ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋੜਾ)— ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਪੂਰੇ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾ ਰਿਹਾ ਹੈ। ਇਸ ਤਿੰਨ ਦਿਨਾਂ ਤਿਓਹਾਰ 'ਚ ਖਾਲਸੇ ਦਾ ਜੋਸ਼ ਦੇਖਣ ਵਾਲਾ ਹੁੰਦਾ ਹੈ। ਖਾਲਸੇ ਦੀ ਇਸ ਜਨਮ ਭੂਮੀ 'ਤੇ ਚੱਲ ਰਹੇ ਤਿੰਨ ਦਿਨਾ ਕੌਮੀ ਜੋੜ ਮੇਲਾ ਹੋਲਾ ਮਹੱਲਾ ਦੇ ਦੂਜੇ ਦਿਨ ਗੁਰੂ ਨਗਰੀ ਕੇਸਰੀ ਰੰਗ 'ਚ ਰੰਗੀ ਗਈ।
ਦੇਸ਼-ਵਿਦੇਸ਼ ਤੋਂ ਇਥੇ ਪਹੁੰਚੀਆਂ ਲੱਖਾਂ ਸੰਗਤਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁ. ਗੁਰੂ ਕੇ ਮਹਿਲ ਭੋਰਾ ਸਾਹਿਬ, ਗੁ. ਸੀਸ ਗੰਜ ਸਾਹਿਬ, ਗੁ. ਕਿਲਾ ਅਨੰਦਗੜ੍ਹ ਸਾਹਿਬ, ਗੁ. ਕਿਲਾ ਫਤਿਹਗੜ੍ਹ ਸਾਹਿਬ, ਗੁ. ਕਿਲਾ ਲੋਹਗੜ੍ਹ ਸਾਹਿਬ, ਗੁਰਦੁਆਰਾ ਹੋਲਗੜ੍ਹ ਸਾਹਿਬ ਅਤੇ ਗੁਰਦੁਆਰਾ ਕਿਲਾ ਤਾਰਾਗੜ੍ਹ ਸਾਹਿਬ ਆਦਿ 'ਤੇ ਘੰਟਿਆਂਬੱਧੀ ਲਾਈਨਾਂ 'ਚ ਲੱਗ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।
ਸੋਮਵਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲ ਰਹੇ ਧਾਰਮਕ ਸਮਾਗਮਾਂ 'ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ. ਸੁਰਿੰਦਰ ਸਿੰਘ ਆਦਿ ਨੇ ਸੰਗਤਾਂ ਨੂੰ ਹੋਲੇ ਮਹੱਲੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਭਾਰਤੀ ਲੋਕਾਂ 'ਚ ਸਮੇਂ ਦੀਆਂ ਜਾਬਰ ਅਤੇ ਜਾਲਮ ਸਰਕਾਰਾਂ ਦਾ ਟਾਕਰਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1700 ਈ. 'ਚ ਹੋਲਾ ਮਹੱਲਾ ਦੀ ਪ੍ਰੰਪਰਾ ਆਰੰਭ ਕੀਤੀ ਸੀ, ਜਿਸ 'ਚ ਲੋਕਾਂ ਨੂੰ ਜੰਗੀ ਕਲਾ ਦੇ ਅਭਿਆਸ ਕਰਵਾਉਣ ਲਈ ਤਲਵਾਰਬਾਜ਼ੀ, ਨੇਜ਼ੇਬਾਜ਼ੀ ਦੇ ਗੁਰ ਸਿਖਾਕੇ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਕੀਤਾ ਗਿਆ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੋਲੇ ਮਹੱਲੇ ਦੇ ਪਾਵਨ ਤਿਉਹਾਰ ਮੌਕੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ।
ਤਖਤ ਸਾਹਿਬ ਵਿਖੇ ਬੀਤੇ ਕੱਲ ਤੋਂ ਚੱਲ ਰਹੇ ਧਾਰਮਕ ਸਮਾਗਮਾਂ ਦੌਰਾਨ ਕੌਮ ਦੇ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ਅਤੇ ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਾਵਨ ਸ਼ਸਤਰਾਂ ਦੇ ਦਰਸ਼ਨ ਅਤੇ ਸੰਖੇਪ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ, ਕਾਰਜਕਾਰਨੀ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਤਖ਼ਤ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਮਲਕੀਤ ਸਿੰਘ, ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ, ਜਥੇਦਾਰ ਮੋਹਨ ਸਿੰਘ ਢਾਹੇ ਮੈਂਬਰ ਪੀ.ਏ.ਸੀ. ਕਮੇਟੀ, ਭਾਜਪਾ ਦੇ ਜ਼ਿਲਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਮਨਜਿੰਦਰ ਸਿੰਘ ਬਰਾੜ, ਸੰਦੀਪ ਸਿੰਘ ਕਲੋਤਾ ਪ੍ਰਧਾਨ ਯੂਥ ਅਕਾਲੀ ਦਲ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ, ਨਰਿੰਦਰ ਸਿੰਘ ਧਾਲੀਵਾਲ, ਪੀ.ਏ. ਹਰਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਅਤੇ ਅਕਾਲੀ ਵਰਕਰ ਹਾਜ਼ਰ ਸਨ।
ਗੁਰੂ ਦੀਆਂ ਲਾਡਲੀਆਂ ਫੌਜਾਂ ਅੱਜ ਸਜਾਉਣਗੀਆਂ ਮਹੱਲਾ : ਬਾਬਾ ਬਲਬੀਰ ਸਿੰਘ
ਗੁ. ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਮਾਰਚ ਦਿਨ ਮੰਗਲਵਾਰ ਨੂੰ ਸਮੂਹ ਨਿਹੰਗ ਸਿੰਘ ਫੌਜਾਂ ਆਪਣੇ ਦਲਾਂ ਸਮੇਤ ਮਹੱਲਾ ਸਜਾਉਣਗੀਆਂ ਅਤੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਗੱਤਕੇਬਾਜ਼ੀ, ਨੇਜ਼ੇਬਾਜ਼ੀ ਅਤੇ ਘੋੜਸਵਾਰੀ ਦੇ ਜੰਗਜੂ ਕਰਤੱਵ ਦਿਖਾਉਣਗੀਆਂ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਜੀ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਸ਼ੁਰੂ ਕੀਤੀ ਹੋਲੇ ਮਹੱਲੇ ਦੀ ਪ੍ਰੰਪਰਾ ਨਿਹੰਗ ਸਿੰਘਾਂ ਵੱਲੋਂ ਪੁਰਾਤਨ ਸਮੇਂ ਤੋਂ ਲੈ ਕੇ ਅੱਜ ਤੱਕ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਜਾਣੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਕਿਉਂ ਬਖਸ਼ਿਆ 'ਹੋਲਾ-ਮਹੱਲਾ' (ਤਸਵੀਰਾਂ)
ਹੋਲੇ ਮਹੱਲੇ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਕੀਤੇ ‘ਵਿਰਾਸਤ-ਏ-ਖਾਲਸਾ’ ਦੇ ਦਰਸ਼ਨ
NEXT STORY