ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨੂੰ ਇਸ ਮਿਸ਼ਨ 'ਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਵੀਰਵਾਰ ਇਥੇ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਮੁਲਾਜ਼ਮ ਯੂਨੀਅਨਾਂ ਨੇ ਸਰਕਾਰੀ ਬੱਸਾਂ ਦੇ ਬੇੜੇ 'ਚ ਵਾਧਾ ਕਰਨ, ਬੱਸਾਂ ਦੇ ਰੂਟਾਂ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਸਮੇਤ ਕਈ ਮੁੱਦੇ ਉਠਾਏ।
ਇਹ ਵੀ ਪੜ੍ਹੋ : CM ਮਾਨ ਨੇ ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਡਿਊਟੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ
ਯੂਨੀਅਨਾਂ ਵੱਲੋਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ ਵਾਧਾ ਕਰਨ ਦੀ ਮੰਗ ਦਾ ਸਵਾਗਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲਾਹੇਵੰਦ ਬਣਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ। ਉਨ੍ਹਾਂ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਟਰਾਂਸਪੋਰਟ ਵਿਭਾਗ ਦੀ ਬਿਹਤਰੀ ਲਈ ਹੇਠਲੇ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਰਕਾਰ ਦਾ ਸਾਥ ਦੇਣ। ਵਿਭਾਗ ਦੀ ਤਰੱਕੀ ਹੀ ਉਨ੍ਹਾਂ ਦੇ ਸਾਰੇ ਮਸਲਿਆਂ ਦਾ ਹੱਲ ਹੋਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਟਰਾਂਸਪੋਰਟ ਮਾਫੀਆ ਦੇ ਪ੍ਰਭਾਵ ਹੇਠ ਸਨ ਅਤੇ ਉਨ੍ਹਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਨੇ ਵਿਭਾਗ ਨੂੰ ਵਿੱਤੀ ਸੰਕਟ ਵਿੱਚ ਪਾ ਦਿੱਤਾ ਹੈ। ਇਸ ਸਰਕਾਰ ਨੇ ਨਾ ਸਿਰਫ਼ ਸਰਕਾਰੀ ਬੱਸਾਂ ਨੂੰ ਸਿੱਧੇ ਦਿੱਲੀ ਹਵਾਈ ਅੱਡੇ ਤੱਕ ਚਲਾਉਣਾ ਸ਼ੁਰੂ ਕੀਤਾ ਹੈ, ਸਗੋਂ ਸੂਬੇ ਦੇ ਵੱਖ-ਵੱਖ ਰੂਟਾਂ 'ਤੇ ਸਰਕਾਰੀ ਬੱਸਾਂ ਨੂੰ ਸਫ਼ਲਤਾਪੂਰਵਕ ਚਲਾਉਣ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਮਾਫ਼ੀਆ ਨੂੰ ਵੀ ਨੱਥ ਪਾਈ ਹੈ।
ਇਹ ਵੀ ਪੜ੍ਹੋ : ਹਰਜੋਤ ਬੈਂਸ ਦਾ ਅਹਿਮ ਬਿਆਨ, ਕਿਹਾ- ਜੇਲ੍ਹਾਂ 'ਚ ਬੰਦ ਕੈਦੀਆਂ ਲਈ ਜਲਦ ਖੋਲ੍ਹੇ ਜਾਣਗੇ ਕਲਾਸਰੂਮ
ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਵੱਲੋਂ ਉਠਾਈਆਂ ਜਾਇਜ਼ ਮੰਗਾਂ ਜਿਨ੍ਹਾਂ ਲਈ ਵਿੱਤੀ ਸਹਾਇਤਾ ਦੀ ਲੋੜ ਹੈ, ਬਾਰੇ ਇਕ ਨੋਟ ਤਿਆਰ ਕਰਕੇ ਉਨ੍ਹਾਂ ਨਾਲ ਸਾਂਝਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦਾ ਮੁੱਦਾ ਬੀਤੇ ਦਿਨ ਹੋਈ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਤੇ ਯਕੀਨ ਦਿਵਾਇਆ ਕਿ ਸਰਕਾਰ ਵੱਲੋਂ 36000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਐੱਮ.ਡੀ. ਪੀ.ਆਰ.ਟੀ.ਸੀ. ਪੂਨਮਦੀਪ ਕੌਰ ਢਿੱਲੋਂ ਤੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਜੰਗਲਾਤ ਮੰਤਰੀ ਕਟਾਰੂਚੱਕ ਵੱਲੋਂ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਵੈਟਲੈਂਡ ਨੂੰ ਵਿਕਸਿਤ ਕਰਨ ਦੇ ਨਿਰਦੇਸ਼
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਹਰਜੋਤ ਬੈਂਸ ਦਾ ਅਹਿਮ ਬਿਆਨ, ਕਿਹਾ- ਜੇਲ੍ਹਾਂ 'ਚ ਬੰਦ ਕੈਦੀਆਂ ਲਈ ਜਲਦ ਖੋਲ੍ਹੇ ਜਾਣਗੇ ਕਲਾਸਰੂਮ
NEXT STORY