ਚੰਡੀਗੜ੍ਹ,(ਸ਼ਰਮਾ)–ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ 2984 ਅਸਾਮੀਆਂ ਲਈ 31 ਅਗਸਤ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ।
ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਹ ਭਰਤੀਆਂ ਇਸ ਟੀਚੇ ਨੂੰ ਹਾਸਲ ਕਰਨ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਵੱਡੇ ਪੱਧਰ 'ਤੇ ਹੋ ਰਹੀ ਭਰਤੀ ਤਹਿਤ ਮੈਡੀਕਲ ਅਫਸਰ ਜਨਰਲ 500, ਮੈਡੀਕਲ ਅਫਸਰ ਡੈਂਟਲ 35, ਰੇਡੀਓ ਗਰਾਫਰ 139, ਮਲਟੀਪਰਪਜ਼ ਹੈਲਥ ਵਰਕਰ (ਮੇਲ) 200, ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) 600, ਈ.ਸੀ.ਜੀ. ਟੈਕਨੀਸ਼ੀਅਨ 14, ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਗਰੇਡ-298, ਫਾਰਮਾਸਿਸਟ (ਫਾਰਮੇਸੀ ਅਫਸਰ) 482, ਓਪਰੇਸ਼ਨ ਥੀਏਟਰ ਸਹਾਇਕ 116 ਅਤੇ ਵਾਰਡ ਅਟੈਂਡੈਟ ਦੀਆਂ 800 ਅਸਾਮੀਆਂ ਸ਼ਾਮਲ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਤੋਂ ਸਰਕਾਰੀ ਨੌਕਰੀ ਕਰ ਰਹੇ ਵਿਅਕਤੀਆਂ ਦੀ ਸਿੱਧੀ ਭਰਤੀ ਰਾਹੀਂ ਨਿਯੁਕਤੀ ਵਿਚ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਦੀ ਲੀਹ 'ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿਚ ਠੇਕੇ/ਆਊਟਸੋਰਸਿੰਗ ਦੇ ਆਧਾਰ 'ਤੇ ਪਹਿਲਾਂ ਹੀ ਕੰਮ ਕਰ ਰਹੇ ਮੁਲਾਜ਼ਮਾਂ ਦੀ ਭਰਤੀ ਦੇ ਸਮੇਂ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਵਿਚ ਛੋਟ ਦਿੱਤੀ ਗਈ ਹੈ। ਹਾਲਾਂਕਿ ਵਿਦਿਅਕ ਯੋਗਤਾ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਮਿਲੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਲਈ ਉਪਰਲੀ ਉਮਰ ਹੱਦ 45 ਸਾਲ ਤੱਕ ਕਰਨ ਦੀ ਛੋਟ ਇਸ ਕਰਕੇ ਕੀਤੀ ਗਈ ਕਿਉਂਕਿ ਉਹ ਵਿਭਾਗ ਦੇ ਕੰਮਕਾਜ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਕੋਵਿਡ-19 ਦੀ ਮਹਾਮਾਰੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋ ਇਲਾਵ ਇਨ੍ਹਾਂ ਕਰਮਚਾਰੀਆਂ ਨੂੰ ਵੱਧ ਤੋਂ ਵੱਧ 10 ਨੰਬਰ ਤਜ਼ਰਬੇ ਦੇ ਦੇਣ ਦੀ ਵੀ ਤਜਵੀਜ਼ ਰੱਖੀ ਗਈ ਹੈ, ਜਿਸ ਅਧੀਨ 1 ਸਾਲ ਦੇ ਤਜ਼ਰਬੇ ਲਈ 1 ਨੰਬਰ ਦਿੱਤਾ ਜਾਵੇਗਾ।
ਸੁਖਦੇਵ ਸਿੰਘ ਢੀਂਡਸਾ ਨੇ ਕੀਤਾ ਐਲਾਨ, ਕਿਹਾ- ਨਹੀਂ ਲੜਨਗੇ ਉਹ ਆਪ ਕੋਈ ਵੀ ਚੋਣ
NEXT STORY