ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਜ਼ਾਸਟਰ ਮੈਨੇਜਮੈਂਟ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਐੱਸ.ਐੱਸ.ਪੀ. ਜੇ. ਏਲੀਚੇਲਿਅਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਭਾਗ ਜ਼ਿਲਾ ਡਿਜ਼ਾਸਟਰ ਮੈਨੇਜਮੈਂਟ ਪਲਾਨ ਮੁਤਾਬਕ ਆਪੋ-ਆਪਣੀ ਜ਼ਿੰਮੇਵਾਰੀ ਅਨੁਸਾਰ ਪ੍ਰਬੰਧ ਕਰਨੇ ਯਕੀਨੀ ਬਣਾਉਣ, ਤਾਂ ਜੋ ਕਿਸੇ ਵੀ ਹਾਲਾਤ ਨਾਲ ਨਜਿੱਠਿਆ ਜਾ ਸਕੇ। ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਅਫ਼ਵਾਹਾਂ ’ਤੇ ਬਿਲਕੁੱਲ ਭਰੋਸਾ ਨਾ ਕੀਤਾ ਜਾਵੇ ਅਤੇ ਸਰਕਾਰੀ ਤੌਰ ’ਤੇ ਦਿੱਤੀ ਜਾ ਰਹੀ ਜਾਣਕਾਰੀ ’ਤੇ ਹੀ ਯਕੀਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਸੋਸ਼ਲ ਮੀਡੀਆ ਰਾਹੀਂ ਕਈ ਵਾਰ ਝੂਠੀਆਂ ਅਫ਼ਵਾਹਾਂ ਫੈਲਾ ਕੇ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋਡ਼ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਐਂਬੂਲੈਂਸ ਅਤੇ ਸਿਹਤ ਸੇਵਾਵਾਂ ਦੇ ਪੁਖਤਾ ਪ੍ਰਬੰਧ ਕਰਨ ਸਬੰਧੀ ਨਿਰਦੇਸ਼ ਦਿਤੇ। ਉਨ੍ਹਾਂ ਨੇ ਫ਼ਾਇਰ ਬ੍ਰਿਗੇਡ ਸੇਵਾਵਾਂ, ਨੈੱਟਵਰਕ ਸਿਸਟਮ, ਪਾਣੀ ਅਤੇ ਹੋਰ ਸੇਵਾਵਾਂ ਸਬੰਧੀ ਅਧਿਕਾਰੀਆਂ ਨੂੰ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਜ਼ਿਲਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੁਲਾਂ, ਨਹਿਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਵੀ ਵਿਸ਼ੇਸ਼ ਚੌਕਸੀ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਐੱਸ.ਡੀ.ਐੱਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸਬ-ਡਵੀਜ਼ਨ ਪੱਧਰ ’ਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗੇਤੇ ਤੌਰ ’ਤੇ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ। ਐੱਸ.ਐੱਸ.ਪੀ. ਜੇ. ਏਲੀਚੇਲਿਅਨ ਨੇ ਦੱਸਿਆ ਕਿ ਜ਼ਿਲਾ ਪੁਲਸ ਵੱਲੋਂ ਸੁਰੱਖਿਆ ਪੱਖੋਂ ਸਾਰੇ ਪ੍ਰਬੰਧ ਯਕੀਨੀ ਬਣਾਉਣ ਵਿਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਰੱਖਿਆ ਨਾਲ ਜੁਡ਼ੇ ਕਿਸੇ ਵੀ ਮਾਮਲੇ ਸਬੰਧੀ ਜੇਕਰ ਕੋਈ ਵਿਅਕਤੀ ਜਾਣਕਾਰੀ ਦੇਣਾ ਚਾਹੁੰਦਾ ਹੈ, ਤਾਂ 100 ਅਤੇ 112 ਨੰਬਰਾਂ ’ਤੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਐੱਸ.ਡੀ.ਐੱਮ. ਮੁਕੇਰੀਆਂ ਅਦਿੱਤਿਆ ਉੱਪਲ, ਆਈ.ਏ.ਐੱਸ. ਅਧਿਕਾਰੀ ਗੌਤਮ ਜੈਨ, ਐੱਸ.ਪੀ. ਬਲਬੀਰ ਸਿੰਘ, ਐੱਸ.ਡੀ.ਐੱਮ. ਹੁਸ਼ਿਆਰਪੁਰ ਅਮਿਤ ਸਰੀਨ, ਐੱਸ.ਡੀ.ਐੱਮ. ਗਡ਼੍ਹਸ਼ੰਕਰ ਹਰਬੰਸ ਸਿੰਘ, ਐੱਸ.ਡੀ.ਐੱਮ. ਦਸੂਹਾ ਸ਼੍ਰੀਮਤੀ ਜੋਤੀ ਬਾਲਾ, ਜ਼ਿਲਾ ਮਾਲ ਅਫ਼ਸਰ ਅਮਨਪਾਲ ਸਿੰਘ, ਸਿਵਲ ਸਰਜਨ ਡਾ. ਰੇਣੂ ਸੂਦ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਜ਼ਿਲੇ ਦੇ ਸਾਰੇ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ ਦੇ 2 ਟੁੱਕ ਜਵਾਬ ਕਾਰਨ ਭਡ਼ਕੇ ਮੁਲਾਜ਼ਮ
NEXT STORY