ਰਮਦਾਸ, (ਸਾਰੰਗਲ)- ਸਰਹੱਦੀ ਖੇਤਰ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਵਿਰੋਧ ਵਿਚ ਕਸਬਾ ਰਮਦਾਸ ਵਿਖੇ ਅਕਾਲੀਆਂ ਵੱਲੋਂ ਸਾਬਕਾ ਮੁੱਖ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।
®ਇਸ ਮੌਕੇ ਰੋਹ ਭਰੇ ਲਹਿਜ਼ੇ ਵਿਚ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਹਲਕਾ ਅਜਨਾਲਾ ਵਿਚ ਪੈਂਦੇ ਕਸਬਾ ਰਮਦਾਸ ਦੇ ਸਰਹੱਦੀ ਖੇਤਰ ਵਿਚ ਰਾਵੀ ਦਰਿਆ ਵਿਚ ਨਾਜਾਇਜ਼ ਮਾਈਨਿੰਗ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ, ਜਿਸ ਦੇ ਮੱਦੇਨਜ਼ਰ ਵੱਡੀ ਪੱਧਰ ’ਤੇ ਰੇਤ ਦਰਿਆ ਵਿਚੋਂ ਚੋਰੀ ਹੋ ਰਹੀ ਹੈ ਅਤੇ ਦਰਿਆ ਦੇ ਕਿਨਾਰੇ ਰੇਤ ਚੋਰੀ ਹੋਣ ਨਾਲ ਭੁਰ ਰਹੇ ਹਨ। ਬੋਨੀ ਅਜਨਾਲਾ ਨੇ ਕਿਹਾ ਕਿ ਇਸ ਨਾਜਾਇਜ਼ ਮਾਈਨਿੰਗ ਦੇ ਚੱਲ ਰਹੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਪੁਲਸ ਪ੍ਰਸ਼ਾਸਨ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵਾਰ ਕਿਹਾ ਜਾ ਚੁੱਕਾ ਹੈ ਪਰ ਪਰਨਾਲਾ ਉਥੇ ਦਾ ਉਥੇ ਹੀ ਹੈ ਅਤੇ ਮਾਈਨਿੰਗ ਵਾਲਿਆਂ ਦੀ ਚਾਂਦੀ ਹੋ ਰਹੀ ਹੈ। ਬੋਨੀ ਅਜਨਾਲਾ ਨੇ ਕਿਹਾ ਕਿ ਇਹ ਨਾਜਾਇਜ਼ ਮਾਈਨਿੰਗ ਅੱਧੀ ਰਾਤ ਨੂੰ ਦਰਿਆ ’ਚੋਂ ਹੁੰਦੀ ਆ ਰਹੀ ਹੈ ਅਤੇ ਜਿਨ੍ਹਾਂ ਸਰਹੱਦੀ ਪਿੰਡਾਂ ਦੇ ਨੇਡ਼ਿਓਂ ਮਾਈਨਿੰਗ ਹੋ ਰਹੀ ਹੈ, ਉਨ੍ਹਾਂ ਪਿੰਡਾਂ ਵਿਚ ਰੂਡ਼ੇਵਾਲ, ਘੋਨੇਵਾਲ, ਚਾਹਡ਼ਪੁਰ ਦੇ ਨਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜ਼ੋਰਾਂ ’ਤੇ ਇਹ ਕੰਮ ਹੋਣ ਨਾਲ ਜਿਥੇ ਸਰਕਾਰ ਦੇ ਖਜ਼ਾਨੇ ਨੂੰ ਰੋਜ਼ਾਨਾ ਲੱਖਾਂ ਦਾ ਚੂਨਾ ਲੱਗ ਰਿਹਾ ਹੈ, ਉਥੇ ਨਾਲ ਹੀ ਉਕਤ ਪਿੰਡਾਂ ਦੇ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਪਿੰਡਾਂ ਦੀਆਂ ਲਿੰਕ ਸਡ਼ਕਾਂ ਤੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਹੈਵੀ ਵਾਹਨ ਲੰਘਣ ਕਰ ਕੇ ਸਡ਼ਕਾਂ ਵੀ ਟੁੱਟ ਚੁੱਕੀਆਂ ਹਨ। ਬੋਨੀ ਅਜਨਾਲਾ ਨੇ ਕਥਿਤ ਦੋਸ਼ ਲਾਇਆ ਕਿ ਇਹ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਸਰਕਾਰ, ਪੁਲਸ ਪ੍ਰਸ਼ਾਸਨ ਅਤੇ ਮਾਈਨਿੰਗ ਵਿਭਾਗ ਦੀ ਕਥਿਤ ਮਿਲੀਭੁਗਤ ਨਾਲ ਜ਼ੋਰਾਂ ਨਾਲ ਚੱਲ ਰਿਹਾ ਹੈ ਜਿਸ ਨੂੰ ਰੋਕਣ ਲਈ ਸਰਕਾਰ ਵੱਲੋਂ ਵੀ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ।
®ਬੋਨੀ ਅਜਨਾਲਾ ਨੇ ਤਾਡ਼ਨਾ ਕਰਦਿਆਂ ਕਿਹਾ ਕਿ ਜੇਕਰ ਇਹ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਬੰਦ ਨਾ ਹੋਇਆ ਤਾਂ ਉਹ ਪੁਲਸ ਪ੍ਰਸ਼ਾਸਨ ਵਿਰੁੱਧ ਸਡ਼ਕਾਂ ’ਤੇ ਉਤਰਦੇ ਹੋਏ ਸਰਕਾਰ, ਪੁਲਸ ਤੇ ਮਾਈਨਿੰਗ ਵਿਭਾਗ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਟ ਸਿਆਪਾ ਕਰਨਗੇ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
®ਉਕਤ ਮਾਮਲੇ ਸਬੰਧੀ ਜਦੋਂ ਥਾਣਾ ਰਮਦਾਸ ਦੇ ਐੱਸ. ਐੱਚ. ਓ. ਮਨਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਿਤੇ ਵੀ ਨਾਜਾਇਜ਼ ਮਾਈਨਿੰਗ ਦਾ ਕੰਮ ਨਹੀਂ ਹੋ ਰਿਹਾ ਹੈ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿਚ ਅਜਿਹੀ ਕੋਈ ਗੱਲ ਲਿਆਂਦੀ ਜਾਵੇਗੀ ਤਾਂ ਉਹ ਜ਼ਰੂਰ ਇਸ ਸਬੰਧ ਵਿਚ ਕਾਰਵਾਈ ਕਰਨਗੇ।
®ਓਧਰ ਦੂਜੇ ਪਾਸੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਨਾਲ ਫੋਨ ’ਤੇ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਟੈਂਕਰ ਚਲਾਉਣ ਵਾਲੇ ਚਾਲਕ ਖ਼ਿਲਾਫ਼ ਮਾਮਲਾ ਦਰਜ
NEXT STORY