ਹੁਸ਼ਿਆਰਪੁਰ (ਘੁੰਮਣ)- ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜਿਥੇ ‘ਸੁਵਿਧਾ ਐਪ’ ਅਤੇ ‘ਸੀ-ਵਿਜਿਲ’ ਐਪ ਸ਼ੁਰੂ ਕਰ ਕੇ ਨਿਵੇਕਲੇ ਉਪਰਾਲੇ ਕੀਤੇ ਗਏ ਹਨ, ਉਥੇ ਵੋਟਰਾਂ ਦੀ ਸਹੂਲਤ ਲਈ ‘ਵੋਟਰ ਹੈਲਪਲਾਈਨ’ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ‘ਸੀ-ਵਿਜਿਲ’ ਐਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਪ ਆਦਰਸ਼ ਚੋਣ ਜ਼ਾਬਤਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਹਾਈ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾ ਸਬੰਧੀ ਕੋਈ ਵੀ ਵਿਅਕਤੀ ਇਸ ਮੋਬਾਇਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਸਬੰਧਤ ਉੱਡਣ ਦਸਤਿਆਂ ਵੱਲੋਂ ਮਾਮਲੇ ਦੀ ਪਡ਼ਤਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਤਹਿਤ ਅਪਲੋਡ ਕੀਤੀ ਗਈ ਸ਼ਿਕਾਇਤ ’ਤੇ 100 ਮਿੰਟ ’ਚ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ‘ਸੁਵਿਧਾ ਐਪ’ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਇਹ ਐਪ ਉਮੀਦਵਾਰਾਂ ਅਤੇ ਰਾਜਨੀਤਕ ਪਾਰਟੀਆਂ ਨੂੰ ਇਕ ਛੱਤ ਥੱਲੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਅਤੇ ਰਾਜਨੀਤਕ ਪਾਰਟੀਆਂ ਮੀਟਿੰਗਾਂ ਅਤੇ ਰੈਲੀਆਂ ਆਦਿ ਦੀ ਮਨਜ਼ੂਰੀ ਲੈਣ ਲਈ ਇਸ ਐਪ ਰਾਹੀਂ ਸੁਵਿਧਾ ਪ੍ਰਾਪਤ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਉਮੀਦਵਾਰਾਂ ਅਤੇ ਪਾਰਟੀਆਂ ਵੱਲੋਂ ਅਪਲਾਈ ਕਰਨ ਦੇ 24 ਘੰਟੇ ਅੰਦਰ ਸਬੰਧਤ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ। ਸ਼੍ਰੀਮਤੀ ਈਸ਼ਾ ਕਾਲੀਆ ਨੇ ‘ਵੋਟਰ ਹੈਲਪਲਾਈਨ’ ਬਾਰੇ ਦੱਸਦਿਆਂ ਕਿਹਾ ਕਿ ਇਸ ਐਪ ਰਾਹੀਂ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਂ ਲੱਭਣ, ਆਨਲਾਈਨ ਫਾਰਮ ਜਮ੍ਹਾ ਕਰਵਾਉਣ, ਅਰਜ਼ੀ ਦੀ ਸਥਿਤੀ ਦਾ ਪਤਾ ਲਾਉਣ, ਮੋਬਾਇਲ ਐਪ ’ਤੇ ਸ਼ਿਕਾਇਤ ਦਰਜ ਕਰਵਾਉਣ ਅਤੇ ਜਵਾਬ ਹਾਸਲ ਕਰਨ ਦੇ ਨਾਲ-ਨਾਲ ਬੂਥ ਲੈਵਲ ਅਧਿਕਾਰੀਆਂ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜ਼ਿਲਾ ਚੋਣ ਅਫ਼ਸਰਾਂ ਨਾਲ ਸੰਪਰਕ ਕਰਨ ਸਬੰਧੀ ਵੇਰਵੇ ਹਾਸਲ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਸਾਰੀ ਜਾਣਕਾਰੀ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ 1950 ਹੈਲਪਲਾਈਨ ਨੰਬਰ ’ਤੇ ਕਾਲ ਕਰ ਕੇ ਹਾਸਲ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਆਮ ਲੋਕ 1950 ’ਤੇ ਐੱਸ.ਐੱਮ.ਐੱਸ. ਭੇਜ ਕੇ ਸੇਵਾ ਦਾ ਲਾਭ ਵੀ ਉਠਾ ਸਕਦੇ ਹਨ ਅਤੇ ਇਹ ਬਿਲਕੁਲ ਮੁਫ਼ਤ ਹੈ। ਇਸ ਮੋਬਾਇਲ ਐਪ ਜ਼ਰੀਏ ਸਾਰੇ ਫ਼ਾਰਮ, ਨਤੀਜੇ, ਉਮੀਦਵਾਰ ਦਾ ਹਲਫ਼ਨਾਮਾ ਅਤੇ ਹੋਰ ਮਹੱਤਵਪੂਰਨ ਨਿਰਦੇਸ਼ ਆਦਿ ਸਹੂਲਤਾਂ ਉਪਲੱਬਧ ਹੋ ਜਾਂਦੀਆਂ ਹਨ। ਜ਼ਿਲਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਦਿਵਿਆਂਗਜਨ ਵੋਟਰਾਂ (ਪੀ.ਡਬਲਿਊ.ਡੀਜ਼) ਦੀ ਸਹੂਲਤ ਲਈ ‘ਪੀ.ਡਬਲਿਊ.ਡੀ. ਐਪ’ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਸ ਐਪ ਵਿਚ ਦਿਵਿਆਂਗਜਨ ਨਵੀਂ ਰਜਿਸਟ੍ਰੇਸ਼ਨ ਲਈ ਬੇਨਤੀ ਕਰਨ, ਪਤੇ ਵਿਚ ਤਬਦੀਲੀ, ਵੇਰਵੇ ਵਿਚ ਤਬਦੀਲੀ ਅਤੇ ਆਪਣੇ ਆਪ ਨੂੰ ਪੀ.ਡਬਲਿਊ.ਡੀ. ਵਜੋਂ ਮਾਰਕ ਕਰਨ ਦੀਆਂ ਸਹੂਲਤਾਂ ਹਾਸਲ ਕਰ ਸਕਦੇ ਹਨ। ਦਿਵਿਆਂਗਜਨ ਵੋਟਰਾਂ ਨੇ ਸਿਰਫ਼ ਆਪਣੇ ਸੰਪਰਕ ਸਬੰਧੀ ਵੇਰਵੇ ਭਰਨੇ ਹਨ ਅਤੇ ਫਿਰ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਪੁੱਜ ਕੇ ਸਹੂਲਤ ਪ੍ਰਦਾਨ ਕਰਨਾ, ਬੂਥ ਲੈਵਲ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਸ਼੍ਰੀਮਤੀ ਈਸ਼ਾ ਕਾਲੀਆ ਨੇ ਅਪੀਲ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀਆਂ ਗਈਆ ਉਕਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਨੌਜਵਾਨਾਂ ਤੋਂ ਇਲਾਵਾ ਜੇਕਰ ਕਿਸੇ ਨੇ ਅਜੇ ਤੱਕ ਵੋਟ ਨਹੀਂ ਬਣਾਈ, ਤਾਂ ਉਹ ਪਹਿਲ ਦੇ ਆਧਾਰ ’ਤੇ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਬਿਨਾਂ ਕਿਸੇ ਡਰ ਅਤੇ ਭੈਅ ਦੇ ਵਰਤੋਂ ਕਰਨੀ ਚਾਹੀਦੀ ਹੈ।
ਸੁਰੱਖਿਆ ਦੇ ਮੱਦੇਨਜ਼ਰ ਗੱਡੀਆਂ ਦੀ ਕੀਤੀ ਚੈਕਿੰਗ
NEXT STORY