ਹੁਸ਼ਿਆਰਪੁਰ : ਅਕਾਲੀ ਦਲ ਵੱਲੋਂ ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਪੱਟੜੀ 'ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਲਿਆ ਸਕਦੀ ਹੈ। ਧਾਮੀ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਚ ਬੇਮਿਸਾਲ ਵਿਕਾਸ ਹੋਇਆ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਸੂਬੇ ਵਿਚ ਜਿੰਨੀਆਂ ਵੀ ਮੁੱਖ ਸੜਕਾਂ ਬਣੀਆ ਹਨ, ਉਹ ਸੁਖਬੀਰ ਸਿੰਘ ਬਾਦਲ ਦੀ ਦੇਖ-ਰੇਖ ਹੇਠ ਬਣਵਾਈਆਂ ਗਈਆਂ ਸਨ। ਇਸ ਤੋਂ ਇਲਾਵਾ, ਅੱਜ ਪੰਜਾਬ ਵਿਚ ਜੋ 24 ਘੰਟੇ ਬਿਜਲੀ ਮਿਲ ਰਹੀ ਹੈ ਅਤੇ ਹਰ ਘਰ ਵਿਚ ਏ. ਸੀ. ਚੱਲ ਰਹੇ ਹਨ, ਇਹ ਸਿਰਫ਼ ਅਕਾਲੀ ਦਲ ਦੀਆਂ ਦੂਰਅੰਦੇਸ਼ੀ ਨੀਤੀਆਂ ਸਦਕਾ ਹੀ ਸੰਭਵ ਹੋਇਆ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਸਰਕਾਰੀ ਅਦਾਰਿਆਂ ਨੂੰ ਵੇਚਣ ਦੀ ਰਾਹ 'ਤੇ ਚੱਲ ਰਹੀ ਹੈ। ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੋ ਮਤਾ 13 ਅਪ੍ਰੈਲ ਨੂੰ ਲਿਆਉਣ ਦੀ ਗੱਲ ਕਰ ਰਹੀ ਹੈ, ਅਜਿਹਾ ਮਤਾ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਲਿਆ ਚੁੱਕਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਪਿਛਲੇ 32 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਾ ਤਾਂ ਕਾਂਗਰਸ ਅਤੇ ਨਾ ਹੀ ਮੌਜੂਦਾ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਚੁੱਕੇ ਹਨ। ਉਨ੍ਹਾਂ ਮੁਤਾਬਕ ਸਿਰਫ਼ ਅਕਾਲੀ ਦਲ ਹੀ ਅਜਿਹੀ ਜਥੇਬੰਦੀ ਹੈ ਜਿਸ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਉਪਰਾਲੇ ਕੀਤੇ ਹਨ। ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਅਕਾਲੀ ਦਲ ਦਾ ਸੱਤਾ ਵਿਚ ਆਉਣਾ ਬੇਹੱਦ ਜ਼ਰੂਰੀ ਹੈ।
ਭਗੌੜਾ ਵਿਅਕਤੀ ਪੀ. ਓ. ਸਟਾਫ਼ ਦੇ ਅੜਿੱਕੇ
NEXT STORY