ਅੰਮ੍ਰਿਤਸਰ (ਛੀਨਾ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ 'ਚ ਦਮਦਮੀ ਟਕਸਾਲ ਵੱਲੋਂ ਉਸਾਰੇ ਗਏ ਗੁਰਦੁਆਰਾ ਥੜ੍ਹਾ ਸਾਹਿਬ (ਪਾ: ਨੌਵੀਂ) ਦੀ ਕਾਰਸੇਵਾ ਸੰਪੂਰਨ ਹੋਣ 'ਤੇ ਅੱਜ ਸੰਗਤ ਦੇ ਦਰਸ਼ਨ-ਦੀਦਾਰੇ ਲਈ ਕੌਮ ਨੂੰ ਅਰਪਿਤ ਕੀਤਾ ਗਿਆ। ਇਸ ਸਬੰਧੀ ਗੁ. ਥੜ੍ਹਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸ਼ੁਕਰਾਨਾ ਸਮਾਗਮ ਕੀਤਾ ਗਿਆ, ਜਿਥੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਦੀ ਮੌਜੂਦਗੀ 'ਚ ਗੁ. ਥੜ੍ਹਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਇਸ ਮੌਕੇ ਭਾਰੀ ਗਿਣਤੀ 'ਚ ਇਕੱਤਰ ਸੰਗਤ ਨੂੰ ਸੰਬੋਧਨ ਕਰਦਿਆਂ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ ਦਮਦਮੀ ਟਕਸਾਲ ਵੱਲੋਂ ਗੁਰਧਾਮਾਂ ਦੀ ਸੇਵਾ-ਸੰਭਾਲ ਪ੍ਰਤੀ ਦਿਲਚਸਪੀ ਅਤੇ ਪੂਰੀ ਲਗਨ ਨਾਲ ਨਿਭਾਈ ਜਾ ਰਹੀ ਭੂਮਿਕਾ ਤੇ ਪੰਥ ਦੀ ਚੜ੍ਹਦੀ ਕਲਾ ਪ੍ਰਤੀ ਵਡਮੁੱਲੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਗਲਤ ਪ੍ਰਚਾਰ ਰਾਹੀਂ ਸਿੱਖ ਕੌਮ ਵਿਚ ਦੁਬਿਧਾ ਪਾਉਣ ਦੀ ਕੋਸ਼ਿਸ਼ 'ਚ ਲੱਗੇ ਲੋਕਾਂ ਨੂੰ ਮੂੰਹ-ਤੋੜ ਜਵਾਬ ਦੇਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਰਲ ਕੇ ਇਕਜੁਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁ. ਥੜ੍ਹਾ ਸਾਹਿਬ ਦੀ ਕਾਰਸੇਵਾ ਨਿਸ਼ਚਿਤ ਸਮੇਂ 'ਚ ਮੁਕੰਮਲ ਕਰਨ ਅਤੇ ਇਕ ਆਲੀਸ਼ਾਨ ਸੁੰਦਰ ਗੁਰਦੁਆਰਾ ਸਾਹਿਬ ਦੀ ਸਥਾਪਨਾ ਲਈ ਦਮਦਮੀ ਟਕਸਾਲ ਦੇ ਮੁਖੀ ਅਤੇ ਸਮੁੱਚੀ ਪੰਥ ਨੂੰ ਵਧਾਈ ਦਿੱਤੀ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਸਤਿਗੁਰਾਂ ਦੀ ਬਖਸ਼ਿਸ਼ ਸਦਕਾ ਸੰਪੂਰਨ ਹੋਈ ਹੈ। ਉਨ੍ਹਾਂ ਦਾ ਰੋਮ-ਰੋਮ ਸ਼੍ਰੋਮਣੀ ਕਮੇਟੀ, ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਸੇਵਾ 'ਚ ਯੋਗਦਾਨ ਪਾਉਣ ਵਾਲੀਆਂ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦਾ ਧੰਨਵਾਦੀ ਹੈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇ ਗੁ. ਥੜ੍ਹਾ ਸਾਹਿਬ ਦੇ ਇਤਿਹਾਸ 'ਤੇ ਰੌਸ਼ਨੀ ਪਾਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ, ਸਿੰਘ ਸਾਹਿਬ ਗਿਆਨੀ ਮਲਕੀਅਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਦੇ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਰਣਜੀਤ ਸਿੰਘ ਦਿੱਲੀ, ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਪਰਮਜੀਤ ਸਿੰਘ ਰਾਣਾ, ਚੇਅਰਮੈਨ, ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ, ਸਤਨਾਮ ਸਿੰਘ ਕੰਡਾ, ਸਰਬਜੀਤ ਸਿੰਘ ਜੰਮੂ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਜਿੰਦਰ ਸਿੰਘ ਮਹਿਤਾ, ਬਾਬਾ ਸੱਜਣ ਸਿੰਘ ਬੱਜੂਮਾਨ, ਭਾਈ ਮਨਜੀਤ ਸਿੰਘ, ਮਲਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਬਲਦੇਵ ਸਿੰਘ ਸ਼ਹੂਰਾ, ਕੁਲਦੀਪ ਸਿੰਘ ਤੇੜਾ, ਅਵਤਾਰ ਸਿੰਘ ਸੈਂਪਲਾ ਸਕੱਤਰ ਸ਼੍ਰੋਮਣੀ ਕਮੇਟੀ, ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ, ਬਾਬਾ ਪ੍ਰਦੀਪ ਸਿੰਘ ਬੋਰੇਵਾਲਾ, ਬਾਬਾ ਬੰਤਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਅਮਰੀਕ ਸਿੰਘ ਪਟਿਆਲਾ ਤੋਂ ਇਲਾਵਾ ਭਾਰੀ ਗਿਣਤੀ 'ਚ ਸਿੱਖ ਸੰਗਤਾਂ ਹਾਜ਼ਰ ਸਨ।
ਪ੍ਰਵੇਜ਼ ਵਲੋਂ ਭੇਟ ਕੀਤੇ ਘੋੜੇ 'ਸੁਲਤਾਨ' ਨੂੰ 14 ਸਾਲ ਬਾਅਦ ਮਿਲੇ ਕੈਪਟਨ ਅਮਰਿੰਦਰ
NEXT STORY