ਹੁਸ਼ਿਆਰਪੁਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਿਲਾ ਸਸ਼ਕਤੀਕਰਨ ਦੇ ਉਪਰਾਲਿਆਂ ਤਹਿਤ ਹੁਸ਼ਿਆਰਪੁਰ ਵਿੱਚ 38 ਲੋੜਵੰਦ ਔਰਤਾਂ ਨੂੰ ਈ-ਰਿਕਸ਼ਾ ਮੁਹੱਈਆ ਕਰਵਾ ਕੇ ਸਵੈ ਨਿਰਭਰ ਬਣਾਉਣ ਦੇ ਨਾਲ-ਨਾਲ ਔਰਤਾਂ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਅਹਿਮ ਕਦਮ ਚੁੱਕੇ ਗਏ ਹਨ।
ਔਰਤਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਦੇ ਨਿਪਟਾਰੇ ਲਈ ਸਥਾਪਤ ਕੀਤੇ ਸਖੀ ਵਨ ਸਟਾਪ ਸੈਂਟਰ ਵਿੱਚ ਰਿਪੋਰਟ ਹੋਏ ਕੁੱਲ 418 ਮਾਮਲਿਆਂ ਵਿਚੋਂ 413 ਨੂੰ ਸੁਚੱਜੇ ਢੰਗ ਨਾਲ ਨਿਪਟਾਇਆ ਗਿਆ।
ਰਾਸ਼ਟਰੀ ਬਾਲੜੀ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਲੜਕਿਆਂ ਵਾਂਗ ਲੜਕੀਆਂ ਲਈ ਵੀ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਯਕੀਨੀ ਬਣਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ ਹੈ ਜਿਸ ਨੂੰ ਕਿ ਬਣਦੀ ਤਰਜ਼ੀਹ ਦੇਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰੀ ਬਾਲੜੀ ਦਿਵਸ 24 ਜਨਵਰੀ ਦੇ ਮੱਦੇਨਜ਼ਰ ਹਫ਼ਤਾਵਰੀ ਪ੍ਰੋਗਰਾਮਾਂ ਲੜੀ 21 ਜਨਵਰੀ ਤੋਂ ਸ਼ੁਰੂ ਕੀਤੀ ਗਈ ਜਿਸ ਤਹਿਤ ਲੜਕੀਆਂ ਅਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਹੂਲਤਾਂ ਤੋਂ ਜਾਣੂ ਕਰਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਫੰਡਾਂ ਰਾਹੀਂ ਸ਼ੁਰੂ ਕੀਤੇ ਈ-ਰਿਕਸ਼ਾ ਦਾ ਉਪਰਾਲਾ ਬਹੁਤ ਹੀ ਸਫਲ ਰਿਹਾ ਜਿਸ ਤਹਿਤ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 38 ਲੋੜਵੰਦ ਔਰਤਾਂ ਨੂੰ ਈ-ਰਿਕਸ਼ਾ ਮੁਹੱਈਆ ਕਰਵਾ ਕੇ ਆਪਣੇ ਪੈਰੀਂ ਹੋਣ ਦਾ ਮੌਕਾ ਪ੍ਰਦਾਨ ਕਰਾਇਆ ਗਿਆ ਅਤੇ ਇਹ ਸਾਰੀਆਂ ਔਰਤਾਂ ਵਧੀਆਂ ਢੰਗ ਨਾਲ ਕੰਮ ਕਰਦੀਆਂ ਹੋਈਆਂ ਆਪਣੀ ਰੋਜ਼ੀ ਰੋਟੀ ਕਮਾ ਰਹੀਆਂ ਹਨ।
ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲੀ ਪਹਿਲ ਕਦਮੀ ਤਹਿਤ ਨਵਜੰਮੀਆਂ ਬੱਚੀਆਂ ਦੇ ਘਰਾਂ ਦੇ ਬਾਹਰ ਉਨ੍ਹਾਂ ਦੇ ਨਾਂ ਦੀ ਪਲੇਟ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ ਜਿਸ ਤਹਿਤ 6040 ਪਲੇਟਾਂ ਲੱਗ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਲੜਕੀਆਂ ਦੀ ਲੋਹੜੀ ਮਨਾਉਣ ਦੇ ਉਪਰਾਲੇ ਤਹਿਤ ਹੁਣ ਤੱਕ 250 ਲੜਕੀਆਂ ਦੀ ਲੋਹੜੀ ਮਨਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਰਕਾਰੀ ਸਕੂਲਾਂ ਦੀਆਂ 10ਵੀਂ ਅਤੇ 12ਵੀਂ ਜਮਾਤ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਵਿਦਿਆਰਥਣਾਂ ਸਮੇਤ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਕੁੱਲ 47 ਵਿਦਿਆਰਥਣਾਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ।
ਅਪਨੀਤ ਰਿਆਤ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ 17 ਲੜਕੀਆਂ ਵਲੋਂ ਪੰਜਾਬ ਪੁਲਿਸ ਵਿੱਚ ਨੌਕਰੀ ਪ੍ਰਾਪਤ ਕਰਨ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਤਾਂ ਜੋ ਹੋਰਨਾਂ ਲੜਕੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕੇ। ਸਖੀ ਵਨ ਸਟਾਪ ਸੈਂਟਰ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 418 ਮਾਮਲਿਆਂ ਵਿਚੋਂ 413 ਮਾਮਲੇ ਨਿਪਟਾ ਦਿੱਤੇ ਗਏ ਹਨ ਜਦਕਿ 5 ਮਾਮਲਿਆਂ ’ਤੇ ਕਾਰਵਾਈ ਜਾਰੀ ਹੈ।
ਪੋਸ਼ਣ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਮਹੀਨੇ ਦੀ 14 ਅਤੇ 28 ਤਾਰੀਖ ਨੂੰ ਜ਼ਿਲ੍ਹੇ ਦੇ 1926 ਆਂਗਣਵਾੜੀ ਸੈਂਟਰ ’ਤੇ ਵਿਸ਼ੇਸ਼ ਵਿਚਾਰਾਂ ਕਰਾਈਆਂ ਜਾਂਦੀਆਂ ਹਨ ਤਾਂ ਜੋ ਗਰਭਵਤੀ ਔਰਤਾਂ ਨੂੰ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਬਾਰੇ ਜਾਣੂ ਕਰਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਲੋਂ ਸੋਸ਼ਲ ਮੀਡੀਆ ਰਾਹੀਂ ਵੱਖ-ਵੱਖ ਸਰਗਰਮੀਆਂ ਕਰਕੇ ਜੱਚਾ-ਬੱਚਾ ਸਾਂਭ-ਸੰਭਾਲ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕਣਾਂ ਵੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿੱਚ 1495 ਆਂਗਣਵਾੜੀ ਵਰਕਰਾਂ ਨੂੰ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਲੋਗੋ ਵਾਲੇ ਬੈਗ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਇਸ ਮੁਹਿੰਮ ਦੇ ਸੁਨੇਹੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾ ਸਕੇ।
ਰਵਨੀਤ ਬਿੱਟੂ ਖੁਦ ਚਾਹੁੰਦਾ ਸੀ ਕਿ ਲੋਕ ਉਸ ਨੂੰ ਕੁੱਟਣ : ਪਹਿਲਵਾਨ ਬਘੇਲ ਸਿੰਘ
NEXT STORY