ਅੰਮ੍ਰਿਤਸਰ (ਦਲਜੀਤ)- ਸਿਹਤ ਵਿਭਾਗ ਨੇ ਗਰਭ ਵਿਚ ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਮਜੀਠਾ ਰੋਡ ਸਥਿਤ ਡੀ. ਐੱਮ. ਡਾਇਗਨੋਸਟਿਕ ਸੈਂਟਰ ’ਤੇ ਸ਼ਿਕੰਜਾ ਕੱਸ ਦਿੱਤਾ ਹੈ। ਵਿਭਾਗ ਵਲੋਂ ਸੈਂਟਰ ਦੀ ਰਜਿਸਟ੍ਰੇਸ਼ਨ ਜਿੱਥੇ ਮੁਅੱਤਲ ਕਰ ਦਿੱਤੀ ਹੈ, ਉਥੇ ਸੈਂਟਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆ ਦਿੱਤਾ ਹੈ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਉਕਤ ਸੈਂਟਰ ’ਤੇ ਲਿੰਗ ਨਿਰਧਾਰਿਤ ਟੈਸਟ ਕਰਨ ਦੇ ਦੋਸ਼ ਲੱਗੇ ਸਨ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਤੁਰੰਤ ਸੈਂਟਰ ਦੇ ਡਾਕਟਰ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਵੱਲੋਂ ਇਸ ਮਾਮਲੇ ਵਿਚ ਸ਼ਾਮਲ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੀ. ਐੱਨ. ਡੀ. ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀ. ਐੱਮ. ਡਾਇਗਨੋਸਟਿਕ ਸੈਂਟਰ ਦੀ ਰਜਿਸਟ੍ਰੇਸ਼ਨ ਮੁਅੱਤਲ ਕਰ ਕੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ ਹੈ। ਸੈਂਟਰ ਵਿਚ ਜਦੋਂ ਤੱਕ ਕਾਰਵਾਈ ਚੱਲ ਰਹੀ ਹੈ, ਉਦੋਂ ਤੱਕ ਇਹ ਐੱਮ. ਆਰ. ਆਈ. ਅਤੇ ਸਕੈਨ ਨਹੀਂ ਕਰ ਸਕਣਗੇ।
ਸਿਵਲ ਸਰਜਨ ਨੇ ਕਿਹਾ ਕਿ ਵਿਭਾਗ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਨਿਯਮਾਂ ਦੇ ਉਲਟ ਕੰਮ ਕਰਨ ਵਾਲਿਆਂ ਨੂੰ ਕਿਸੇ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਸਿਵਲ ਸਰਜਨ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਵਿਚ ਸਥਿਤ ਹੋਰ ਕੇਂਦਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿੱਥੇ ਕੋਈ ਖਾਮੀ ਪਾਈ ਜਾ ਰਹੀ ਹੈ, ਉਸ ਦੀ ਰਜਿਸਟ੍ਰੇਸ਼ਨ ਮੁਅੱਤਲ ਕੀਤੀ ਜਾ ਰਹੀ ਹੈ ਅਤੇ ਮਸੀਨਾਂ ਨੂੰ ਵੀ ਸੀਲ ਕੀਤਾ ਜਾ ਰਿਹਾ ਹੈ।
CM ਮਾਨ ਦੇ ਭਾਸ਼ਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
NEXT STORY