ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਬਰਾੜ ਫੱਤਣਵਾਲਾ ਨੇ ਬਠਿੰਡਾ ਦੇ ਨਿੱਜੀ ਹਸਪਤਾਲ ’ਚ ਅੱਜ ਅੰਤਿਮ ਸਾਹ ਲਏ। ਉਹ 77 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪਿੰਡ ਫੱਤਣਵਾਲਾ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਭਾਣਜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਪੁੱਤਰ ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ ਅਤੇ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਸਾਬਕਾ ਚੇਅਰਮੈਨ ਨੇ ਭੇਟ ਕੀਤੀ।
ਗੁਰਰਾਜ ਸਿੰਘ ਬਰਾੜ ਦੇ ਪਿਤਾ ਹਰਚੰਦ ਸਿੰਘ ਫੱਤਣਵਾਲਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਰਹਿ ਚੁੱਕੇ ਹਨ। ਗੁਰਰਾਜ ਸਿੰਘ ਬਰਾੜ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ। ਉਹ ਇਕ ਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਦੀ ਚੋਣ ਵੀ ਲੜੇ। ਜਦ ਮਨਪ੍ਰੀਤ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਪੀ.ਪੀ.ਪੀ. ਦਾ ਗਠਨ ਕੀਤਾ ਤਾਂ ਫੱਤਣਵਾਲਾ ਪਰਿਵਾਰ ਨੇ ਵੀ ਪੀ.ਪੀ.ਪੀ. ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਮੋਹਰੀ ਭੂਮਿਕਾ ਨਿਭਾਈ। ਇਸ ਉਪਰੰਤ ਮਨਪ੍ਰੀਤ ਬਾਦਲ ਦੇ ਕਾਂਗਰਸ ’ਚ ਜਾਣ ਤੇ ਫੱਤਣਵਾਲਾ ਪਰਿਵਾਰ ਵੀ ਕਾਂਗਰਸ ਚ ਸ਼ਾਮਲ ਹੋ ਗਿਆ।
ਗੁਰਰਾਜ ਸਿੰਘ ਬਰਾੜ ਦੇ ਵੱਡੇ ਪੁੱਤਰ ਮਨਜੀਤ ਸਿੰਘ ਫੱਤਣਵਾਲਾ ਸ਼ੂਗਰ ਮਿਲ ਫਰੀਦਕੋਟ ਦੇ ਚੇਅਰਮੈਨ ਰਹੇ ਜਦਕਿ ਛੋਟੇ ਪੁੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਰਹੇ ਅਤੇ ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਹਨ। ਉਨ੍ਹਾਂ ਦੇ ਬੇਟੇ ਹਨੀ ਫੱਤਣਵਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ 5 ਮਈ ਨੂੰ ਕੋਰੋਨਾ ਪਾਜ਼ੇਟਿਵ ਰਿਪੋਰਟ ਆਈ ਸੀ ਅਤੇ 7 ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਸੀ। 13 ਮਈ ਨੂੰ ਗੁਰਰਾਜ ਸਿੰਘ ਬਰਾੜ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਸੀ। ਪਰ ਅੱਜ ਉਨ੍ਹਾਂ ਦਾ ਹਸਪਤਾਲ ’ਚ ਚਲ ਰਹੇ ਇਲਾਜ ਦੌਰਾਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਤੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੇ ਸਪੁੱਤਰ ਹਨੀ ਫੱਤਣਵਾਲਾ ਨਾਲ ਫੋਨ ਤੇ ਦੁੱਖ ਪ੍ਰਗਟ ਕੀਤਾ। ਅੰਤਿਮ ਸੰਸਕਾਰ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ, ਨਗਰ ਕੌਂਸਲ ਪ੍ਰਧਾਨ ਕ੍ਰਿਸ਼ਨ ਕੁਮਾਰ ਸੰਮੀ ਤੇਰ੍ਹੀਆ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ ਤੋਂ ਇਲਾਵਾ ਵੱਡੀ ਗਿਣਤੀ ਚ ਕੌਂਸਲਰ ਤੇ ਧਾਰਮਿਕ, ਰਾਜਸੀ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਬੋਰਡ ਦੇ ਨਤੀਜਿਆਂ ’ਚ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਪ੍ਰਾਈਵੇਟ ਸਕੂਲਾਂ ਤੋਂ ਬੇਹਤਰ
NEXT STORY