ਚੰਡੀਗੜ੍ਹ (ਪ੍ਰੀਕਸ਼ਿਤ) : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਮੁਲਜ਼ਮ ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਅਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਖ਼ਿਲਾਫ਼ ਚੱਲ ਰਹੇ ਮਾਮਲੇ ’ਚ ਚਲਾਨ ਦੀਆਂ ਕਾਪੀਆਂ ਦੀ ਜਾਂਚ ਲਈ ਸੁਣਵਾਈ 15 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਸੀ. ਬੀ. ਆਈ. ਮਾਮਲੇ ਦੀ ਸੁਣਵਾਈ ਦੌਰਾਨ ਦੋਹਾਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਭੁੱਲਰ ਵੱਲੋਂ ਵਕੀਲ ਐੱਸ. ਪੀ. ਐੱਸ. ਭੁੱਲਰ ਅਤੇ ਮਾਨਿਆ ਗਰਗ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਚਲਾਨ ਤੇ ਸਬੰਧਿਤ ਦਸਤਾਵੇਜ਼ਾਂ ਦੀਆਂ ਪੂਰੀਆਂ ਕਾਪੀਆਂ ਮਿਲ ਗਈਆਂ ਹਨ, ਜਦੋਂ ਕਿ ਮੁਲਜ਼ਮ ਕ੍ਰਿਸ਼ਨੂ ਸ਼ਾਰਦਾ ਵੱਲੋਂ ਪੇਸ਼ ਵਕੀਲਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੇ ਮਾਮਲੇ ’ਚ ਅੱਜ ਹੀ ਮੌਜੂਦਗੀ ਦਰਜ ਕਰਵਾਈ ਹੈ, ਇਸ ਲਈ ਚਲਾਨ ਅਤੇ ਦਸਤਾਵੇਜ਼ਾਂ ਦੀਆਂ ਕਾਪੀਆਂ ਦੀ ਜਾਂਚ ਲਈ ਸਮਾਂ ਦਿੱਤਾ ਜਾਵੇ।
ਅਦਾਲਤ ਨੇ ਇਸ ਬੇਨਤੀ ਨੂੰ ਸਵੀਕਾਰ ਕਰਦਿਆਂ ਮਾਮਲੇ ਦੀ ਸੁਣਵਾਈ 15 ਜਨਵਰੀ ਤੱਕ ਮੁਲਤਵੀ ਕਰ ਦਿੱਤੀ। ਇਸ ਦੌਰਾਨ ਭੁੱਲਰ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਸੀ. ਬੀ. ਆਈ. ਵਲੋਂ ਪੇਸ਼ ਕੀਤੇ ਜਾਣ ਵਾਲੇ ਮੌਖਿਕ ਤੇ ਦਸਤਾਵੇਜ਼ੀ ਸਬੂਤਾਂ (ਕੈਲੰਡਰ ਆਫ ਐਵੀਡੈਂਸ) ਦੀ ਸੂਚੀ ਮੁਹੱਈਆ ਕਰਵਾਈ ਜਾਵੇ। ਸੀ. ਬੀ. ਆਈ. ਨੇ ਇਹ ਸੂਚੀ ਅਗਲੀ ਤਾਰੀਖ਼ ’ਤੇ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਅੰਤਰਿਮ ਅਰਜ਼ੀ ’ਤੇ ਬਹਿਸ ਵੀ ਅਗਲੀ ਸੁਣਵਾਈ ਦੀ ਤਾਰੀਖ਼ ’ਤੇ ਹੀ ਸੁਣੀ ਜਾਏਗੀ। ਉਦੋਂ ਤੱਕ ਦੋਵੇਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ’ਚ ਰੱਖਿਆ ਜਾਵੇਗਾ ਅਤੇ ਅਗਲੀ ਪੇਸ਼ੀ ’ਤੇ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ! ਸਕੂਲ ਖੁੱਲ੍ਹਦੇ ਸਾਰ ਹੀ ਸ਼ੁਰੂ ਹੋਣਗੀਆਂ ਪ੍ਰੀ-ਬੋਰਡ ਪ੍ਰੀਖਿਆਵਾਂ
NEXT STORY