ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਚਿਤਕਾਰਾ ਯੂਨੀਵਰਸਿਟੀ ਵਿਚ ਹੋਈ ਹਿੰਸਾ ਦੇ ਮਾਮਲੇ 'ਚ ਪੰਜਾਬ ਸਰਕਾਰ ਅਤੇ ਪੁਲਸ ਦੀ ਜਾਂਚ ਪ੍ਰਣਾਲੀ ਉੱਤੇ ਸਖ਼ਤ ਨਾਰਾਜ਼ਗੀ ਜਤਾਈ। ਅਦਾਲਤ ਨੇ ਇਨ੍ਹਾਂ ਦੋਹਾਂ ਯੂਨੀਵਰਸਿਟੀਆਂ ਵਿਚ ਹੋਈਆਂ ਘਟਨਾਵਾਂ ਨੂੰ ਬੇਹੱਦ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੋਈ ਸੂਬੇ ਵਿਚ ਅਸ਼ਾਂਤੀ ਫੈਲਾ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ। ਚੀਫ਼ ਜਸਟਿਸ ਨੇ ਸਰਕਾਰ ਵੱਲੋਂ ਮੁਲਜ਼ਮਾਂ ਦੇ ਬਿਆਨ ਸੀਲਬੰਦ ਲਿਫ਼ਾਫ਼ੇ ਵਿਚ ਪੇਸ਼ ਨਾ ਕਰਨ ਉੱਤੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪੰਜਾਬ ਪੁਲਸ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਵੀ ਗੰਭੀਰ ਨਹੀਂ ਹੈ। ਸਰਕਾਰੀ ਵਕੀਲ ਨੇ ਇਹ ਬਿਆਨ ਦਾਖ਼ਲ ਕਰਨ ਲਈ ਥੋੜ੍ਹਾ ਸਮਾਂ ਮੰਗਿਆ ਹੈ।
ਚੀਫ਼ ਜਸਟਿਸ ਨੇ ਕਿਹਾ ਕਿ ਇਨ੍ਹਾਂ ਯੂਨੀਵਰਸਿਟੀਆਂ ਵਿਚ ਹਜ਼ਾਰਾਂ ਵਿਦਿਆਰਥੀ ਪੜ੍ਹਦੇ ਹਨ। ਪਹਿਲਾਂ ਇਕ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਕਤਲ ਦੀਆਂ ਅਫ਼ਵਾਹਾਂ ਫੈਲਾਈਆਂ ਗਈਆਂ ਅਤੇ ਕੁਝ ਦਿਨਾਂ ਬਾਅਦ ਦੂਜੀ ਯੂਨੀਵਰਸਿਟੀ ਵਿਚ ਬਲਾਤਕਾਰ ਦੀਆਂ ਖ਼ਬਰਾਂ ਉਡਾਈਆਂ ਗਈਆਂ, ਜੋ ਬਾਅਦ ਵਿਚ ਬਿਲਕੁਲ ਝੂਠ ਸਾਬਤ ਹੋਈਆਂ। ਅਦਾਲਤ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਗੰਭੀਰ ਨਾ ਹੋਈ ਤਾਂ ਕੇਸ ਦੀ ਜਾਂਚ ਕੇਂਦਰੀ ਏਜੰਸੀ ਨੂੰ ਸੌਂਪ ਦਿੱਤੀ ਜਾਵੇਗੀ।
ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
NEXT STORY