ਟਾਂਡਾ ਉੜਮੁੜ (ਪੰਡਿਤ,ਮੋਮੀ,ਜਸਵਿੰਦਰ)- ਉੜਮੁੜ ਦੇ ਮੁਹੱਲਾ ਲਹੌਰੀਆ ਵਿਖੇ ਸੋਮਵਾਰ ਦੁਪਹਿਰ ਇਕ ਬਜ਼ੁਰਗ ਦੁਕਾਨਦਾਰ ਗੁਲਜ਼ਾਰ ਸਿੰਘ ਦੀ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿਚ ਟਾਂਡਾ ਪੁਲਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਕਾਤਲਾਂ ਤੱਕ ਪਹੁੰਚਣ ਲਈ ਪੁਲਸ ਵੱਲੋਂ ਵਾਰਦਾਤ ਵਾਲੇ ਇਲਾਕੇ ਅਤੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਪੁਲਸ ਟੀਮਾਂ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲਾਂ ਵੱਲੋਂ ਫਰਾਰ ਹੋਣ ਲਈ ਵਰਤੇ ਗਏ ਰੂਟ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਟੀਮਾਂ ਵੱਖ-ਵੱਖ ਥਾਵਾਂ ’ਤੇ ਸਰਗਰਮ ਹੋ ਕੇ ਸੁਰਾਗ ਇਕੱਠੇ ਕਰਨ ਵਿੱਚ ਜੁਟੀਆਂ ਹੋਈਆਂ ਹਨ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਹੱਤਿਆ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲਿਸ ਅਧਿਕਾਰੀਆਂ ਡੀ.ਐੱਸ.ਪੀ.ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਅਮਰਜੀਤ ਕੌਰ ਵੱਲੋਂ ਕਾਤਲਾਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਪੁਲਸ ਵੱਲੋਂ ਕਤਲ ਤਿਆ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੌਰਾਨ ਪੁਲਸ ਨੂੰ ਕਤਲ ਪਿੱਛੇ ਕਿਸੇ ਰੰਜਿਸ਼ ਦਾ ਸ਼ੱਕ ਹੈ, ਪਰ ਇਸ ਦੇ ਨਾਲ ਹੀ ਪੁਲਸ ਵੱਲੋਂ ਵੱਖ-ਵੱਖ ਥਿਊਰੀਆਂ ’ਤੇ ਕੰਮ ਕਰਦਿਆਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਸੀ.ਸੀ.ਟੀ.ਵੀ. ਫੁਟੇਜ ਤੋਂ ਇਲਾਵਾ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਸ ਦੌਰਾਨ ਬੀਤੀ ਰਾਤ ਟਾਂਡਾ ਪੁਲਸ ਨੇ ਮ੍ਰਿਤਕ ਗੁਲਜ਼ਾਰ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਗੁਲਜ਼ਾਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਗੁਲਜ਼ਾਰ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਪੁੱਤਰ ਦੇ ਵਿਦੇਸ਼ ਤੋਂ ਵਾਪਸ ਆਉਣ ਉਪਰੰਤ ਕੀਤਾ ਜਾਵੇਗਾ। ਇਸ ਦਰਦਨਾਕ ਘਟਨਾ ਕਾਰਨ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਮੁਹੱਲਾ ਵਾਸੀਆਂ ਵਿਚ ਦੁੱਖ ਦੀ ਲਹਿਰ ਹੈ। ਪਰਿਵਾਰ ਅਤੇ ਮੁਹੱਲਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਜ਼ੁਰਗ ਦੁਕਾਨਦਾਰ ਦਾ ਕਤਲ ਕਰਨ ਵਾਲੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦੀਆਂ ਸੂਚੀਆਂ
NEXT STORY