ਡੇਰਾਬੱਸੀ (ਅਨਿਲ ਸ਼ਰਮਾ) : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦੇ ਡੇਰਾਬੱਸੀ ਪਹੁੰਚਣ 'ਤੇ ਇਲਾਕੇ ਦਾ ਮਾਹੌਲ ਭਗਤੀਮਈ ਹੋ ਗਿਆ। ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨਾਲ-ਨਾਲ ਭਾਜਪਾ ਆਗੂਆਂ ਅਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਯਾਤਰਾ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਜੈਕਾਰਿਆਂ ਨਾਲ ਪੂਰੇ ਇਲਾਕੇ ਨੂੰ ਗੂੰਜਾ ਦਿੱਤਾ। ਸ਼ੋਭਾ ਯਾਤਰਾ ਦੀ ਅਗਵਾਈ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਨੇ ਖ਼ੁਦ ਟਰੈਕਟਰ ਚਲਾ ਕੇ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਪਣੇ ਜੀਵਨ 'ਚ ਅਪਣਾਉਣ ਅਤੇ ਸਮਾਜ 'ਚ ਆਪਸੀ ਪਿਆਰ ਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ।
ਯਾਤਰਾ 'ਚ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦਾ ਵਿਸ਼ਾਲ ਕਾਫਲਾ ਸ਼ਾਮਲ ਰਿਹਾ, ਜਿਸ ਕਾਰਨ ਡੇਰਾਬੱਸੀ ਦੀਆਂ ਸੜਕਾਂ 'ਤੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਵਿਲੱਖਣ ਨਜ਼ਾਰਾ ਦੇਖਣ ਨੂੰ ਮਿਲਿਆ। ਸੰਗਤਾਂ ਨੇ ਰਸਤੇ ਭਰ ਸ਼ੋਭਾ ਯਾਤਰਾ ਦਾ ਸਵਾਗਤ ਕਰਦਿਆਂ ਪਵਿੱਤਰ ਕਲਸ਼ ਦੇ ਦਰਸ਼ਨ ਕੀਤੇ ਅਤੇ ਅਸੀਸ ਪ੍ਰਾਪਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਰਾਹ ਦਿਖਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਵਾਰਾਣਸੀ ਤੋਂ ਆਰੰਭ ਹੋਈ ਇਹ ਪਵਿੱਤਰ ਕਲਸ਼ ਯਾਤਰਾ ਲੋਕਾਂ ਨੂੰ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਨਾਲ ਜੋੜਨ ਦਾ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਕਾਸ਼ੀ ਤੋਂ ਲਿਆਂਦੀ ਗਈ ਪਵਿੱਤਰ ਚਰਨ-ਛੋਹ ਪ੍ਰਾਪਤ ਮਿੱਟੀ ਅਤੇ ਕਲਸ਼ ਦੇ ਦਰਸ਼ਨ ਕਰਨਾ ਸੰਗਤਾਂ ਲਈ ਆਧਿਆਤਮਿਕ ਤੌਰ 'ਤੇ ਬਹੁਤ ਹੀ ਸੁਭਾਗਾ ਪਲ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਦੱਸੇ ਸੱਚ, ਬਰਾਬਰੀ ਅਤੇ ਸੇਵਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਵੀ ਦਿੱਤਾ।
ਪੰਜਾਬ ਦੁਖਦ ਘਟਨਾ, ਨਹਿਰ 'ਚ ਨਹਾਉਂਦਿਆਂ ਲਾਪਤਾ ਹੋਇਆ ਮੁੰਡਾ
NEXT STORY