ਮੋਹਾਲੀ (ਜੱਸੀ) : ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਗ਼ਲਤ ਢੰਗ ਨਾਲ ਵੇਚਣ ਦੇ ਮਾਮਲੇ ’ਚ ਨਾਮਜ਼ਦ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੂੰ ਮੋਹਾਲੀ ਦੀ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ। ਅਦਾਲਤ ਨੇ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਰੈਗੂਲਰ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਜ਼ਮਾਨਤ ਅਰਜ਼ੀ ’ਚ ਟੌਹੜਾ ਨੇ ਦਲੀਲ ਦਿੱਤੀ ਸੀ ਕਿ ਅਪਰਾਧ ਨਾਲ ਉਸ ਦਾ ਕੋਈ ਲੈਣਾ-ਦੇਣਾ ਜਾਂ ਸਬੰਧ ਨਹੀਂ ਹੈ। ਉਸ ਦਾ ਕਹਿਣਾ ਸੀ ਕਿ ਪੁਲਸ ਨੇ ਬਿਨਾਂ ਕਿਸੇ ਕਾਨੂੰਨੀ ਜਾਂ ਭਰੋਸੇਯੋਗ ਸਬੂਤ ਦੇ ਉਸ ਨੂੰ ਇਸ ਕੇਸ ’ਚ ਮੁਲਜ਼ਮ ਬਣਾਇਆ ਹੈ। ਅਰਜ਼ੀ ’ਚ ਇਹ ਵੀ ਕਿਹਾ ਗਿਆ ਕਿ ਉਸ ਨੇ 12 ਮਾਰਚ ਨੂੰ ਖ਼ੁਦ ਅਦਾਲਤ ਸਾਹਮਣੇ ਆਤਮ-ਸਮਰਪਣ ਕੀਤਾ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ। ਉਹ 19 ਮਾਰਚ ਤੋਂ ਨਿਆਇਕ ਹਿਰਾਸਤ ’ਚ ਹੈ ਅਤੇ ਉਸ ਕੋਲੋਂ ਕੋਈ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਇਸ ਆਧਾਰ ’ਤੇ ਉਸ ਨੇ ਜ਼ਮਾਨਤ ਦੀ ਮੰਗ ਕੀਤੀ ਸੀ। ਦੂਜੇ ਪਾਸੇ ਅਦਾਲਤ ਨੇ ਕੇਸ ਦੇ ਰਿਕਾਰਡ ਅਤੇ ਦੋਸ਼ਾਂ ਦੀ ਗੰਭੀਰਤਾ ਨੂੰ ਧਿਆਨ ’ਚ ਰੱਖਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
ਅਦਾਲਤ ਦੇ ਹੁਕਮਾਂ ਮੁਤਾਬਕ ਮੁਲਜ਼ਮ ’ਤੇ ਦੋਸ਼ ਹੈ ਕਿ ਉਸ ਨੇ ਪ੍ਰਬੰਧਕ ਕਮੇਟੀ ਤੋਂ ਕਿਸੇ ਵੀ ਤਰ੍ਹਾਂ ਦੀ ਮਨਜ਼ੂਰੀ ਲਏ ਬਿਨਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਨਾਂ ’ਤੇ ਦਰਜ ਜਾਇਦਾਦ ਤੀਜੇ ਵਿਅਕਤੀ ਦੇ ਨਾਂ ਤਬਦੀਲ ਕਰ ਦਿੱਤੀ। ਇਸ ਤੋਂ ਇਲਾਵਾ ਉਸ ’ਤੇ ਇਹ ਵੀ ਦੋਸ਼ ਹੈ ਕਿ ਉਸ ਨੇ ਸਹਿ-ਮੁਲਜ਼ਮਾਂ ਨਾਲ ਮਿਲ ਕੇ ਜਾਅਲੀ ਅਤੇ ਮਨਘੜਤ ਦਸਤਾਵੇਜ਼ ਤਿਆਰ ਕਰਨ ਲਈ ਸਾਜ਼ਿਸ਼ ਰਚੀ। ਅਦਾਲਤ ਨੇ ਆਪਣੇ ਹੁਕਮ ’ਚ ਕਿਹਾ ਕਿ ਦੋਸ਼ਾਂ ਦੀ ਪ੍ਰਕਿਰਤੀ ਅਤੇ ਇਸ ਤੱਥ ਨੂੰ ਦੇਖਦਿਆਂ ਕਿ ਇਹ ਮਾਮਲਾ ਧਾਰਮਿਕ ਸੰਸਥਾ ਦੀ ਜਾਇਦਾਦ ਨਾਲ ਸਬੰਧਿਤ ਹੈ, ਇਸ ਨੂੰ ਸਿਰਫ਼ ਦੋ ਧਿਰਾਂ ਵਿਚਕਾਰ ਸਿਵਲ ਵਿਵਾਦ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਭਾਵੇਂ ਇਸ ਮਾਮਲੇ ’ਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ ਪਰ ਕੇਸ ਦੇ ਹੋਰ ਸਹਿ-ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...
ਅਦਾਲਤ ਨੇ ਇਹ ਵੀ ਮੰਨਿਆ ਕਿ ਮੁਲਜ਼ਮ ਨੂੰ ਇਸ ਪੜਾਅ ’ਤੇ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਮੁਕੱਦਮੇ ਦੀ ਕਾਰਵਾਈ ’ਚ ਰੁਕਾਵਟ ਪੈਦਾ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਨਾਲ ਹੀ ਅਪਰਾਧ ਦੀ ਗੰਭੀਰਤਾ ਨੂੰ ਦੇਖਦਿਆਂ ਉਸ ਦੇ ਫ਼ਰਾਰ ਹੋਣ ਦੀ ਸੰਭਾਵਨਾ ਵੀ ਹੈ। ਇਨ੍ਹਾਂ ਸਾਰੇ ਤੱਥਾਂ ਤੇ ਹਾਲਾਤਾਂ ਨੂੰ ਧਿਆਨ ’ਚ ਰੱਖਦਿਆਂ ਅਦਾਲਤ ਨੇ ਕੇਸ ਦੇ ਗੁਣ-ਦੋਸ਼ਾਂ ’ਤੇ ਕੋਈ ਟਿੱਪਣੀ ਕੀਤੇ ਬਿਨਾਂ ਇਹ ਕਿਹਾ ਕਿ ਟੌਹੜਾ ਇਸ ਪੜਾਅ ’ਤੇ ਰੈਗੂਲਰ ਜ਼ਮਾਨਤ ਦੀ ਰਿਆਇਤ ਦਾ ਹੱਕਦਾਰ ਨਹੀਂ ਹੈ। ਇਸ ਲਈ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕੀਤੀ ਜਾਂਦੀ ਹੈ। ਦੱਸਣਯੋਗ ਹੈ ਕਿ ਥਾਣਾ ਸੋਹਾਣਾ ਪੁਲਸ ਨੇ ਇਸ ਮਾਮਲੇ ’ਚ ਫਰਵਰੀ ਦੌਰਾਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਤਤਕਾਲੀ ਮੈਨੇਜਰ, ਹੋਰ ਮੁਲਾਜ਼ਮਾਂ ਅਤੇ ਕਈ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
NEXT STORY