਗਏ ਹਨ ਅਤੇ ਇਸ ਲਾਹਨਤ ਨੂੰ ਜਡ਼੍ਹੋਂ ਪੁੱਟਣ ਲਈ ਲੋਕਾਂ ਦੇ ਸਹਿਯੋਗ ਅਤੇ ਸ਼ਮੂਲੀਅਤ ਨੂੰ ਹੋਰ ਵੀ ਵਧਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗਾਂ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੀ ਰਣਨੀਤੀ ਦੇ ਹੇਠ ਤਿੰਨ ਪਡ਼ਾਵੀ ਨੀਤੀ ਅਪਣਾਈ ਹੋਈ ਹੈ, ਜਿਸ ਦੇ ਹੇਠ ਵਿਸ਼ੇਸ਼ ਟਾਸਕ ਫੋਰਸ ਦੀ ਸਥਾਪਤੀ ਰਾਹੀਂ ਨਸ਼ਿਆਂ ’ਤੇ ਕਾਬੂ ਪਾਉਣ, ਨਸ਼ਾ ਛੁਡਾਊ ਅਤੇ ਰੋਕਥਾਮ ਰਣਨੀਤੀ ਲਾਗੂ ਕੀਤੀ ਗਈ ਹੈ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਲੋਕਾਂ ’ਚ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਅਤੇ ਇਸ ਦੇ ਵਾਸਤੇ ਪੰਜ ਲੱਖ ਤੋਂ ਵੱਧ ਡੈਪੋ ਸਵੈ-ਇੱਛੁਕ ਤੌਰ ’ਤੇ ਨਸ਼ਾ ਛੁਡਾਊ ਮੁਹਿੰਮ ਨਾਲ ਜੋਡ਼ੇ ਗਏ ਹਨ। ਸ. ਬਾਜਵਾ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਵਾਸਤੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ’ਚ ਬੱਡੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਅਤੇ 5.5 ਲੱਖ ਬੱਡੀ ਗਰੁੱਪ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ’ਚ 100 ਹੋਰ ਓ. ਓ. ਏ. ਟੀ. ਕਲੀਨਿਕ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਦੇ 165 ਕਲੀਨਿਕ ਪਹਿਲਾਂ ਹੀ ਕੰਮ ਕਰ ਰਹੇ ਹਨ ਅਤੇ ਨਸ਼ਿਆਂ ਨਾਲ ਪੀਡ਼ਤ 60 ਹਜ਼ਾਰ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਜਦਕਿ ਓ. ਪੀ. ਡੀ. ’ਚ 15 ਲੱਖ ਤੋਂ ਵੱਧ ਨਸ਼ੇ ਦੇ ਆਦੀ ਆਏ ਹਨ। ਸ. ਬਾਜਵਾ ਨੇ ਕਿਹਾ ਕਿ ਨਸ਼ਾ ਰੋਕੂ ਮੁਹਿੰਮ ’ਚ ਲੋਕਾਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਲੋਕਾਂ ਦੇ ਸਾਥ ਅਤੇ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਨਸ਼ੇ ਦੀ ਲਾਹਨਤ ਨੂੰ ਪੰਜਾਬ ’ਚੋਂ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ।
ਰਵੀਨੰਦਨ ਬਾਜਵਾ ਨੂੰ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਦਾ ਚੇਅਰਮੈਨ ਬਣਾਇਆ ਜਾਵੇ : ਬੱਲਪੁਰੀਆਂ
NEXT STORY