ਬਠਿੰਡਾ (ਸੁਖਵਿੰਦਰ)-ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਖਿਲਾਫ ਪਿਛਲੇ 39 ਦਿਨਾਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਵੀਰਵਾਰ ਨੂੰ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕੀਤਾ। ਮੁਲਾਜ਼ਮਾਂ ਨੇ ਮਹਾਨਗਰ ਦੇ ਆਦਰਸ਼ ਨਗਰ ਦੀਆਂ ਗਲੀਆਂ ਵਿਚ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਅਤੇ ਥਰਮਲ ਪ੍ਰਬੰਧਨ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਨਵੀਨਰ ਰਾਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਰੋਸ ਮਾਰਚ ਦੌਰਾਨ ਗਲੀਆਂ ਨੂੰ ਮੰਚ ਬਣਾ ਕੇ ਲੋਕਾਂ ਨੂੰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤਆਂ ਦੇ ਬਾਰੇ ਵਿਚ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਛੋਟੇ-ਛੋਟੇ ਬੱਚਿਆਂ ਨੇ ਹੱਥਾਂ ਵਿਚ ਕਾਲੀਆਂ ਝੰਡੀਆਂ ਚੁੱਕ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਦੀ ਸੀ ਪਰ ਸੱਤਾ ਵਿਚ ਆਉਂਦੇ ਹੀ ਉਸ ਨੇ ਉਲਟਾ ਮੁਲਾਜ਼ਮਾਂ ਨੂੰ ਬੇਰੁਜ਼ਗਾਰ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਵੀ ਸਰਕਾਰ ਅਤੇ ਪ੍ਰਬੰਧਨ ਵੱਲੋਂ ਇਸ ਮਸਲੇ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਾਰ ਦੇ ਮਾਰਚ ਹਰ ਰੋਜ਼ ਸ਼ਹਿਰ ਦੀਆਂ ਗਲੀ-ਮੁਹੱਲਿਆਂ ਵਿਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਦੱਸ ਕੇ ਜਾਗਰੂਕ ਕੀਤਾ ਜਾਵੇਗਾ।
ਕਮੇਟੀ ਮੈਂਬਰ ਅਸ਼ਵਨੀ ਕੁਮਾਰ, ਵਿਜੇ ਕੁਮਾਰ, ਗੁਰਵਿੰਦਰ ਸਿੰਘ ਪੁਨੂੰ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਵਿਚ ਸਰਕਾਰ ਦੇ ਪ੍ਰਤੀ ਰੋਸ ਲਗਾਤਾਰ ਵਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਟੀ. ਐੱਸ. ਯੂ. ਭੰਗਲ ਦੇ ਜਗਜੀਤ ਸਿੰਘ ਅਤੇ ਹੋਰ ਸਹਿਯੋਗੀ ਸੰਗਠਨਾਂ ਦੇ ਨੇਤਾ ਹਾਜ਼ਰ ਸਨ।
ਪੰਜਾਬ ਦੇ 2 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ ਨਹੀਂ ਮਿਲੀ ਤਨਖਾਹ
NEXT STORY