ਬਠਿੰਡਾ (ਵਿਜੇ ਵਰਮਾ): ਬਠਿੰਡਾ ਦੇ ਨਜ਼ਦੀਕੀ ਪਿੰਡ ਜੱਸੀ ਪੌਵਾਲੀ ਸਥਿਤ ਗੁਰਦੁਆਰਾ ਢਾਬਸਰ ਸਾਹਿਬ ਵਿਖੇ ਇਕ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਘਟਨਾ ਵਾਪਰੀ, ਜਿੱਥੇ ਬਿਜਲੀ ਦੇ ਬਲਬ ਵਿਚ ਹੋਏ ਸ਼ਾਰਟ ਸਰਕਟ ਕਾਰਨ ਸੱਚਖੰਡ ਸਾਹਿਬ ਵਿਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਪਾਵਨ ਸਰੂਪ ਅਗਨ ਭੇਟ ਹੋ ਗਏ, ਜਦਕਿ ਗ੍ਰੰਥੀ ਸਿੰਘ ਅਤੇ ਸੇਵਾਦਾਰਾਂ ਦੀ ਮੁਸਤੈਦੀ ਸਦਕਾ ਕੁਝ ਸਰੂਪਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਮਲੇ ਦੀ ਪੂਰੀ ਪੜਤਾਲ ਧਰਮ ਪ੍ਰਚਾਰ ਕਮੇਟੀ ਰਾਹੀਂ ਕਰਵਾਈ ਜਾਵੇਗੀ। ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਨੁਸਾਰ ਰਾਤ ਨੂੰ ਤਕਰੀਬਨ 8 ਤੋਂ 9 ਵਜੇ ਦੇ ਵਿਚ ਉਹ ਪਾਠ ਕਰ ਰਹੇ ਸਨ। ਇਸ ਦੌਰਾਨ ਸੱਚਖੰਡ ਸਾਹਿਬ ਵੱਲੋਂ ਅਚਾਨਕ ਤੇਜ਼ ਰੋਸ਼ਨੀ ਨਜ਼ਰ ਆਈ। ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਅੰਦਰ ਅੱਗ ਲੱਗ ਚੁੱਕੀ ਸੀ। ਹਾਲਾਤ ਦੀ ਗੰਭੀਰਤਾ ਨੂੰ ਦੇਖਦਿਆਂ ਗ੍ਰੰਥੀ ਸਿੰਘ ਅਤੇ ਸੇਵਾਦਾਰ ਤੁਰੰਤ ਅੰਦਰ ਦਾਖ਼ਲ ਹੋਏ ਅਤੇ ਜਾਨ ਜੋਖਮ ਵਿੱਚ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਬਾਹਰ ਕੱਢਣ ਦਾ ਯਤਨ ਕੀਤਾ। ਸੇਵਾਦਾਰਾਂ ਨੇ ਦੱਸਿਆ ਕਿ ਦੋ ਸਰੂਪ ਪੂਰੀ ਤਰ੍ਹਾਂ ਸੁਰੱਖਿਅਤ ਬਾਹਰ ਕੱਢ ਲਏ ਗਏ, ਜਦਕਿ ਹੋਰ ਸਰੂਪਾਂ ਅਤੇ ਰੁਮਾਲਾ ਸਾਹਿਬ ਨੂੰ ਅੱਗ ਦੀਆਂ ਲਪਟਾਂ ਵਿਚੋਂ ਕੱਢਣ ਦੌਰਾਨ ਉਨ੍ਹਾਂ ਦੇ ਹੱਥ ਵੀ ਝੁਲਸ ਗਏ। ਉਨ੍ਹਾਂ ਕਿਹਾ ਕਿ ਚੰਦੋਆ ਸਾਹਿਬ ਵੀ ਅੱਗ ਦੀ ਲਪੇਟ ਵਿੱਚ ਸੀ, ਜਿਸ ਕਾਰਨ ਹਾਲਾਤ ਬਹੁਤ ਹੀ ਖ਼ਤਰਨਾਕ ਬਣ ਗਏ ਸਨ।
ਜਥੇਦਾਰ ਬਾਬਾ ਟੇਕ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਸੱਚਖੰਡ ਵਿੱਚ ਲੱਗੇ ਬਲਬ ਵਿਚ ਸ਼ਾਰਟ ਸਰਕਟ ਹੋਣ ਕਾਰਨ ਇਹ ਅੱਗ ਲੱਗੀ ਹੈ। ਉਨ੍ਹਾਂ ਗ੍ਰੰਥੀ ਸਿੰਘ ਦੀ ਬਹਾਦਰੀ ਅਤੇ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਮੁਸਤੈਦੀ ਨਾਲ ਕਈ ਸਰੂਪਾਂ ਨੂੰ ਬਚਾਇਆ ਜਾ ਸਕਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਧਰਮ ਪ੍ਰਚਾਰ ਕਮੇਟੀ ਨੂੰ ਵਿਸਥਾਰਪੂਰਵਕ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਨੂੰ 14 ਜੂਨ ਨੂੰ ਤਖ਼ਤ ਸ੍ਰੀ ਦਾਮਦਮਾ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ, ਜਿੱਥੇ ਪੜਤਾਲ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
NEXT STORY