ਫਤਿਹਗੜ੍ਹ ਸਾਹਿਬ(ਬਖਸ਼ੀ, ਜਗਦੇਵ)-ਡੇਰਾ ਸਿਰਸਾ ਮੁਖੀ ਨੂੰ ਜਬਰ-ਜ਼ਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸਜ਼ਾ ਸੁਣਾਉਣ ਵਾਲੇ ਦਿਨ ਜ਼ਿਲਾ ਫਤਿਹਗੜ੍ਹ ਸਾਹਿਬ ਵਿਖੇ ਪੁਲਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਅੱਜ ਦੁਪਹਿਰ ਸਮੇਂ ਪੁਲਸ ਵਲੋਂ ਦੁਕਾਨਾਂ ਬੰਦ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਤੇ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਜ਼ਿਲੇ ਦੇ ਬਾਜ਼ਾਰਾਂ 'ਚ ਪੁਲਸ ਤਾਇਨਾਤ ਰਹੀ ਤਾਂ ਕਿ ਕੋਈ ਸ਼ਰਾਰਤੀ ਅਨਸਰ ਮਾਹੌਲ ਨੂੰ ਖਰਾਬ ਨਾ ਕਰ ਸਕੇ। ਜ਼ਿਆਦਾਤਰ ਬੱਸਾਂ ਬੰਦ ਰਹਿਣ ਕਾਰਨ ਵੀ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਪੁਲਸ ਵਲੋਂ ਰੇਲਵੇ ਸਟੇਸ਼ਨਾਂ ਤੇ ਬੱਸ ਸਟੈਂਡਾਂ 'ਤੇ ਆਉਂਦੇ ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਵੀ ਲਈ ਗਈ। ਜ਼ਿਲੇ ਵਿਚ ਬਾਜ਼ਾਰ ਤੇ ਧਾਰਮਿਕ ਸਥਾਨ ਸੁੰਨਸਾਨ ਹੀ ਰਹੇ।
ਚਾਰ ਦਿਨ ਤੋਂ ਨੈੱਟ ਬੰਦ, ਮਾਪਿਆਂ ਨੇ ਲਿਆ ਸੁੱਖ ਦਾ ਸਾਹ
ਡੇਰਾ ਸਿਰਸਾ ਮੁਖੀ ਨੂੰ ਜਬਰ-ਜ਼ਨਾਹ ਦੇ ਮਾਮਲੇ 'ਚ 25 ਅਗਸਤ ਨੂੰ ਅਦਾਲਤ 'ਚ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ ਰਾਤ ਤੋਂ ਬੰਦ ਪਏ ਮੋਬਾਇਲ ਨੈੱਟ ਕਾਰਨ ਜਿੱਥੇ ਬੱਚੇ ਸੋਸ਼ਲ ਮੀਡੀਆ ਦਾ ਇਸਤੇਮਾਲ ਨਾ ਕਰ ਸਕੇ, ਉਥੇ ਹੀ ਮਾਪਿਆਂ ਨੇ ਸੁੱਖ ਦਾ ਸਾਹ ਲਿਆ ਕਿਉਂਕਿ ਜ਼ਿਆਦਾਤਰ ਬੱਚੇ ਸਾਰਾ ਦਿਨ ਪੜ੍ਹਾਈ ਘੱਟ ਅਤੇ ਮੋਬਾਇਲਾਂ 'ਤੇ ਸੋਸ਼ਲ ਮੀਡੀਆ ਦਾ ਇਸਤੇਮਾਲ ਜ਼ਿਆਦਾ ਕਰ ਰਹੇ ਹਨ ਅਤੇ ਕੁਝ ਦਿਨਾਂ ਤੋਂ ਨੈੱਟ ਬੰਦ ਹੋਣ ਕਾਰਨ ਬੱਚੇ ਮਾਯੂਸ ਵੀ ਦੇਖੇ ਗਏ। ਡੇਰਾ ਮੁਖੀ ਸਬੰਧੀ ਫੈਸਲਾ ਆਉਣ ਤੋਂ ਬਾਅਦ ਪੁਲਸ ਵਲੋਂ ਚੌਕਸੀ ਵਧਾ ਦਿੱਤੀ ਗਈ ਅਤੇ ਦੁਕਾਨਾਂ ਬੰਦ ਕਰਵਾ ਕੇ ਧਾਰਾ 144 ਲਾਗੂ ਕਰਵਾ ਦਿੱਤੀ ਗਈ। ਐੱਸ. ਐੱਸ. ਪੀ. ਅਲਕਾ ਮੀਨਾ ਵਲੋਂ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਰੇਲਵੇ ਸਟੇਸ਼ਨਾਂ ਤੇ ਸ਼ਹਿਰ 'ਚ ਲੱਗੇ ਨਾਕਿਆਂ ਦੀ ਜਾਂਚ ਕੀਤੀ ਗਈ ਤੇ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਤਪਰ ਹੈ ਤੇ ਪੁਲਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲੇ 'ਚ ਹਰ ਸਬ-ਡਵੀਜਨ 'ਤੇ ਨਾਕੇ ਲਾਏ ਗਏ ਹਨ, ਵੱਖ-ਵੱਖ ਇਲਾਕਿਆਂ 'ਚ ਕਰੀਬ 35 ਨਾਕੇ ਲਾਏ ਗਏ ਹਨ। ਜ਼ਿਲੇ 'ਚ ਧਾਰਾ 