ਫਗਵਾੜਾ (ਜਲੋਟਾ) : ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਮਾਲ ਗੋਦਾਮ ਰੋਡ ’ਤੇ ਬੀਤੀ ਰਾਤ ਕੁਝ ਨੌਜਵਾਨਾਂ ਵੱਲੋਂ ਆਪਸੀ ਵਿਵਾਦ ਦੇ ਚੱਲਦਿਆਂ ਇਕ ਦਫ਼ਤਰ ਅਤੇ ਸੈਲੂਨ ਵਿੱਚ ਜੰਮ ਕੇ ਭੰਨਤੋੜ ਕਰਨ ਤੋਂ ਬਾਅਦ ਉਸ ਨੂੰ ਅੱਗ ਦੇ ਹਵਾਲੇ ਕਰਨ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਅੱਗਜ਼ਨੀ ਦੀ ਇਸ ਭਿਆਨਕ ਘਟਨਾ ਵਿੱਚ ਦੁਕਾਨ ਦੇ ਅੰਦਰ ਰੱਖਿਆ ਸਾਮਾਨ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਿਆ, ਜਿਸ ਕਾਰਨ ਪੀੜਤ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ, ਜਿਸ ਨਾਲ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ। ਦੂਜੇ ਪਾਸੇ ਪੁਲਸ ਪ੍ਰਸ਼ਾਸਨ ਨੇ ਵੀ ਤੁਰੰਤ ਘਟਨਾ ਸਥਾਨ ਦਾ ਮੁਆਇਨਾ ਕਰ ਕੇ ਪੀੜਤ ਧਿਰਾਂ ਦੇ ਬਿਆਨ ਦਰਜ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮਾਲ ਗੋਦਾਮ ਰੋਡ ’ਤੇ ਲਵਲੀਨ ਨਾਮਕ ਨੌਜਵਾਨ ਦਾ ਦਫ਼ਤਰ ਅਤੇ ਨਾਲ ਹੀ ਮਨਪ੍ਰੀਤ ਦਾ ਇਕ ਸੈਲੂਨ ਸਥਿਤ ਹੈ। ਪੀੜਤ ਦੁਕਾਨਦਾਰ ਲਵਲੀਨ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਸ਼ਹਿਰ ਦੇ ਹੀ ਕੁਝ ਨੌਜਵਾਨਾਂ ਨਾਲ ਆਪਸੀ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦਾ ਮਾਮੂਲੀ ਵਿਵਾਦ ਹੋਇਆ ਸੀ। ਇਸ ਵਿਵਾਦ ਤੋਂ ਬਾਅਦ ਮੁਲਜ਼ਮ ਨੌਜਵਾਨ ਰੰਜਿਸ਼ ਰੱਖਣ ਲੱਗੇ ਅਤੇ ਰਾਤ ਨੂੰ ਤੈਸ਼ ਵਿੱਚ ਆ ਕੇ ਆਪਣੇ ਕੁਝ ਹੋਰ ਸਾਥੀਆਂ ਨਾਲ ਉੱਥੇ ਪਹੁੰਚ ਗਏ। ਮੁਲਜ਼ਮਾਂ ਨੇ ਦਫ਼ਤਰ ਦੇ ਸ਼ੀਸ਼ੇ ਅਤੇ ਅੰਦਰ ਰੱਖਿਆ ਸਾਮਾਨ ਲੋਹੇ ਦੀ ਰਾਡ ਨਾਲ ਤੋੜ ਦਿੱਤਾ ਅਤੇ ਫਿਰ ਦੁਕਾਨ ਨੂੰ ਅੱਗ ਲਗਾ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦੀ ਇਕ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇਕ ਮੁਲਜ਼ਮ ਨੌਜਵਾਨ ਹੱਥ ਵਿੱਚ ਲੋਹੇ ਦੀ ਰਾਡ ਫੜੀ ਸਾਫ਼ ਤੌਰ ’ਤੇ ਦਿਖਾਈ ਦੇ ਰਿਹਾ ਹੈ। ਹਾਲਾਂਕਿ ਉਕਤ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਪੀੜਤ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਮੁਲਜ਼ਮਾਂ ਨੇ ਸ਼ਰਾਬ ਦੇ ਨਸ਼ੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਅੱਗ ਇੰਨੀ ਭਿਆਨਕ ਸੀ ਕਿ ਦਫ਼ਤਰ ਦੇ ਨਾਲ-ਨਾਲ ਮਨਪ੍ਰੀਤ ਦਾ ਸੈਲੂਨ ਵੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਅਤੇ ਉਸ ਵਿੱਚ ਰੱਖਿਆ ਕੀਮਤੀ ਸਾਮਾਨ ਤੇ ਕਾਗਜ਼ਾਤ ਸੜ ਗਏ।

ਘਟਨਾ ਦੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 8:30 ਵਜੇ ਮਾਲ ਗੋਦਾਮ ਰੋਡ ’ਤੇ ਦੁਕਾਨ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਤੁਰੰਤ ਬਾਅਦ ਦਮਕਲ ਦੀ ਗੱਡੀ ਨੂੰ ਮੌਕੇ ’ਤੇ ਰਵਾਨਾ ਕੀਤਾ ਗਿਆ। ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਕੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੁਕਾਨ ਦੇ ਅੰਦਰ ਦਾ ਢਾਂਚਾ ਪੂਰੀ ਤਰ੍ਹਾਂ ਨਸ਼ਟ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਹਿਮਾਚਲ ਦੇ ਚੰਬਾ 'ਚ ਵੱਡਾ ਹਾਦਸਾ ! ਬੇਕਾਬੂ ਹੋ ਕੇ ਡੂੰਘੀ ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਦਰਦਨਾਕ ਮੌਤ
ਮੌਕੇ ’ਤੇ ਪਹੁੰਚੇ ਪੁਲਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਅੱਗਜ਼ਨੀ ਅਤੇ ਭੰਨਤੋੜ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਪੀੜਤਾਂ ਦੇ ਬਿਆਨ ਕਲਮਬੱਧ ਕਰ ਲਏ ਗਏ ਹਨ ਅਤੇ ਘਟਨਾ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੀ. ਸੀ. ਟੀ. ਵੀ. ਫੁਟੇਜ ਅਤੇ ਬਿਆਨਾਂ ਦੇ ਅਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੀੜਤ ਦੁਕਾਨਦਾਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
NEXT STORY