ਲੁਧਿਆਣਾ (ਰਾਜ): ਮਹਾਨਗਰ ਦੇ ਅਜ਼ਾਦ ਨਗਰ ਇਲਾਕੇ ਵਿਚ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਬੁੱਧਵਾਰ ਤੜਕੇ ਸੇਵਾ ਕਰਨ ਗਈ 27 ਸਾਲਾ ਕੁੜੀ ਦੇ ਭੇਤਭਰੀ ਹਾਲਤ ਵਿਚ ਪਹਿਲੀ ਮੰਜ਼ਿਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਹਸਪਤਾਲ ਵਿਚ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੁੜੀ ਨੇ ਖ਼ੁਲਾਸਾ ਕੀਤਾ ਕਿ ਗੁਰਦੁਆਰਾ ਸਾਹਿਬ ਦਾ ਇਕ ਸੇਵਾਦਾਰ ਉਸ 'ਤੇ ਆਪਣੇ ਮੁੰਡੇ ਨਾਲ ਵਿਆਹ ਕਰਨ ਦਾ ਦਬਾਅ ਬਣਾ ਰਿਹਾ ਸੀ, ਜਿਸ ਨਾਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਕੇ ਉਸ ਨੇ ਛੱਤ ਤੋਂ ਛਾਲ ਮਾਰ ਦਿੱਤੀ। ਹਾਲਾਂਕਿ, ਕੁੜੀ ਦੇ ਪਰਿਵਾਰ ਨੇ ਇਸ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਮੰਨਣ ਤੋਂ ਇਨਕਾਰ ਕਰਦਿਆਂ ਛੱਤ ਤੋਂ ਧੱਕਾ ਦੇਣ ਦੇ ਦੋਸ਼ ਲਗਾਏ ਹਨ। ਚੌਕੀ ਆਤਮਪਾਰਕ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਸਵੇਰੇ ਤਕਰੀਬਨ 5.36 ਵਜੇ ਉਕਤ ਕੁੜੀ ਗੁਰਦੁਆਰਾ ਸਾਹਿਬ ਦੀ ਪਹਿਲੀ ਮੰਜ਼ਿਲ ਤੋਂ ਹੇਠਾਂ ਡਿੱਗਦੀ ਨਜ਼ਰ ਆ ਰਹੀ ਹੈ। ਸਵੇਰੇ ਤਕਰੀਬਨ 6.11 ਵਜੇ ਕੁੜੀ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਪਰਿਵਾਰ ਵੱਲੋਂ 8 ਵਜੇ ਦੇ ਕਰੀਬ ਕੁੜੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਘਟਨਾ ਦੀ ਸੂਚਨਾ ਮਿਲਣ 'ਤੇ ਜਦੋਂ ਪੁਲਸ ਟੀਮ ਹਸਪਤਾਲ ਵਿਚ ਪੀੜਤਾ ਦੇ ਬਿਆਨ ਦਰਜ ਕਰਨ ਪਹੁੰਚੀ ਤਾਂ ਕੁੜੀ ਨੇ ਦੱਸਿਆ ਕਿ ਗੁਰਦੁਆਰੇ ਦਾ ਸੇਵਾਦਾਰ ਉਸ 'ਤੇ ਲਗਾਤਾਰ ਆਪਣੇ ਪੁੱਤਰ ਨਾਲ ਵਿਆਹ ਕਰਨ ਦਾ ਦਬਾਅ ਬਣਾ ਰਿਹਾ ਸੀ। ਇਸੇ ਗੱਲ ਨੂੰ ਲੈ ਕੇ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਹੀ ਸੀ, ਜਿਸ ਕਾਰਨ ਉਸ ਨੇ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਦੂਜੇ ਪਾਸੇ, ਜ਼ਖ਼ਮੀ ਕੁੜੀ ਦੇ ਪਰਿਵਾਰ ਨੇ ਇਸ ਪੂਰੇ ਘਟਨਾਕ੍ਰਮ 'ਤੇ ਸ਼ੱਕ ਜਤਾਉਂਦਿਆਂ ਦੋਸ਼ ਲਗਾਇਆ ਕਿ ਕੁੜੀ ਨੇ ਖ਼ੁਦ ਛਾਲ ਨਹੀਂ ਮਾਰੀ, ਸਗੋਂ ਉਸ ਨੂੰ ਪਹਿਲੀ ਮੰਜ਼ਿਲ ਤੋਂ ਹੇਠਾਂ ਧੱਕਾ ਦਿੱਤਾ ਗਿਆ ਹੈ।
ਇਸ ਸਬੰਧਈ ਚੌਕੀ ਆਤਮਪਾਰਕ ਦੇ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਹਸਪਤਾਲ ਵਿਚ ਜ਼ੇਰੇ ਇਲਾਜ ਕੁੜੀ ਦੇ ਬਿਆਨ ਦਰਜ ਕੀਤੇ ਗਏ ਹਨ। ਕੁੜੀ ਨੇ ਆਪਣੇ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਜਾਂ ਕੋਈ ਹੋਰ ਗਲਤ ਹਰਕਤ ਹੋਣ ਦਾ ਕੋਈ ਬਿਆਨ ਨਹੀਂ ਦਿੱਤਾ। ਉਸ ਨੇ ਸਿਰਫ਼ ਸੇਵਾਦਾਰ 'ਤੇ ਵਿਆਹ ਦਾ ਦਬਾਅ ਬਣਾਉਣ ਅਤੇ ਉਸ ਤੋਂ ਪਰੇਸ਼ਾਨ ਹੋਣ ਦੀ ਗੱਲ ਕਹੀ ਹੈ। ਪਰਿਵਾਰ ਵੱਲੋਂ ਲਾਏ ਜਾ ਰਹੇ ਦੋਸ਼ਾਂ ਤੇ ਸੀ. ਸੀ. ਟੀ. ਵੀ. ਫੁਟੇਜ ਦੇ ਅਧਾਰ 'ਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵਜ੍ਹਾ
NEXT STORY