ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ਼ ਬਾਘਾ ਪੁਰਾਣਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਮਨਪ੍ਰੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਜਲਾਲਾਬਾਦ ਪੁਰਬੀ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਇੰਦਰਜੀਤ ਸਿੰਘ ਵਿੱਕੀ ਨਿਵਾਸੀ ਪਿੰਡ ਜਲਾਲਾਬਾਦ ਪੁਰਬੀ ਨੂੰ ਕਾਬੂ ਕਰ ਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਸਮੱਗਲਰ ਖ਼ਿਲਾਫ਼ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਤਰ੍ਹਾਂ ਥਾਣਾ ਬੱਧਨੀ ਕਲਾਂ ਦੇ ਇੰਚਾਰਜ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸਤ ਕਰਦੇ ਹੋਏ ਬੱਧਨੀ ਕਲਾਂ ਦੇ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਜਦ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਨਿਵਾਸੀ ਪਿੰਡ ਕੜਾਹੇਵਾਲਾ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਉਸ ਦੇ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਖਿਲਾਫ਼ ਥਾਣਾ ਬੱਧਨੀ ਕਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪੁਲ ਸੂਆ ਪਿੰਡ ਡਾਲਾ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਅਸ਼ਵਨੀ ਕੁਮਾਰ ਨਿਵਾਸੀ ਪਿੰਡ ਡਾਲਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਜਦ ਉਹ ਦੇਰ ਸ਼ਾਮ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਦੋਲੇਵਾਲਾ ਕੋਲ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੁਖਦੇਵ ਸਿੰਘ ਉਰਫ ਸੁੱਖਾ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕਰ ਕੇ ਉਸ ਦੇ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਕਥਿਤ ਦੋਸ਼ੀ ਦੇ ਖਿਲਾਫ਼ ਐਕਸਾਈਜ਼ ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਬਾਅਦ ਵਿਚ ਬਰ ਜ਼ਮਾਨਤ ਰਿਹਾ ਕਰ ਦਿੱਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਹੋਰ ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਡਰੋਨ ਰਾਹੀਂ ਭਾਰਤ ਪੁੱਜੀ ਹੈਰੋਇਨ ਬਰਾਮਦ
NEXT STORY