ਅੰਮ੍ਰਿਤਸਰ (ਗੁਰਪ੍ਰੀਤ ਸਿੰਘ, ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਈ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ, ਭਾਈ ਕੁਲਦੀਪ ਸਿੰਘ ਅਤੇ ਭਾਈ ਗੁਰਦੇਵ ਸਿੰਘ ਕੁਹਾੜਕਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਅਰਦਾਸ ਭਾਈ ਸੁਲਤਾਨ ਸਿੰਘ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਨਗਰ ਕੀਰਤਨ ਨਾਲ ਸੰਗਤ ਵਿਚ ਉਤਸ਼ਾਹ ਪੈਦਾ ਹੋਵੇਗਾ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਨਗਰ ਕੀਰਤਨ ਸਜਾਉਣੇ ਸਿੱਖ ਰਵਾਇਤ ਦਾ ਹਿੱਸਾ ਹੈ। ਸ਼ਤਾਬਦੀਆਂ ਸਮੇਂ ਨਗਰ ਕੀਰਤਨ ਸਜਾਉਣ ਦਾ ਮੰਤਵ ਇਤਿਹਾਸਕ ਦਿਹਾੜੇ ਸਬੰਧੀ ਸੰਗਤ ਵਿਚ ਪ੍ਰੇਰਣਾ ਪੈਦਾ ਕਰਨ ਦੇ ਨਾਲ-ਨਾਲ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਕਰਨਾ ਹੈ। ਉਨ੍ਹਾਂ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਫਲਸਫੇ ਨਾਲ ਜੁੜਨ ਦੀ ਅਪੀਲ ਵੀ ਕੀਤੀ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਸਾਡੇ ਸਮਿਆਂ ਵਿਚ ਆਉਣੀ ਸਾਡੀ ਖੁਸ਼ਕਿਸਮਤੀ ਹੈ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਜਿਸ ਇਲਾਕੇ ਵਿਚ ਜਾਵੇ, ਉਥੋਂ ਦੀਆਂ ਸੰਗਤਾਂ ਭਰਵਾਂ ਸਵਾਗਤ ਕਰਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 1 ਮਈ 2021 ਨੂੰ ਮੁੱਖ ਸਮਾਗਮ ਤੱਕ ਰੋਜ਼ਾਨਾ ਸਵੇਰੇ 10:00 ਤੋਂ 12:00 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਜਾਇਆ ਜਾਵੇਗਾ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਕਥਾਵਾਚਕ ਇਥੇ ਸਮੇਂ-ਸਮੇਂ ਹਾਜ਼ਰੀਆਂ ਭਰਦੇ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਿੱਖ ਕੌਮ ਨੂੰ ਇਸ ਗੱਲ ਦਾ ਮਾਣ ਹੈ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਈਆਂ ਮਾਨਵ ਸੁਧਾਰ ਦੀਆਂ ਬਿਹਤਰ ਸਿੱਖਿਆਵਾਂ ਸਿੱਖਾਂ ਕੋਲ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਨਾਲ ਜੁੜਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਹਰਭਜਨ ਸਿੰਘ ਮਸਾਣਾਂ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਦੇਵ ਸਿੰਘ ਕਾਇਮਪੁਰ, ਸ. ਹਰਪਾਲ ਸਿੰਘ ਜੱਲ੍ਹਾ ਸਣੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਹੋਈਆਂ।
ਗਤਕਾ ਤੇ ਬੈਂਡ ਪਾਰਟੀਆਂ ਨੇ ਕੀਤੀ ਸ਼ਮੂਲੀਅਤ, ਸੰਗਤ ਨੇ ਕੀਤੀ ਫੁੱਲਾਂ ਦੀ ਵਰਖਾ
ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਵੱਖ-ਵੱਖ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਈ। ਵੱਡੀ ਗਿਣਤੀ ਵਿਚ ਬੈਂਡ ਪਾਰਟੀਆਂ ਨੇ ਵੀ ਸ਼ਮੂਲੀਅਤ ਕਰਕੇ ਮਧੁਰ ਧੁੰਨਾ ਰਾਹੀਂ ਮਾਹੌਲ ਨੂੰ ਖ਼ੂਬਸੂਰਤ ਬਣਾਇਆ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਉਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਤਾਂ ਸੰਗਤ ਨੇ ਜੈਕਾਰਿਆਂ ਅਤੇ ਸਤਿਨਾਮ ਵਾਹਿਗੁਰੂ ਦੇ ਸਿਮਰਨ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਪੰਜਾਬ ਪੁਲਸ ਦੀ ਟੀਮ ਵੱਲੋਂ ਵੀ ਨਗਰ ਕੀਰਤਨ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੇ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਪੁੱਜਣ ’ਤੇ ਵੀ ਭਰਵਾਂ ਸਵਾਗਤ ਹੋਇਆ।
ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਭੇਟ ਕਰਕੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ। ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ। ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਗੁਰੂ ਕਾ ਬਾਗ ਘੁੱਕੇਵਾਲੀ, ਲਈ ਰਵਾਨਾ ਹੋਇਆ, ਜਿਥੋਂ ਭਲਕੇ 21 ਮਾਰਚ ਨੂੰ ਅਗਲੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਬਾਬਾ ਬਕਾਲਾ ਸਾਹਿਬ ਲਈ ਚਾਲੇ ਪਾਵੇਗਾ।
ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਪੁਲਸ ਨੇ ਮਾਮਲਾ ਦਬਾਇਆ ਤਾਂ ਭਰਾ ਨੇ ਕੀਤਾ ਇਹ ਹਾਲ
NEXT STORY