ਅੰਮ੍ਰਿਤਸਰ, (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਬਜਟ ਸਬੰਧੀ ਹੋਈ ਇਕੱਤਰਤਾ ਦੌਰਾਨ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਕੋਰੋਨਾ ਵਾਇਰਸ ਕਾਰਣ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜਨਰਲ ਹਾਊਸ ਦੀ ਪ੍ਰਵਾਨਗੀ ਦੇ ਅਾਧਾਰ ’ਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਇਨ੍ਹਾਂ ਨਾਲ ਸਬੰਧਤ ਅਦਾਰਿਆਂ ਤੇ ਸ਼ਾਖਾਵਾਂ, ਗੁਰਦੁਆਰਾ ਸਾਹਿਬਾਨ ਅਤੇ ਵਿੱਦਿਅਕ ਸੰਸਥਾਵਾਂ ਦੇ ਕੰਮਕਾਜ ਨੂੰ ਚਲਾਉਣ ਲਈ ਫਿਲਹਾਲ 90 ਦਿਨਾਂ ਦੇ ਖਰਚਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲ੍ਹਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਸਬੰਧੀ ਪੇਸ਼ ਕੀਤੇ ਗਏ ਮਤੇ ਨੂੰ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕੀਤਾ। ਅੰਤ੍ਰਿੰਗ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਣ ਕਰਫਿਊ ਵਾਲੇ ਹਾਲਾਤ ਦੇ ਮੱਦੇਨਜ਼ਰ ਬਜਟ ਸਬੰਧੀ ਜਨਰਲ ਇਜਲਾਸ ਹਾਲਾਤ ਸੁਖਾਵੇਂ ਹੋਣ ਉਪਰੰਤ ਹੀ ਸੱਦਿਆ ਜਾਵੇਗਾ। ਇਸ ਦੌਰਾਨ ਮਹਾਮਾਰੀ ਕੋਰੋਨਾ ਸਬੰਧੀ ਵਿਸ਼ੇਸ਼ ਉਪਰਾਲੇ ਕਰਨ ਲਈ ਹੋਣ ਵਾਲੇ ਖਰਚ ਵੀ ਪ੍ਰਵਾਨ ਕੀਤੇ ਗਏ। ਦੱਸਣਯੋਗ ਹੈ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਵਰਤੇ ਗਏ ਹਾਲ ਨੂੰ ਅਗਾਊਂ ਸੈਨੀਟਾਈਜ਼ ਕੀਤਾ ਗਿਆ ਅਤੇ ਇਕੱਤਰਤਾ ’ਚ ਸ਼ਾਮਲ ਹੋਏ ਮੈਂਬਰਾਂ ਲਈ ਮਾਸਕ ਲਾਜ਼ਮੀ ਕੀਤੇ ਗਏ ਸਨ। ਹਰ ਮੈਂਬਰ ਦੇ ਮੀਟਿੰਗ ਹਾਲ ’ਚ ਹਾਜ਼ਰ ਹੋਣ ਸਮੇਂ ਸੈਨੀਟਾਈਜ਼ਰ ਨਾਲ ਹੱਥ ਵੀ ਸਾਫ਼ ਕਰਵਾਏ ਗਏ। ਇਸ ਤੋਂ ਇਲਾਵਾ ਮੈਂਬਰਾਂ ਦੀ ਨਿਰਧਾਰਤ ਦੂਰੀ ਵੀ ਰੱਖੀ ਗਈ। ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਮੌਜੂਦਾ ਹਾਲਾਤ ਕਾਰਣ ਬਜਟ ਇਜਲਾਸ ਕਰਨਾ ਸੰਭਵ ਨਹੀਂ ਹੈ, ਇਸ ਲਈ ਹਾਲ ਦੀ ਘਡ਼ੀ ਜਨਰਲ ਹਾਊਸ ਦੀ ਪ੍ਰਵਾਨਗੀ ਦੇ ਅਾਧਾਰ ’ਤੇ 90 ਦਿਨਾਂ ਦੇ ਖਰਚੇ ਪ੍ਰਵਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖਦਾਈ ਘਡ਼ੀ ਸਮੇਂ ਮਨੁੱਖਤਾ ਨਾਲ ਹਮਦਰਦੀ ਰੱਖਦੀ ਹੈ। ਗੁਰੂ ਸਾਹਿਬ ਦੇ ਫਲਸਫੇ ਅਤੇ ਸਿੱਖ ਪ੍ਰੰਪਰਾ ਅਨੁਸਾਰ ਲੋਡ਼ਵੰਦਾਂ ਅਤੇ ਪੀਡ਼ਤਾਂ ਦੀ ਸਹਾਇਤਾ ਲਈ ਉਪਰਾਲੇ ਜਾਰੀ ਰੱਖੇ ਜਾਣਗੇ। ਉਨ੍ਹਾਂ ਲੋਕਾਂ ਦੀ ਸੇਵਾ ’ਚ ਲੱਗੇ ਸਿਹਤ ਕਰਮਚਾਰੀਆਂ, ਪ੍ਰਸ਼ਾਸਨ, ਮੀਡੀਆ ਕਰਮਚਾਰੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਸੇਵਾ ’ਚ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।
ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਲੋਡ਼ਵੰਦਾਂ ਲਈ ਲੰਗਰ ਆਦਿ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ ਅਤੇ ਲੋਡ਼ ਪੈਣ ’ਤੇ ਸਰਾਵਾਂ ਨੂੰ ਇਕਾਂਤਵਾਸ ਕੇਂਦਰਾਂ ਵਜੋਂ ਵੀ ਵਰਤਿਆ ਜਾਵੇਗਾ। ਭਾਈ ਲੌਂਗੋਵਾਲ ਨੇ ਅਫਗਾਨਿਸਤਾਨ ’ਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਹਮਲੇ ਦੇ ਪੀਡ਼ਤ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਦੁਨੀਆ ’ਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ। ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ਼ੇਰ ਸਿੰਘ ਮੰਡਵਾਲਾ, ਜਗਸੀਰ ਸਿੰਘ ਮਾਂਗੇਆਣਾ, ਮੰਗਵਿੰਦਰ ਸਿੰਘ ਖਾਪਡ਼ਖੇਡ਼ੀ, ਅਮਰਜੀਤ ਸਿੰਘ ਭਲਾਈਪੁਰ, ਜਸਮੇਰ ਸਿੰਘ ਲਾਛਡ਼ੂ, ਬੀਬੀ ਪਰਮਜੀਤ ਕੌਰ ਲਹਿਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਡਾ. ਏ. ਪੀ. ਸਿੰਘ, ਮੀਤ ਸਕੱਤਰ ਸਤਿੰਦਰ ਸਿੰਘ, ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ।
ਕੋਵਿਡ-19 ਦੇ ਚੱਲਦੇ ਪੰਜਾਬ ਭਰ ਦੀਆਂ ਜੇਲਾਂ 'ਚੋਂ ਰਿਹਾਅ ਕੀਤੇ ਜਾਣਗੇ 6000 ਕੈਦੀ
NEXT STORY