ਮਾਨਸਾ : ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਹਲਕੇ ’ਚ ਪਹੁੰਚੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਵਜੋਂ ਚੈੱਕ ਵੰਡੇ। ਦਰਅਸਲ ਮਾਲਵਾ ਖੇਤਰ ’ਚ ਗੁਲਾਬੀ ਸੁੰਡੀ ਲੱਗਣ ਕਾਰਨ ਕਿਸਾਨਾਂ ਦਾ 1 ਲੱਖ 36 ਹਜ਼ਾਰ ਤੋਂ ਵੱਧ ਦਾ ਨੁਕਸਾਨ ਹੋਇਆ ਸੀ। ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਅਤੇ ਉਨ੍ਹਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਅੱਜ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਚੈੱਕ ਵੰਡੇ ਗਏ। ਮਾਨ ਨੇ ਕਿਹਾ ਕਿ ਅੱਜ ਮੈਂ ਇੱਥੇ ਕੋਈ ਖ਼ੁਸ਼ੀ ਦੇ ਸਮਾਗਮ ’ਚ ਸ਼ਾਮਲ ਹੋਣ ਨਹੀਂ ਆਇਆ ਹਾਂ, ਸਗੋਂ ਕਿਸਾਨਾਂ ਦੇ ਦੁੱਖਾਂ ਨੂੰ ਵੰਡਣ ਆਇਆ ਹਾਂ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ
ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ’ਚ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਚਿੱਟੀ ਸੁੰਡੀ ਨੇ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਨੂੰ ਖ਼ਰਾਬ ਕੀਤਾ ਸੀ ਤੇ ਇਸ ਵਾਰ ਗੁਲਾਬੀ ਸੁੰਡੀ ਦੇ ਵਾਰ ਨਾਲ ਕਿਸਾਨਾਂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇਗਾ ਅਤੇ ਖੇਤੀ ’ਚ ਵੱਡੇ ਸੁਧਾਰ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਖੇਤੀਬਾੜੀ ਲਈ ਖ਼ਾਸ ਬਜਟ ਵੀ ਰੱਖਿਆ ਜਾਵੇਗਾ ਜਿਸ ਨਾਲ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮਾਣ ਮਹਿਸੂਸ ਹੋਵੇਗਾ। ਉਨ੍ਹਾਂ ਇਕ ਕਵਿਤਾ ਦੀਆਂ ਕੁਝ ਸਤਰਾਂ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਕ ਮੁੰਦਰੀ ਦੇ ਨਗ ਦੀ ਤਰ੍ਹਾਂ ਹੈ ਜਿਸ ਨੂੰ ਸਾਬਕਾ ਸਰਕਾਰਾਂ ਨੇ ਫਿੱਕਾ ਕਰ ਦਿੱਤਾ ਹੈ ਅਤੇ ਹੁਣ ‘ਆਪ’ ਦੀ ਸਰਕਾਰ ਉਸ ਨਗ ਨੂੰ ਫਿਰ ਤੋਂ ਚਮਕਾਵੇਗੀ ਅਤੇ ਪੰਜਾਬ ਨੂੰ ਖ਼ੁਸ਼ਹਾਲ ਸੂਬਾ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਲੋਕ ਸਭਾ 'ਚ ਗੂੰਜਿਆ ਬੀ.ਬੀ.ਐੱਮ.ਬੀ. ਦਾ ਮੁੱਦਾ, ਡਾ. ਅਮਰ ਸਿੰਘ ਨੇ ਖੋਲ੍ਹੀਆਂ ਪੁਰਾਣੀਆਂ ਪਰਤਾਂ
ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਤੁਸੀਂ ਆਪਣੇ ਮੁਆਵਜ਼ੇ ਦੇ ਚੈੱਕ ਲੈਣ ਲਈ ਕਿਸੇ ਵੀ ਹਲਕੇ ਦੇ ਵਿਧਾਇਕਾਂ ਨਾਲ ਸੰਪਰਕ ਕਰ ਸਕਦੇ ਹੋ ਅਤੇ ਜੇਕਰ ਕੋਈ ਚੈੱਕ ਦੇਣ ਲਈ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ 9501-200-200 ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਉਨ੍ਹਾਂ ਕਿਹਾ ਕਿ ਇਹ ‘ਆਪ’ ਦੀ ਸਰਕਾਰ ਹੈ ਜੋ ਲੋਕਾਂ ਨੇ ਯਕੀਨ ਕਰਕੇ ਬਣਾਈ ਹੈ ਅਤੇ ਇਸ ’ਤੇ ਪੂਰਾ ਉਤਰਨਾ ਅਤੇ ਪੰਜਾਬ ਦੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਖੇਤ ’ਚ ਜਾਕੇ ਲਿਆ ਫਾਹਾ
NEXT STORY