ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਕੀਰਤਪੁਰ ਸਾਹਿਬ (ਸੱਜਣ ਸੈਣੀ, ਚੋਵੇਸ਼ ਲਟਾਵਾ) - ਖ਼ਾਲਸੇ ਦੀ ਆਨ, ਸ਼ਾਨ ਅਤੇ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਦੀ ਆਰੰਭਤਾ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਤੋਂ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਹੋਈ।
ਹੋਲਾ-ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜਿੱਥੇ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਸ਼ੁੱਭ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ, ਉਥੇ ਹੀ ਉਨ੍ਹਾਂ ਕਿਹਾ ਕਿ ਸੰਗਤ ਹੁੰਮ-ਹੁਮਾ ਕੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ ਮਹੱਲਾ ਮਨਾਉਣ ਲਈ ਪਹੁੰਚੇ।
ਉਨ੍ਹਾਂ ਸਖ਼ਤ ਲਹਿਜ਼ੇ ’ਚ ਸਰਕਾਰ ਨੂੰ ਤਾੜਨਾ ਕੀਤੀ ਕਿ ਸਰਕਾਰ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਅੰਦਾਜ਼ੀ ਨਾ ਕਰੇ ਅਤੇ ਹੋਲਾ ਮਹੱਲਾ ਸਿੱਖਾਂ ਦਾ ਕੌਮੀ ਤਿਉਹਾਰ ਹੈ, ਜਿਸ ’ਚ ਕਿਸੇ ਤਰੀਕੇ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ. ਸੁਰਿੰਦਰ ਸਿੰਘ ਅਤੇ ਦਲਜੀਤ ਸਿੰਘ ਭਿੰਡਰ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਜਰਨੈਲ ਸਿੰਘ ਆਦਿ ਸ਼ਖਸੀਅਤਾਂ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਦੀ ਵਧਾਈ ਵੀ ਦਿੱਤੀ। ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਵਾਇਤ ਅਨੁਸਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੂੰ ਆਈਆਂ ਸ਼ਖਸੀਅਤਾਂ ਵੱਲੋਂ ਦਸਤਾਰਬੰਦੀ ਕਰ ਕੇ ਸਨਮਾਨਿਤ ਕੀਤਾ ਗਿਆ।
ਹੋਲੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਵੱਲੋਂ ਕੀਤੀ ਗਈ, ਉਪਰੰਤ ਸੰਤਾਂ ਮਹਾਪੁਰਸ਼ਾਂ ਵੱਲੋਂ ਪੁਰਾਤਨ ਨਗਾਰਿਆਂ ’ਤੇ ਚੋਟ ਲਗਾ ਕੇ ਨਗਾਰਿਆਂ ਦੀ ਅਤੇ ਜੈਕਾਰਿਆਂ ਦੀ ਗੂੰਜ ਨਾਲ ਹੋਲੇ ਮਹੱਲੇ ਦੀ ਆਰੰਭਤਾ ਕੀਤੀ ਗਈ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਬਾਬਾ ਸਤਨਾਮ ਸਿੰਘ, ਦਵਿੰਦਰ ਸਿੰਘ ਐੱਸ. ਸੀ., ਕਿਸ਼ੋਰ ਸਿੰਘ ਬੰਗੜ, ਬੀਬੀ ਪਰਵਿੰਦਰ ਕੌਰ, ਨਿਹੰਗ ਸਿੰਘ ਜੱਥੇਬੰਦੀਆਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ ਸਿੰਘ ਅਤੇ ਐੱਸ. ਜੀ. ਪੀ. ਸੀ. ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਜਿੱਥੇ ਸੰਗਤਾਂ ਨੂੰ ਹੋਲੇ-ਮਹੱਲੇ ਵਿਚ ਪਹੁੰਚਣ ਦੀ ਅਪੀਲ ਕੀਤੀ, ਉਥੇ ਹੀ ਸਰਕਾਰ ਅਤੇ ਪ੍ਰਸ਼ਾਸਨ ਕੋਰੋਨਾ ਨੂੰ ਲੈ ਕੇ ਲਗਾਈਆਂ ਪਾਬੰਦੀਆਂ ਉਤੇ ਕਈ ਸਵਾਲ ਵੀ ਚੁੱਕੇ।
ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨੂੰ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਸੰਗਤ ਲਈ ਗੁਰੂ ਦੇ ਅਤੁੱਟ ਲੰਗਰ ਵੀ ਲਗਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਲਈ ਰਹਿਣ ਖਾਣ-ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕੋਰੋਨਾ ਦੇ ਚੱਲਦੇ ਸੰਗਤਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਲਗਾਤਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪੁਲਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ ਉਤੇ ਨਜ਼ਰ ਰੱਖੀ ਜਾ ਰਹੀ ਅਤੇ 4 ਹਜ਼ਾਰ ਤੋਂ ਵੱਧ ਪੁਲਸ ਅਫ਼ਸਰ ਅਤੇ ਮੁਲਾਜ਼ਮ ਹੋਲੇ-ਮਹੱਲੇ ਲਈ ਤਾਇਨਾਤ ਕੀਤੇ ਗਏ ਹਨ ।
ਕੋਰੋਨਾ ਵਾਇਰਸ ਨੂੰ ਵੇਖਦੇ ਹੋਏ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਪੋਸਟਰ ਵੀ ਲਾਏ ਗਏ ਹਨ ਅਤੇ ਗੁ. ਸਾਹਿਬਾਨਾਂ ਦੇ ਪ੍ਰਬੰਧਕਾਂ ਨੂੰ ਆਉਣ ਵਾਲੀ ਸੰਗਤ ਨੂੰ ਜਾਗਰੂਕ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ, ਜੋ ਕਿ ਲੋਕਾਂ ਨੂੰ ਮਾਸਕ ਪਾਉਣ ਅਤੇ ਕੋਰੋਨਾ ਵਾਇਰਸ ਸਬੰਧੀ ਜਾਰੀ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੇ।
3 ਆਰਜ਼ੀ ਡਿਸਪੈਂਸਰੀਆਂ ਦਾ ਕੀਤਾ ਪ੍ਰਬੰਧ
ਸਿਹਤ ਮਹਿਕਮੇ ਵੱਲੋਂ ਸੰਗਤਾਂ ਦੀ ਸਹੂਲਤ ਲਈ 3 ਆਰਜ਼ੀ ਡਿਸਪੈਂਸਰੀਆਂ ਅਤੇ ਪੀ. ਐੱਚ. ਸੀ. ਸ੍ਰੀ ਕੀਰਤਪੁਰ ਸਾਹਿਬ ਵਿਖੇ 24 ਘੰਟੇ ਐਮਰਜੈਂਸੀ ਲਈ 5 ਡਾਕਟਰ ਜਨਰਲ ਅਤੇ 2 ਡਾਕਟਰ ਸਪੈਸ਼ਲਿਸਟ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਤਿੰਨ ਫੀਲਡ ਦੇ ਡਾਕਟਰ ਉਹ ਵੀ 24 ਘੰਟੇ ਇਥੇ ਤਾਇਨਾਤ ਰਹਿਣਗੇ।
ਇਥੇ ਇਹ ਵੀ ਦੱਸ ਦੇਈਏ ਕਿ ਲੰਗਰਾਂ ਦੀ ਚੈਕਿੰਗ ਲਈ 13 ਟੀਮਾਂ ਲਗਾਈਆਂ ਗਈਆਂ ਹਨ, ਜਿਸ ’ਚ 2 ਟੀਮਾਂ ਸ੍ਰੀ ਕੀਰਤਪੁਰ ਸਾਹਿਬ ਅਤੇ 11 ਟੀਮਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਇਨਾਤ ਰਹਿਣਗੀਆਂ, ਜੋ ਲੰਗਰ ਅਤੇ ਪਾਣੀ ਦੀ ਜਾਂਚ ਕਰਨਗੀਆਂ।
ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ 7 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਸ ’ਚ ਦੋ ਟੀਮਾਂ ਸ੍ਰੀ ਕੀਰਤਪੁਰ ਸਾਹਿਬ ਅਤੇ 5 ਟੀਮਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਟਲਾਂ ’ਚ ਆ ਕੇ ਰਹਿਣ ਵਾਲੇ ਲੋਕਾਂ ਦੀ ਜਾਂਚ ਕਰਨਗੀਆਂ ਅਤੇ ਬਿਨਾਂ ਮਾਸਕ ਘੁੰਮਦੇ ਲੋਕਾਂ ਦਾ ਕੋਰੋਨਾ ਟੈਸਟ ਕਰਨਗੀਆਂ। ਇਸ ਤੋਂ ਇਲਾਵਾ ਜਨ ਸਿਹਤ ਵਿਭਾਗ ਵੱਲੋਂ ਸੰਗਤ ਦੀ ਸਹੂਲਤ ਲਈ ਵੱਖ-ਵੱਖ ਥਾਂਵਾਂ ’ਤੇ ਆਰਜ਼ੀ ਪਖਾਨੇ ਬਣਾਏ ਗਏ ਹਨ।
ਪਾਵਰਕਾਮ ਮਹਿਕਮੇ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ 24 ਘੰਟੇ ਬਿਜਲੀ ਸਪਲਾਈ ਲਈ ਲੋੜੀਂਦੇ ਟਰਾਂਸਫ਼ਾਰਮਰ ਅਤੇ ਬਿਜਲੀ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆ ਸਕੇ। ਸੜਕ ਦੀਆਂ ਲਾਈਟਾਂ ਨੂੰ ਵੀ ਠੀਕ ਕੀਤਾ ਜਾ ਰਿਹਾ ਹੈ ਤਾਂ ਜੋ ਰਾਤ ਸਮੇਂ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਆਵੇ।
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਮਰਾਲਾ 'ਚ 'ਕੋਰੋਨਾ' ਕਾਰਨ ਇਕ ਅਧਿਆਪਕ ਦੀ ਮੌਤ
NEXT STORY