ਹੁਸ਼ਿਆਰਪੁਰ (ਘੁੰਮਣ)- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫ਼ੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।
ਇਸੇ ਤਰ੍ਹਾਂ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫ਼ਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਦੀਵਾਲੀ ਦੇ ਮੱਦੇਨਜ਼ਰ ਮੈਡੀਕਲ ਸੁਪਰਡੈਂਟ ਡਾਕਟਰਾਂ ਨੂੰ ਜਾਰੀ ਕੀਤੇ ਨਵੇਂ ਹੁਕਮ
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖ਼ਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮ ਵਿਚ ਹਦਾਇਤ ਕੀਤੀ ਗਈ ਹੈ ਕਿ ਜੇਕਰ ਉਕਤ ਦਰੱਖ਼ਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਜਲੰਧਰ ਛਾਉਣੀ ਦੀ ਆਜ਼ਾਦ ਸਬਜ਼ੀ ਮੰਡੀ ਨੇੜੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਇਹ ਹੁਕਮ ਪਿੰਡਾਂ ਵਿਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵੱਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਦੀਵਾਲੀ ਮੌਕੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਵਿਖੇ ਭੁਲੱਥ ਦੇ ਨੌਜਵਾਨ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਜ਼ਮੀਨੀ ਵਿਵਾਦ ਤੋਂ ਪ੍ਰੇਸ਼ਾਨ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
NEXT STORY