ਸੁਲਤਾਨਪੁਰ ਲੋਧੀ (ਸੋਢੀ) : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਅਦ ਦੁਪਹਿਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਹੋਰਨਾਂ ਅਧਿਕਾਰੀਆਂ ਨਾਲ ਗੁਪਤ ਮੀਟਿੰਗ ਕੀਤੀ ਅਤੇ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਤਿਆਰ ਕੀਤੀ ਜਾ ਰਹੀ ਸਟੇਜ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ।
ਗੱਲਬਾਤ ਕਰਦਿਆਂ ਬੀਬਾ ਬਾਦਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਉਸ ਬਿਆਨ ਦੀ ਸ਼ਖਤ ਨਿਖੇਧੀ ਕੀਤੀ, ਜਿਸ 'ਚ ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨਾਲ ਪਾਕਿਸਤਾਨ ਵਿਚ ਵਿਦੇਸ਼ੀ ਮੁਦਰਾ ਆਵੇਗੀ ਅਤੇ ਪਾਕਿਸਤਾਨ ਦੀ ਆਮਦਨ ਵਧਣ ਨਾਲ ਆਰਥਿਕ ਹਾਲਤ ਸੁਧਰੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਕਿੰਨੀ ਗੰਦੀ ਸੋਚ ਹੈ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਦੇ ਹੋਏ ਸਤਿਗੁਰੂ ਬਾਬਾ ਨਾਨਕ ਪਾਤਸ਼ਾਹ ਜੀ ਦੇ ਅਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂ ਸਿੱਖਾਂ ਤੋਂ ਪੈਸੇ ਉਗਰਾਉਣ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪ੍ਰਤੀ ਯਾਤਰੂ 20 ਡਾਲਰ ਲਗਾਈ ਫੀਸ ਦੀ ਸ਼ਰਤ ਹਟਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਗਰੀਬ ਸਿੱਖ ਸ਼ਰਧਾਲੂ ਏਨੀ ਫੀਸ ਕਿਵੇਂ ਅਦਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੀ ਮਾੜੀ ਹਾਲਤ ਸੁਧਾਰਨ ਲਈ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਲਵਾੜ ਬੰਦ ਕਰੇ। ਇਸ ਮੌਕੇ ਬੀਬੀ ਜਗੀਰ ਕੌਰ, ਜਥੇ. ਦਰਬਾਰਾ ਸਿੰਘ ਗੁਰੂ, ਜਥੇ. ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਮੈਂਬਰ, ਇੰਜੀ. ਸਵਰਨ ਸਿੰਘ ਮੈਂਬਰ ਪੀ. ਏ. ਸੀ., ਮਹਿੰਦਰ ਸਿੰਘ ਆਹਲੀ ਸਕੱਤਰ ਸ਼੍ਰੋਮਣੀ ਕਮੇਟੀ ਆਦਿ ਸ਼ਾਮਲ ਸਨ।
ਕਰਤਾਰਪੁਰ ਮਾਮਲੇ 'ਚ ਸ਼ਰਧਾ ਦੇ ਨਾਂ 'ਤੇ ਕਾਰੋਬਾਰ ਕਰ ਰਿਹੈ ਪਾਕਿਸਤਾਨ : ਹਰਸਿਮਰਤ
NEXT STORY