ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਇਹ ਸਰਕਾਰ ਸਿਹਤ ਸਹੂਲਤਾਂ ਦੇ ਨਾਂ 'ਤੇ ਸਿਰਫ਼ ਸਸਤੇ ਪ੍ਰਚਾਰ ਅਤੇ ਸਟੰਟਾਂ ਵਿਚ ਹੀ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸਿਰਫ਼ ਸੁਵਿਧਾ ਕੇਂਦਰਾਂ ਨੂੰ ਦੁਬਾਰਾ ਰੰਗ-ਰੋਗਨ ਕਰਕੇ ਉਨ੍ਹਾਂ ਦਾ ਨਾਂ ਬਦਲ ਕੇ 'ਮੁਹੱਲਾ ਕਲੀਨਿਕ' ਰੱਖਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਬੀਬਾ ਬਾਦਲ ਨੇ ਕਿਹਾ ਕਿ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਲੜਨ ਲਈ ਸੂਬੇ ਵਿਚ ਜੋ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਪਹਿਲਾਂ ਸਥਾਪਤ ਕੀਤਾ ਗਿਆ ਸੀ, ਮੌਜੂਦਾ ਸਰਕਾਰ ਉਸ ਵਿਚ ਕੋਈ ਵੀ ਵਾਧਾ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਪੰਜਾਬ ਵਿਚ ਕੈਂਸਰ ਵਿਰੁੱਧ ਜੰਗ ਲਈ ਬਠਿੰਡਾ ਵਿਚ ਐਡਵਾਂਸਡ ਕੈਂਸਰ ਇੰਸਟੀਚਿਊਟ, ਮੋਹਾਲੀ ਵਿਚ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਏਮਜ਼ ਬਠਿੰਡਾ ਵਰਗੇ ਵੱਡੇ ਅਦਾਰੇ ਸਥਾਪਤ ਕੀਤੇ ਗਏ ਸਨ। ਇਸ ਤੋਂ ਇਲਾਵਾ, ਅਕਾਲੀ ਦਲ ਦੀ ਸਰਕਾਰ ਵੇਲੇ ਕੈਂਸਰ ਦੇ ਮਰੀਜ਼ਾਂ ਦੀ ਮਦਦ ਲਈ 1.5 ਲੱਖ ਰੁਪਏ ਦਾ ਵਿਸ਼ੇਸ਼ ਫੰਡ ਵੀ ਰਾਖਵਾਂ ਰੱਖਿਆ ਗਿਆ ਸੀ, ਪਰ 'ਆਪ' ਸਰਕਾਰ ਨੇ ਇਨ੍ਹਾਂ ਸਹੂਲਤਾਂ ਨੂੰ ਅੱਗੇ ਵਧਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਹਰਸਿਮਰਤ ਕੌਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਨਾਲ ਲੜਨ ਲਈ ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕਰੇ, ਕਿਉਂਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮੋਰਚੇ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ।
ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ ਲਾਹਣਤਾਂ ਪਾ ਰਹੇ ਲੋਕ
NEXT STORY