ਚੰਡੀਗੜ੍ਹ (ਸ਼ਰਮਾ) : ਪੰਜਾਬ ਸਰਕਾਰ ਦੇ ਫੂਡ ਸਪਲਾਈ ਵਿਭਾਗ ’ਚ ਟ੍ਰਾਂਸਪੋਰਟੇਸ਼ਨ ਟੈਂਡਰ ਘਪਲੇ ਦੀ ਗਾਜ ਆਖ਼ਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ’ਤੇ ਡਿੱਗ ਪਈ ਹੈ। ਭਾਵੇਂ ਸਰਕਾਰ ਨੇ ਉਨ੍ਹਾਂ ਨੂੰ ਵਿਭਾਗ ਦੇ ਚਾਰਜ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਦੇ ਚਾਰਜ ਤੋਂ ਵੀ ਫਾਰਗ ਕਰ ਦਿੱਤਾ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਗੁਰਕੀਰਤ ਕ੍ਰਿਪਾਲ ਸਿੰਘ ਦੀਆਂ ਮੁਸ਼ਕਲਾਂ ਆਉਣ ਵਾਲੇ ਦਿਨਾਂ ’ਚ ਹੋਰ ਵੱਧਣ ਵਾਲੀਆਂ ਹਨ। ਕ੍ਰਿਪਾਲ ਨੂੰ ਅਜੇ ਤੱਕ ਕੋਈ ਨਵੀਂ ਪੋਸਟਿੰਗ ਨਹੀਂ ਦਿੱਤੀ ਗਈ ਹੈ। ਕ੍ਰਿਪਾਲ ਦੇ ਤਬਾਦਲੇ ਦੇ ਹੁਕਮ ਸੂਬੇ ’ਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਸ਼ੁਰੂ ਹੋਣ ਤੋਂ ਸਿਰਫ਼ ਚਾਰ ਦਿਨ ਪਹਿਲਾਂ ਆਏ ਹਨ। ਵਿਭਾਗ ’ਚੋਂ ਅਹਿਮ ਫ਼ਾਈਲਾਂ ਦਾ ਗਾਇਬ ਹੋਣਾ, ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨਵੀਂ ਮਿਕਸਿੰਗ ਐਂਡ ਕਾਰਟ੍ਰੀਜ਼ ਨੀਤੀ ’ਤੇ ਸਟੇਅ ਅਤੇ ਵਿਭਾਗੀ ਅਧਿਕਾਰੀਆਂ ਦੀ ਕਮਜ਼ੋਰ ਕਾਰਗੁਜ਼ਾਰੀ ਨੂੰ ਤਬਾਦਲੇ ਦਾ ਕਾਰਨ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : CM ਮਾਨ ਵੱਲੋਂ ਪੰਜਾਬ ਵਿਧਾਨ ਸਭਾ 'ਚ 'ਭਰੋਸਗੀ ਮਤਾ' ਪੇਸ਼, ਸ਼ਾਇਰਾਨਾ ਅੰਦਾਜ਼ 'ਚ ਰਗੜੇ ਵਿਰੋਧੀ
ਛੋਟੇ ਠੇਕੇਦਾਰਾਂ ਨੇ ਵਿਭਾਗ ਦੇ ਉੱਚ ਅਧਿਕਾਰੀਆਂ ’ਤੇ ਦੋਸ਼ ਲਾਇਆ ਸੀ ਕਿ ਨਵੀਂ ਨੀਤੀ ਬਣਾਉਣ ਵੇਲੇ ਉਨ੍ਹਾਂ ਦੀ ਰਾਏ ਨਹੀਂ ਲਈ ਗਈ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਝੱਲਣੀ ਪਈ। ਸੂਤਰਾਂ ਅਨੁਸਾਰ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਿਭਾਗ ਦੇ ਬਰਖ਼ਾਸਤ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨਾਲ ਸਬੰਧਿਤ ਕੁੱਝ ਫ਼ਾਈਲਾਂ ਗਾਇਬ ਹੋ ਗਈਆਂ। ਵਿਜੀਲੈਂਸ ਹੁਣ ਤੱਕ ਸਾਬਕਾ ਮੰਤਰੀ ਦੇ ਕਰੀਬੀ ਰਿਸ਼ਤੇਦਾਰਾਂ ਅਤੇ ਕਈ ਅਧਿਕਾਰੀਆਂ ਦੇ ਨਾਂ ਲੈ ਕੇ ਪੁੱਛਗਿੱਛ ਕਰ ਰਹੀ ਹੈ। ਹਾਲਾਂਕਿ ਗੁਰਕੀਰਤ ਕ੍ਰਿਪਾਲ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ ਕਿ ਇਹ ਫ਼ਾਈਲਾਂ ਕਿਸ ਦੇ ਇਸ਼ਾਰੇ ’ਤੇ ਗੁੰਮ ਹੋਈਆਂ ਹਨ। ਉਨ੍ਹਾਂ ਦੀ ਥਾਂ 'ਤੇ ਇਕ ਹੋਰ ਪ੍ਰਸ਼ਾਸਨਿਕ ਅਧਿਕਾਰੀ ਰਾਹੁਲ ਭੰਡਾਰੀ ਨੂੰ ਇਨ੍ਹਾਂ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 3 ਅਕਤੂਬਰ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ, ਅੱਜ ਦੀ ਕਾਰਵਾਈ ਸ਼ੁਰੂ
ਰਾਹੁਲ ਭੰਡਾਰੀ ਨੇ ਸੰਭਾਲਿਆ ਚਾਰਜ
ਚੰਡੀਗੜ੍ਹ/ਜਲੰਧਰ (ਸ਼ਰਮਾ, ਧਵਨ) : 1997 ਬੈਚ ਦੇ ਆਈ. ਏ. ਐੱਸ. ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ, ਨੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਅਤੇ ਪ੍ਰਮੁੱਖ ਸਕੱਤਰ, ਖ਼ੁਰਾਕ ਸਪਲਾਈ ਅਤੇ ਖ਼ਪਤਕਾਰ ਮਾਮਲੇ ਦਾ ਵਾਧੂ ਚਾਰਜ ਵੀ ਸੰਭਾਲ ਲਿਆ ਹੈ। ਰਾਹੁਲ ਭੰਡਾਰੀ ਨੇ ਦੋਵਾਂ ਵਿਭਾਗਾਂ ਦਾ ਚਾਰਜ ਸੰਭਾਲਣ ਤੋਂ ਬਾਅਦ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੋਨਾਲੀ ਗਿਰੀ ਅਤੇ ਖ਼ੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਵੱਖ-ਵੱਖ ਮੀਟਿੰਗਾਂ ਕਰ ਕੇ ਵਿਭਾਗ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ। ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਉਹ ਵਿਭਾਗਾਂ ਦੇ ਕੰਮਕਾਜ ’ਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਮੁੱਖ ਤਰਜ਼ੀਹ ਦੇਣਗੇ। ਇਸ ਤੋਂ ਪਹਿਲਾਂ ਰਾਹੁਲ ਭੰਡਾਰੀ ਬਠਿੰਡਾ ’ਚ ਡਿਪਟੀ ਕਮਿਸ਼ਨਰ ਵੀ ਰਹਿ ਚੁੱਕੇ ਹਨ। ਰਾਹੁਲ ਭੰਡਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪ੍ਰਮੁੱਖ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅੱਜ ਤੋਂ 'ਚੰਡੀਗੜ੍ਹ ਏਅਰਪੋਰਟ' ਨੂੰ ਮਿਲੇਗਾ ਨਵਾਂ ਨਾਂ, ਹੁਣ ਕਹਾਵੇਗਾ 'ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ'
NEXT STORY