ਸ੍ਰੀ ਕੀਰਤਪੁਰ ਸਾਹਿਬ(ਬਾਲੀ) - ਖਾਲਸਾਈ ਜਾਹੋ-ਜਲਾਲ ਨੂੰ ਦਰਸਾਉਂਦੇ ਕੌਮੀ ਤਿਉਹਾਰ ਹੋਲੇ ਮਹੱਲੇ ਮੇਲੇ ਦਾ ਪਹਿਲਾ ਤਿੰਨ ਰੋਜ਼ਾ ਪੜਾਅ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਦੇ ਨਾਲ ਹੀ 28 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੇਲੇ ਦਾ ਦੂਸਰਾ ਪੜਾਅ ਸ਼ੁਰੂ ਹੋ ਜਾਵੇਗਾ। ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਸਾਲਾਨਾ ਕੌਮੀ ਤਿਉਹਾਰ ਹੋਲੇ ਮਹੱਲੇ ਮੇਲੇ ਦੇ ਪਹਿਲੇ ਪੜਾਅ ਦੀ ਅੱਜ ਸਮਾਪਤੀ ਸਮੇਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ। ਇਸ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰ ਕੇ ਸਮਾਜ ਵਿਚ ਫੈਲੇ ਹਨੇਰੇ ਨੂੰ ਦੂਰ ਕੀਤਾ ਅਤੇ ਹੋਲੀ ਨੂੰ ਹੋਲੇ ਮਹੱਲੇ ਦਾ ਨਵਾਂ ਸਰੂਪ ਦੇ ਕੇ ਸਿੱਖ ਪੰਥ ਵਿਚ ਨਿਆਰੇਪਨ ਦੀ ਮਿਸਾਲ ਪੈਦਾ ਕੀਤੀ ਅਤੇ ਖਾਲਸਾ ਫੌਜ ਨੂੰ ਜੰਗੀ ਖੇਡਾਂ ਨਾਲ ਜੋੜਿਆ। ਇਸ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ, ਭਾਈ ਅਮਰਜੀਤ ਸਿੰਘ, ਰਣਜੀਤ ਸਿੰਘ, ਭਾਈ ਨਿਰਮਲ ਸਿੰਘ, ਅਮਰਜੀਤ ਸਿੰਘ ਜਿੰਦਵੜੀ ਮੀਤ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਸਤਨਾਮ ਸਿੰਘ ਰਿਆੜ, ਭੁਪਿੰਦਰ ਸਿੰਘ ਬਜਰੂੜ ਆਦਿ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਸੰਗਤਾਂ ਹਾਜ਼ਰ ਸਨ।
ਮੇਲੇ ਦਾ ਦੂਜਾ ਪੜਾਅ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਵੇਗਾ ਸ਼ੁਰੂ
ਬੇਸ਼ੱਕ ਮੇਲੇ ਦਾ ਪਹਿਲਾ ਪੜਾਅ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਮਾਪਤ ਹੋ ਗਿਆ ਪਰ ਸੰਪੂਰਨ ਤੌਰ 'ਤੇ ਮੇਲੇ ਦੀ ਸਮਾਪਤੀ ਤਕ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ-ਨਾਲ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨ ਵੀ ਕਰਦੀਆਂ ਹਨ। ਮੇਲੇ ਦਾ ਦੂਸਰਾ ਪੜਾਅ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋ ਜਾਵੇਗਾ ਅਤੇ 2 ਮਾਰਚ ਨੂੰ ਮੇਲਾ ਸ਼ਾਨੋ-ਸ਼ੌਕਤ ਨਾਲ ਮਹੱਲੇ ਦੇ ਨਾਲ ਸਮਾਪਤ ਹੋਵੇਗਾ।
ਧਾਰਮਕ ਦੀਵਾਨਾਂ 'ਚ ਸੰਗਤਾਂ ਨੇ ਲਵਾਈ ਹਾਜ਼ਰੀ
ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੇਲੇ ਦੇ ਤੀਸਰੇ ਤੇ ਆਖਰੀ ਦਿਨ ਸੰਗਤਾਂ ਨੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਦਰਗਾਹ ਪੀਰ ਬਾਬਾ ਬੁੱਢਣ ਸ਼ਾਹ, ਡੇਰਾ ਬਾਬਾ ਸ੍ਰੀ ਚੰਦ ਜੀ, ਗੁਰਦੁਆਰਾ ਚਰਨ ਕੰਵਲ ਸਾਹਿਬ, ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਆਦਿ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਸਰੋਵਰ ਤੇ ਅਸਤਘਾਟ ਵਿਚ ਇਸ਼ਨਾਨ ਕੀਤਾ।
ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, ਨਾਬਾਲਗਾ ਨਾਲ ਬਲਾਤਕਾਰ 'ਤੇ 'ਮੌਤ' ਦੀ ਸਜ਼ਾ
NEXT STORY