144 ਲਾਗੂ ਹੈ ਤੇ ਚਾਰ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਹੈ। ਇਸ ਤੋਂ ਇਲਾਵਾ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਇਸ ਦੌਰਾਨ ਡੀ. ਐੱਸ. ਪੀ. ਵਰਿੰਦਰਜੀਤ ਸਿੰਘ ਨੇ ਵੱਖ-ਵੱਖ ਬਾਜ਼ਾਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਬ-ਡਵੀਜ਼ਨ ਅਧੀਨ ਆਉਂਦੇ ਨਾਕਿਆਂ 'ਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤੇ ਤਿੰਨ ਪੈਟਰੋਲਿੰਗ ਪਾਰਟੀਆਂ ਹਨ, ਜਿਨ੍ਹਾਂ 'ਚ ਐੱਸ. ਐੱਚ. ਓ. ਸਮੇਤ ਅੱਠ ਮੁਲਾਜ਼ਮ ਹਥਿਆਰਾਂ ਨਾਲ ਲੈਸ ਹੁੰਦੇ ਹਨ।
ਇਸ ਮੌਕੇ ਐੱਸ. ਐੱਚ. ਓ. ਪ੍ਰਦੀਪ ਸਿੰਘ ਬਾਜਵਾ, ਐੱਸ. ਐੱਚ. ਓ. ਜੀ. ਆਰ. ਪੀ. ਗੁਰਮੇਲ ਸਿੰਘ, ਸਬ-ਇੰਸਪੈਕਟਰ ਆਰ. ਪੀ. ਐੱਫ. ਸ਼ੇਰ ਸਿੰਘ, ਏ. ਐੱਸ. ਆਈ. ਸੰਜੀਵ ਕੁਮਾਰ, ਏ. ਐੱਸ. ਆਈ. ਅਜੀਤ ਸਿੰਘ, ਏ. ਐੱਸ. ਆਈ. ਭਿੰਦਰ ਸਿੰਘ, ਏ. ਐੱਸ. ਆਈ. ਗੁਰਦੀਪ ਸਿੰਘ, ਏ. ਐੱਸ. ਆਈ. ਅਮਰਜੀਤ ਸਿੰਘ, ਹੌਲਦਾਰ ਦਲਜੀਤ ਸਿੰਘ, ਹੌਲਦਾਰ ਕਿਰਨਜੀਤ ਸਿੰਘ ਤੇ ਹੌਲਦਾਰ ਪਰਮਜੀਤ ਸਿੰਘ ਆਦਿ ਮੌਜੂਦ ਸਨ। ਇਸ ਦੌਰਾਨ ਐੱਸ. ਐੱਚ. ਓ. ਫ਼ਤਹਿਗੜ੍ਹ ਸਾਹਿਬ ਕੰਵਲਜੀਤ ਸਿੰਘ ਨੇ ਕਿਹਾ ਕਿ ਐੱਸ. ਐੱਸ. ਪੀ. ਅਲਕਾ ਮੀਨਾ ਦੀਆਂ ਹਦਾਇਤਾਂ 'ਤੇ ਥਾਂ-ਥਾਂ ਨਾਕਾਬੰਦੀ ਕਰ ਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਇਲਾਕੇ 'ਚ ਸ਼ਾਂਤੀ ਦਾ ਮਾਹੌਲ ਹੈ।
ਵਿਧਾਇਕ ਜੀ. ਪੀ. ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਸੋਮਵਾਰ ਨੂੰ ਬੱਸੀ ਪਠਾਣਾਂ ਦੇ ਦੌਰੇ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੇ ਡੇਰਾ ਸਿਰਸਾ ਮੁਖੀ ਨਾਲ ਸਬੰਧਤ ਆਏ ਫੈਸਲੇ ਦੇ ਮੱਦੇਨਜ਼ਰ ਪੁਲਸ ਵਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਡੀ. ਐੱਸ. ਪੀ. ਮੈਡਮ ਨਵਨੀਤ ਕੌਰ ਗਿੱਲ, ਐੱਸ. ਐੱਚ. ਓ. ਗੁਰਵੰਤ ਸਿੰਘ, ਚੌਕੀ ਇੰਚਾਰਜ ਰਾਜਵੰਤ ਸਿੰਘ ਤੇ ਹਰਮਿਦਰ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਮਨ-ਸ਼ਾਂਤੀ ਕਾਇਮ ਰੱਖਣ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਝੂਠੀ ਅਫਵਾਹ 'ਤੇ ਵਿਸ਼ਵਾਸ ਨਾ ਕਰਨ ਤੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਰੋਕੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਰਕਾਰੀ ਜਾਂ ਨਿੱਜੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਡੀ. ਐੱਸ. ਪੀ. ਨਵਨੀਤ ਕੌਰ ਗਿੱਲ ਨੇ ਦੱਸਿਆ ਕਿ ਡੇਰਾ ਸਿਰਸਾ ਦੇ ਮੁਖੀ ਖਿਲਾਫ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ 'ਚ ਚੱਲ ਰਹੇ ਕੇਸ ਨਾਲ ਸਬੰਧਤ ਅਦਾਲਤ ਵਲੋਂ ਸੁਣਾਏ ਗਏ ਫੈਸਲੇ ਨੂੰ ਲੈ ਕੇ ਪੰਜਾਬ ਪੁਲਸ ਮੁਸਤੈਦ ਹੋ ਗਈ ਹੈ ਅਤੇ ਸ਼ਹਿਰ 'ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਹੋ ਸਕੇ, ਲਈ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ 'ਚ ਗਸ਼ਤ ਵਧਾਈ ਗਈ ਹੈ, ਇਸ ਤੋਂ ਇਲਾਵਾ ਮੁੱਖ ਮਾਰਗ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਪੈਰਾ-ਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਯੌਨ ਸ਼ੋਸ਼ਣ 'ਚ ਸਜ਼ਾ ਹੋਣ 'ਤੇ ਪੁਲਸ ਪ੍ਰਸ਼ਾਸਨ ਵੱਲੋਂ ਤਕਰੀਬਨ 2.30 ਵਜੇ ਦੇ ਕਰੀਬ ਸ਼ਹਿਰ ਅਮਲੋਹ ਦੇ ਮੇਨ ਬਾਜ਼ਾਰ ਦੀਆਂ ਦੁਕਾਨਾਂ ਮੁਕੰਮਲ ਬੰਦ ਕਰਵਾਈਆਂ ਗਈਆਂ ਅਤੇ ਪੁਲਸ ਪ੍ਰਸ਼ਾਸਨ ਤੇ ਪੈਰਾ-ਮਿਲਟਰੀ ਫੋਰਸ ਵੱਲੋਂ ਪੂਰੀ ਚੌਕਸੀ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਫਲੈਗ ਮਾਰਚ ਕੀਤਾ ਗਿਆ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਸ਼ਹਿਰ ਦੇ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਅੱਜ ਦੁਪਹਿਰ ਤੋਂ ਬਾਅਦ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਤਾਂ ਕਿ ਕੋਈ ਵੀ ਗਲਤ ਅਨਸਰ ਕਿਸੇ ਘਟਨਾ ਨੂੰ ਅੰਜਾਮ ਨਾ ਦੇ ਸਕੇ।
ਇਸ ਮੌਕੇ ਥਾਣਾ ਮੁਖੀ ਕੁਲਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਪੁਲਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਤੇ ਪੁਲਸ ਉਨ੍ਹਾਂ ਦੀ ਸੁਰੱÎਖਿਆ ਲਈ ਹਾਜ਼ਰ ਹੈ ਪਰ ਫਿਰ ਵੀ ਜੇਕਰ ਕਿਸੇ ਵਿਅਕਤੀ ਨੂੰ ਕੋਈ ਗਲਤ ਅਨਸਰ ਦਿਖਾਈ ਦਿੰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ ਤਾਂ ਕਿ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਸ਼ਾਂਤਮਈ ਮਾਹੌਲ ਬਣਾਈ ਰੱਖਣ। ਉਨ੍ਹਾਂ ਦੱਸਿਆ ਕਿ ਅੱਜ ਸ਼ਹਿਰ ਅਮਲੋਹ 'ਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਨਾਕੇ ਲਾਏ ਗਏ ਹਨ ਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਬਿਆਸ ਦਰਿਆ ਦਾ ਪਾਣੀ ਬੁਝਾਏਗਾ ਪਿਆਸ
NEXT STORY