ਹੁਸ਼ਿਆਰਪੁਰ (ਘੁੰਮਣ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਅਤੇ ਸੈਲਫ਼ ਹੈਲਪ ਗਰੁੱਪਾਂ ਨੂੰ ਆਪਣਾ ਕਾਰੋਬਾਰ ਖੋਲ੍ਹਣ ਲਈ ਬੈਂਕਾਂ ਵੱਲੋਂ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਹ ਆਪਣੀ ਆਰਥਕ ਸਥਿਤੀ ਹੋਰ ਮਜ਼ਬੂਤ ਕਰ ਸਕਣ। ਉਹ ਅੱਜ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਕੀਤੀ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਵੱਖ-ਵੱਖ ਬੈਂਕਾਂ ਵੱਲੋਂ ਕਰਜ਼ਾ ਯੋਜਨਾ ਸਾਲ 2018-19 ਤਹਿਤ 2018 ਤੱਕ ਕੁੱਲ 7066.59 ਕਰੋਡ਼ ਰੁਪਏ ਦੇ ਤੌਰ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਵੱਧ ਤੋਂ ਵੱਧ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ਾ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਗਰੁੱਪ ਤਾਂ ਹੀ ਆਪਣਾ ਕਾਰੋਬਾਰ ਜਲਦੀ ਸ਼ੁਰੂ ਕਰ ਸਕਦੇ ਹਨ, ਜੇਕਰ ਬੈਂਕਾਂ ਵੱਲੋਂ ਸਮੇਂ ਸਿਰ ਕਰਜ਼ਾ ਮੁਹੱਈਆ ਕਰਵਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਜ਼ਰੂਰਤਮੰਦ ਲੋਕਾਂ ਨੂੰ ਵੀ ਬਿਨਾਂ ਕਿਸੇ ਖੱਜਲ-ਖੁਆਰੀ ਕਰਜ਼ਾ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਅਧੀਨ ਜ਼ਿਆਦਾ ਤੋਂ ਜ਼ਿਆਦਾ ਯੋਗ ਵਿਅਕਤੀਆਂ ਦਾ ਬੀਮਾ ਕੀਤਾ ਜਾਵੇ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਉਪ ਜ਼ਿਲਾ ਮੈਨੇਜਰ ਸੰਜੀਵ ਸੇਠ, ਡੀ.ਡੀ.ਐੱਮ. ਨਾਬਾਰਡ ਇੰਦਰਜੀਤ ਕੌਰ, ਲੀਡ ਜ਼ਿਲਾ ਮੈਨੇਜਰ ਰਾਮ ਕ੍ਰਿਸ਼ਨ ਚੋਪਡ਼ਾ ਨੇ ਵੀ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ। ®
ਅਫ਼ਵਾਹਾਂ ’ਤੇ ਭਰੋਸਾ ਨਾ ਕੀਤਾ ਜਾਵੇ : ਡਿਪਟੀ ਕਮਿਸ਼ਨਰ
NEXT STORY