ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੰਚਾਇਤ ਚੋਣਾਂ 'ਚ ਜੇਤੂ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਦਾ ਇੱਕੋ-ਇੱਕ ਏਜੰਡਾ ਪਿੰਡ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਪਿੰਡ ਬਰਸਟ ਦੀ ਨਵੀਂ ਚੁਣੀ ਪੰਚਾਇਤ ਨੂੰ ਸਨਮਾਨਿਤ ਕਰਦਿਆਂ ਸਰਪੰਚ ਬਣੇ ਨਰਿੰਦਰ ਸਿੰਘ ਬਰਸਟ ਸਣੇ ਹੋਰਨਾਂ ਪਿੰਡਾਂ ਦੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਮੁਬਾਰਕਾਂ ਦਿੱਤੀ ਅਤੇ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ 'ਚ ਪਿੰਡ ਦਾ ਵਿਕਾਸ ਜੰਗੀ ਪੱਧਰ 'ਤੇ ਹੋਵੇਗਾ ਅਤੇ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਲੋਕ ਰਾਜ ਦੀ ਨੀਂਹ ਹਨ, ਜੋ ਹਰ ਪੰਜ ਸਾਲ ਬਾਅਦ ਆਉਂਦੀਆਂ ਹਨ ਅਤੇ ਜਿਨ੍ਹਾਂ ਰਾਹੀਂ ਪੰਜਾਬ ਦੇ ਲੋਕ ਆਪਣੀ ਆਵਾਜ਼ ਬੁਲੰਦ ਕਰਦੇ ਹਨ ਅਤੇ ਆਪਣੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਪੰਚਾਇਤ ਦੀ ਚੋਣ ਕਰਦੇ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੰਚਾਇਤੀ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਉਣਾ ਦੇ ਲਈ ਲਗਾਤਾਰ ਯਤਨ ਕੀਤੇ ਗਏ ਸਨ। ਉਸੇ ਦਾ ਨਤੀਜਾ ਹੈ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਹੋਈਆਂ ਹਨ।
ਉਨ੍ਹਾਂ ਚੋਣ ਕਮਿਸ਼ਨ ਅਤੇ ਪੰਜਾਬ ਪੁਲਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ 'ਚ ਇੱਕਾ-ਦੁੱਕਾ ਘਟਨਾਵਾਂ ਤੋਂ ਇਲਾਵਾ ਚੋਣਾਂ ਅਮਨ-ਸ਼ਾਂਤੀ ਨਾਲ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ, ਸਗੋਂ ਪਿੰਡ ਦਾ ਹੁੰਦਾ ਹੈ, ਜੋ ਪਿੰਡ ਦੀ ਤਰੱਕੀ ਨੂੰ ਪਹਿਲ ਦਿੰਦਾ ਹੈ। ਬਰਸਟ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਨੂੰ ਅਹਿਮਿਅਤ ਦੇਣੀ ਚਾਹੀਦੀ ਹੈ, ਜਿਸ ਦੇ ਲਈ ਜ਼ਰੂਰੀ ਹੈ ਕਿ ਸਾਰੇ ਪਾਰਟੀਬਾਜ਼ੀ ਅਤੇ ਗੁੱਟਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਅਤੇ ਪੰਜਾਬ ਦੀ ਤਰੱਕੀ 'ਚ ਆਪਣਾ ਯੋਗਦਾਨ ਪਾਉਣ ਅਤੇ ਪੰਜਾਬ ਸਰਕਾਰ ਦੀ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲ ਸਕੇ ਅਤੇ ਪਿੰਡ ਵੀ ਤਰੱਕੀ ਦੀ ਰਾਹ 'ਤੇ ਅੱਗੇ ਵੱਧ ਸਕਣ।
ਉਨ੍ਹਾਂ ਕਿਹਾ ਕਿ ਨਵੀਆਂ ਬਣੀਆਂ ਪੰਚਾਇਤਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਸ਼ਾਨਦਾਰ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਹੋਣ। ਉਨ੍ਹਾਂ ਸਾਰੀਆਂ ਨਵੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਾਸੀਆਂ ਦੇ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ।
ਭਿਆਨਕ ਹਾਦਸੇ ਨੇ ਪਰਿਵਾਰ 'ਚ ਪਵਾਏ ਵੈਣ, ਮੋਟਰਸਾਈਕਲ ਸਵਾਰ ਦੀ ਮੌਤ
NEXT STORY