ਕਲਾਨੌਰ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਨਸ਼ਾ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਵੱਲੋਂ ਚਲਾਏ ਜਾ ਰਹੇ ਸਰਚ ਅਭਿਆਨ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਬੀ. ਐੱਸ. ਐੱਫ. ਦੀ 27 ਬਟਾਲੀਅਨ ਦੇ ਜਵਾਨਾਂ ਨੇ ਬੀ. ਓ. ਪੀ. ਚੰਦੂ ਵਡਾਲਾ ਅਧੀਨ ਆਉਂਦੇ ਸਰਹੱਦੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਕਲਾਨੌਰ ਦੇ ਨੇੜਲੇ ਪਿੰਡ ਧੀਦੋਵਾਲ ਦੇ ਖੇਤਾਂ ਵਿੱਚੋਂ ਇੱਕ ਸ਼ੱਕੀ ਪੈਕਟ ਬਰਾਮਦ ਕੀਤਾ ਹੈ। ਜਦੋਂ ਸੁਰੱਖਿਆ ਬਲਾਂ ਵੱਲੋਂ ਇਸ ਪੈਕਟ ਨੂੰ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਇੱਕ ਕਿਲੋ 13 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਦੇਖਦੇ ਹੋਏ ਬੀ. ਐੱਸ. ਐੱਫ. ਵੱਲੋਂ ਇਲਾਕੇ ਵਿੱਚ ਚੌਕਸੀ ਵਧਾਈ ਗਈ ਹੈ ਅਤੇ ਸਮੇਂ-ਸਮੇਂ 'ਤੇ ਸਰਚ ਅਭਿਆਨ ਚਲਾਏ ਜਾ ਰਹੇ ਹਨ।
ਇਸੇ ਲੜੀ ਤਹਿਤ 27 ਬਟਾਲੀਅਨ ਦੇ ਜਵਾਨਾਂ ਵੱਲੋਂ ਧੀਦੋਵਾਲ ਦੇ ਖੇਤਾਂ ਵਿੱਚ ਤਲਾਸ਼ੀ ਲਈ ਜਾ ਰਹੀ ਸੀ, ਜਿਸ ਦੌਰਾਨ ਇਹ ਪੈਕਟ ਮਿਲਿਆ। ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਬੀ. ਐੱਸ. ਐੱਫ. ਅਤੇ ਕਲਾਨੌਰ ਪੁਲਸ ਵੱਲੋਂ ਸਾਂਝੇ ਤੌਰ 'ਤੇ ਇਲਾਕੇ ਵਿੱਚ ਸਰਚ ਅਭਿਆਨ ਜਾਰੀ ਰੱਖਿਆ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਤੇ ਹੋਰ ਕੋਈ ਨਸ਼ੀਲਾ ਪਦਾਰਥ ਜਾਂ ਸ਼ੱਕੀ ਵਸਤੂ ਤਾਂ ਮੌਜੂਦ ਨਹੀਂ ਹੈ। ਇਸ ਦੇ ਨਾਲ ਹੀ ਬਰਾਮਦ ਕੀਤੀ ਗਈ ਹੈਰੋਇਨ ਦੇ ਸਰੋਤ ਅਤੇ ਇਸ ਨੂੰ ਇੱਥੇ ਪਹੁੰਚਾਉਣ ਵਾਲੇ ਤਸਕਰਾਂ ਸਬੰਧੀ ਵੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਸਰਹੱਦੀ ਇਲਾਕੇ ਵਿੱਚੋਂ ਲਗਾਤਾਰ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਮਿਲਣ ਕਾਰਨ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਰੱਖੀ ਜਾ ਰਹੀ ਹੈ। ਫਿਲਹਾਲ ਬੀ. ਐੱਸ. ਐੱਫ. ਅਤੇ ਪੁਲਸ ਦੀ ਸਾਂਝੀ ਤਲਾਸ਼ੀ ਮੁਹਿੰਮ ਜਾਰੀ ਹੈ।
ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ
NEXT STORY