ਸ੍ਰੀ ਅਨੰਦਪੁਰ ਸਾਹਿਬ (ਦਲਜੀਤ, ਸੱਜਣ ਸੈਣੀ)— ਹੋਲੇ-ਮਹੱਲੇ 'ਚ ਸ਼ਿਰਕਤ ਕਰਨ ਲਈ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰੂਪਨਗਰ ਪ੍ਰਸ਼ਾਸ਼ਨ ਵੱਲੋਂ ਹੋਲੇ-ਮਹੱਲੇ ਮੌਕੇ ਕੀਤੇ ਪ੍ਰਬੰਧਾਂ 'ਤੇ ਉਂਗਲੀ ਚੁੱਕੀ ਹੈ। ਖਾਸ ਕਰਕੇ ਲੌਂਗੋਵਾਲ ਨੇ ਪੁਲਸ 'ਤੇ ਸੰਗਤਾਂ ਨੂੰ ਪਰੇਸ਼ਾਨ ਕਰਨ ਦੇ ਦੋਸ਼ ਲਗਾਉਂਦੇ ਹੋਏ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸਿੱਖ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਖੁਦ ਇਸ ਮਸਲੇ ਦਾ ਹੱਲ ਕਰੇ। ਲੌਂਗੋਵਾਲ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਰੂ ਨਗਰੀ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਮੌਕੇ ਪ੍ਰਸ਼ਾਸਨ ਵੱਲੋਂ ਸੰਗਤਾਂ 'ਤੇ ਕੀਤੀ ਜਾ ਰਹੀ ਸਖਤੀ ਬਿਲਕੁੱਲ ਨਾਜਾਇਜ਼ ਹੈ, ਜੋ ਮੇਲਾ ਖਰਾਬ ਕਰਨ ਦੀ ਇਕ ਸਾਜ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਇਥੇ ਪਹੁੰਚਦੀਆਂ ਹਨ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਹਿਯੋਗ ਕਰਨ ਦੀ ਥਾਂ ਨਾਕੇ ਲਗਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਮੁੱਖ ਸੜਕ ਦੀ ਮਾੜੀ ਹਾਲਤ ਸਬੰਧੀ ਗੱਲ ਕਰਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਜਿਸ ਰਸਤੇ ਤੋਂ ਹੋ ਕੇ ਲੱਖਾਂ ਦੀ ਗਿਣਤੀ 'ਚ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਹੋਲਾ-ਮਹੱਲਾ ਮਨਾਉਣ ਆਉਂਦੀਆਂ ਹਨ, ਉਸ ਖਸਤਾਹਾਲ ਸੜਕ ਵੱਲ ਸੂਬੇ ਦੀ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਸੰਗਤਾਂ ਮਿੱਟੀ-ਘੱਟੇ ਨਾਲ ਦੋ ਚਾਰ ਹੁੰਦੀਆਂ ਗੁਰੁ ਨਗਰੀ ਪਹੁੰਚ ਰਹੀਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਵੀ ਪਹਿਲਾਂ ਪ੍ਰਸ਼ਾਸਨ ਦੇ ਪ੍ਰਬੰਧਾਂ 'ਤੇ ਸੰਗਤਾਂ ਨੂੰ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ। ਉਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ 'ਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਮਨਜਿੰਦਰ ਸਿੰਘ ਸਿਰਸਾ ਖਿਲਾਫ ਕੁਝ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਗਈ ਸ਼ਿਕਾਇਤ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਹੀ ਦੇਖਣਗੇ।

ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਜ਼ਿਲਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸੀ. ਮੀਤ ਪ੍ਰਧਾਨ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਰਣਜੀਤ ਕੌਰ ਮਾਹਿਲਪੁਰੀ, ਮੈਨੇਜਰ ਜਸਬੀਰ ਸਿੰਘ, ਪਰਮਜੀਤ ਸਿੰਘ ਮਾਕੜ ਰੂਪਨਗਰ, ਦਰਸ਼ਨ ਸਿੰਘ ਪੀ. ਏ. ਟੂ. ਭਾਈ ਲੌਂਗੋਵਾਲ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਸੰਦੀਪ ਕਲੋਤਾਂ, ਸਰਕਲ ਪ੍ਰਧਾਨ ਮਾਸਟਰ ਹਰਜੀਤ ਸਿੰਘ ਅਚਿੰਤ, ਮਨਿੰਦਰਪਾਲ ਸਿੰਘ ਮਨੀ ਆਦਿ ਹਾਜ਼ਰ ਸਨ।
Punjab Wrap Up: ਪੜ੍ਹੋ 20 ਮਾਰਚ ਦੀਆਂ ਵੱਡੀਆਂ ਖ਼ਬਰਾਂ
NEXT STORY