ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਅੱਜ ਵਿਧਾਨਸਭਾ ਹਲਕਾ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਅੰਦਰ 2.91 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀਆਂ ਜਾਣ ਵਾਲੀਆਂ 13.24 ਕਿਲੋਮੀਟਰ ਲੰਮੀਆਂ ਪੰਜ ਹੋਰ ਲਿੰਕ ਸੜਕਾਂ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ।
ਦੀਨਾਨਗਰ ਦੇ ਪਿੰਡਾਂ ਠੁੰਡੀ, ਬਾਊਪੁਰ ਅਫਗਾਨਾਂ ਅਤੇ ਚੌਂਤਰਾ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖਣ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੜਕਾਂ ਉੱਚ ਕੁਆਲਿਟੀ ਦੀਆਂ ਅਤੇ ਬਹੁਤ ਹੀ ਥੋੜੇ ਸਮੇਂ ਵਿੱਚ ਬਣ ਕੇ ਤਿਆਰ ਹੋ ਜਾਣਗੀਆਂ ਅਤੇ ਸਾਡੀ ਕੋਸ਼ਿਸ਼ ਹੈ ਕਿ ਹਲਕੇ ਦੀਆਂ ਸਾਰੀਆਂ ਹੀ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇ। ਉਹਨਾਂ ਕਿਹਾ ਕਿ ਅੱਜ ਦਾ ਜਮਾਨਾ ਆਵਾਜਾਈ ਦਾ ਯੁੱਗ ਹੈ ਅਤੇ ਹਰੇਕ ਆਦਮੀ ਨੇ ਆਪਣੇ ਕਾਰੋਬਾਰ, ਨੌਕਰੀ ਅਤੇ ਰੋਜਾਨਾਂ ਦੇ ਹੋਰਨਾਂ ਕੰਮਾਂ ਲਈ ਇਹਨਾਂ ਸੜਕਾਂ ਰਾਹੀਂ ਗੁਜਰਨਾ ਹੁੰਦਾ ਹੈ, ਇਸ ਲਈ ਲੋਕਾਂ ਦੀ ਸੁਖਾਲੀ ਆਵਾਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸੜਕਾਂ ਦੇ ਨਵੀਨੀਕਰਨ ਅਤੇ ਅਪਗ੍ਰੇਡ ਕਰਨ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ।

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਚੱਲ ਰਹੇ ਕੰਮਾਂ ਦੀ ਬਰਾਬਰ ਜਾਂਚ ਕਰਦੇ ਰਹਿਣ, ਤਾਂ ਜੋ ਕੰਮ ਦੀ ਕੁਆਲਿਟੀ ਬਰਕਰਾਰ ਰਹੇ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਕੱਲੇ ਦੀਨਾਨਗਰ ਹਲਕੇ ਵਿੱਚ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਸੜਕਾਂ ਦੀ ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ ਅਤੇ ਆਉਂਦੇ ਕੁਝ ਦਿਨਾਂ ਦੇ ਅੰਦਰ ਪੰਜਾਬ ਦੀਆਂ ਲੱਗਭਗ ਸਾਰੀਆਂ ਲਿੰਕ ਸੜਕਾਂ ਚਮਕਦੀਆਂ ਹੋਈਆਂ ਨਜ਼ਰ ਆਉਣਗੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਮੰਤਵ ਸੂਬੇ ਅੰਦਰ ਸਿਹਤ ਅਤੇ ਸਿੱਖਿਆ ਖੇਤਰ ਦੇ ਨਾਲ ਨਾਲ ਰਾਜ ਵਿੱਚ ਮੁਢਲੇ ਢਾਂਚੇ ਦਾ ਵਿਕਾਸ ਕਰਨਾ ਹੈ, ਤਾਂ ਜੋ ਰਾਜ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਹੋ ਸਕੇ। ਉਹਨਾਂ ਰਾਜ ਦੇ ਸਾਰੇ ਵਰਗਾਂ ਨੂੰ ਮਿਲ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ, ਨਸ਼ਿਆਂ ਦੇ ਕੋਹੜ ਤੋਂ ਦੂਰ ਕਰਨ ਅਤੇ ਆਰਥਿਕ ਖੁਸ਼ਹਾਲੀ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
CM ਮਾਨ ਦੀ ਫੇਕ ਵੀਡੀਓ ਮਾਮਲੇ 'ਚ ਵੱਡਾ ਐਕਸ਼ਨ ਤੇ ਪੰਜਾਬ 'ਚ ਜ਼ੋਰਦਾਰ ਧਮਾਕਾ, ਪੜ੍ਹੋ ਖਾਸ ਖ਼ਬਰਾਂ
NEXT STORY