ਹੁਸ਼ਿਆਰਪੁਰ (ਬਿਊਰੋ) : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਪੁਲਸ ਲਾਈਨ 'ਚ 74ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਲਈ ਲੜੇ ਗਏ ਘੋਲ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਲਾਮਿਸਾਲ ਰਹੀਆਂ ਅਤੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਾ ਸਿਹਰਾ ਪੰਜਾਬੀਆਂ ਨੂੰ ਜਾਂਦਾ ਹੈ। ਉਦਯੋਗ ਮੰਤਰੀ ਦਾ ਪੁਲਸ ਲਾਈਨ ਗਰਾਊਂਡ ਵਿੱਚ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਸਵਾਗਤ ਕੀਤਾ। ਕੌਮੀ ਝੰਡਾ ਲਹਿਰਾਉਣ ਅਤੇ ਪੰਜਾਬ ਪੁਲਸ ਦੀ ਟੁਕੜੀ ਤੋਂ ਸਲਾਮੀ ਲੈਣ ਉਪਰੰਤ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਬਾਹਰੀ ਅਤੇ ਅੰਦਰੂਨੀ ਖਤਰਿਆਂ ਤੋਂ ਸੁਰੱਖਿਅਤ ਰੱਖਣ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸਾਰੇ ਬਹਾਦਰ ਯੋਧਿਆਂ, ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਉਹ ਸਿਜਦਾ ਕਰਦੇ ਹਨ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਸਾਰਾ ਮੁਲਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਮੌਜੂਦਾ ਕੋਰੋਨਾ ਆਫ਼ਤ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਦੇ ਹਵਾਲੇ ਰਾਹੀਂ ਉਦਯੋਗ ਮੰਤਰੀ ਨੇ ਕਿਹਾ ਕਿ ਜਿਹੜੇ ਹੌਂਸਲੇ ਨਾਲ ਪੰਜਾਬੀਆਂ ਨੇ ਪਹਿਲਾਂ ਦਰਪੇਸ਼ ਚੁਣੌਤੀਆਂ ਨੂੰ ਸਹਿਜੇ ਹੀ ਨਜਿੱਠਿਆ ਹੈ, ਉਸੇ ਹੌਂਸਲੇ ਅਤੇ ਜਜ਼ਬੇ ਨਾਲ ਕੋਰੋਨਾ 'ਤੇ ਵੀ ਜਲਦ ਫਤਿਹ ਪਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਕੋਰੋਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਯਤਨ ਕਰਦੀ ਹੋਈ ਉਤਮ ਸਿਹਤ ਸਹੂਲਤਾਂ ਨੂੰ ਯਕੀਨੀ ਬਣਾ ਰਹੀ ਹੈ ਅਤੇ ਜਲਦ ਹੀ ਕੋਰੋਨਾ ਖ਼ਿਲਾਫ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਕਾਰਨ ਦੁਨੀਆ 'ਚ ਵਿਕਾਸ ਦੀ ਰਫ਼ਤਾਰ ਨੂੰ ਢਾਅ ਲੱਗੀ ਹੈ ਪਰ ਬਾਵਜੂਦ ਇਸ ਦੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚਾ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਉਦਯੋਗਾਂ, ਨਾਗਰਿਕ ਸੇਵਾਵਾਂ ਆਦਿ ਦੇ ਖੇਤਰ 'ਚ ਨਾਮਣਾ ਖੱਟ ਰਿਹਾ ਹੈ।
ਇਹ ਵੀ ਪੜ੍ਹੋ : 12ਵੀਂ 'ਚ 98 ਫੀਸਦੀ ਅੰਕ ਹਾਸਲ ਕਰਨ ਵਾਲਿਆਂ 'ਤੇ ਸਰਕਾਰ ਮਿਹਰਬਾਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਹਰ ਵਰਗ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਅਣਥੱਕ ਯਤਨ ਕੀਤੇ ਗਏ ਹਨ, ਜਿਨ੍ਹਾਂ ਦੇ ਚੰਗੇ ਨਤੀਜੇ ਮਿਲੇ ਹਨ। ਉਨ੍ਹਾਂ ਕਿਹਾ ਕਿ ਮਾਰਚ 2017 'ਚ ਸਰਕਾਰ ਬਣਦੇ ਸਾਰ ਹੀ ਪਹਿਲੀ ਕੈਬਨਿਟ ਮੀਟਿੰਗ 'ਚ 118 ਮਿਸਾਲੀਆ ਫੈਸਲੇ ਲਏ ਗਏ ਸਨ ਜਿਨ੍ਹਾਂ ਦੀ ਚੁਫੇਰਿਓਂ ਸਲਾਹੁਤਾ ਦਰਜ ਕੀਤੀ ਗਈ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦਿੰਦਿਆ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਦੂਰਅੰਦੇਸ਼ ਸਦਕਾ ਪਿਛਲੀਆਂ 7 ਫ਼ਸਲਾਂ ਨਾਲੋ-ਨਾਲ ਚੁੱਕਦਿਆਂ ਕਿਸਾਨਾਂ ਨੂੰ 48 ਘੰਟਿਆਂ ਦੇ ਵਿੱਚ-ਵਿੱਚ ਅਦਾਇਗੀ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਜ਼ਾ ਮੁਆਫੀ ਸਕੀਮ ਅਧੀਨ ਪੰਜਾਬ ਸਰਕਾਰ ਵਲੋਂ ਸੂਬੇ ਦੇ 5.64 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਹੀਦਾਂ ਦੇ ਵਾਰਸਾਂ ਦੀ ਭਲਾਈ ਲਈ ਕਈ ਉਪਰਾਲੇ ਕੀਤੇ ਗਏ ਹਨ ਜਿਸ ਅਧੀਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਹੁਣ ਤੱਕ 50 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਗਈ ਹੈ।
ਸਮਾਰਟ ਸਕੂਲ ਪਾਲਿਸੀ ਅਧੀਨ ਅਰੋੜਾ ਨੇ ਕੀਤਾ ਐਲਾਨ
ਪੰਜਾਬ ਸਰਕਾਰ ਦੀ ਸਮਾਰਟ ਸਕੂਲ ਪਾਲਿਸੀ ਅਧੀਨ ਅਰੋੜਾ ਨੇ ਐਲਾਨ ਕੀਤਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਿਆਣ, ਚੱਬੇਵਾਲ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਕਾਰਨ ਸਕੂਲ ਬੰਦ ਹਨ ਪਰ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 12ਵੀਂ ਤੱਕ ਸਾਰਿਆਂ ਨੂੰ ਮੁਫ਼ਤ ਪੜ੍ਹਾਈ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਹੁਣ ਤੱਕ 58 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਨਿੱਜੀ ਖੇਤਰ ਵਿੱਚ ਇਹ ਗਿਣਤੀ 4 ਲੱਖ ਦੇ ਕਰੀਬ ਹੈ ਅਤੇ ਸਵੈ ਰੋਜ਼ਗਾਰ ਸ਼ੁਰੂ ਕਰਨ ਵਿੱਚ ਸਰਕਾਰ ਵਲੋਂ 7 ਲੱਖ ਤੋਂ ਵੱਧ ਨੌਜਵਾਨਾਂ ਦੀ ਮਦਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਆਜ਼ਾਦੀ ਘੁਲਾਟੀਆਂ ਨੂੰ ਘਰ ਮੁਹੱਈਆ ਕਰਵਾਉਣ ਲਈ ਪੁੱਡਾ ਅਤੇ ਗਮਾਡਾ ਵਲੋਂ ਕੱਟੀਆਂ ਜਾਣ ਵਾਲੀਆਂ ਰਿਹਾਇਸ਼ੀ ਕਾਲੋਨੀਆਂ ਵਿੱਚ 2 ਫੀਸਦੀ ਰਾਖਵੇਂਕਰਨ ਨੂੰ ਵਧਾ ਕੇ 3 ਫੀਸਦੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਖੇਡ-ਖੇਡ 'ਚ ਵਾਪਰੀ ਅਣਹੋਣੀ, ਸਤਲੁਜ ਦਰਿਆ 'ਚ ਰੁੜੀਆਂ 4 ਲੜਕੀਆਂ
325 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ
ਹੁਸ਼ਿਆਰਪੁਰ ਵਿਚਲੇ ਵਿਕਾਸ ਪ੍ਰੋਜੈਕਟਾਂ ਦੀ ਗੱਲ ਕਰਦਿਆਂ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ 325 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 151 ਕਰੋੜ ਰੁਪਏ ਦੀ ਲਾਗਤ ਨਾਲ 7 ਹੋਰ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਦਯੋਗ ਮੰਤਰੀ ਨੇ ਦੱਸਿਆ ਕਿ 25 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਜਵਾੜਾ ਵਿੱਚ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੀ ਖੁੱਲ੍ਹਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਕਰਨ ਅਧੀਨ 50 ਲੱਖ ਰੁਪਏ ਦੀ ਲਾਗਤ ਨਾਲ 38 ਲੋੜਵੰਦ ਔਰਤਾਂ ਨੂੰ ਮੁਫ਼ਤ ਈ-ਰਿਕਸ਼ਾ ਦੇ ਕੇ ਸਵੈ ਨਿਰਭਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 14096 ਕਾਰਡ ਧਾਰਕ 12.50 ਕਰੋੜ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਵੀ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਜਿਸ ਨਾਲ ਜ਼ਿਲ੍ਹਾ ਵਾਸੀਆਂ ਨੂੰ ਨਵੀਂ ਦਿਸ਼ਾ ਮਿਲੀ ਹੈ। ਇਸ ਮੌਕੇ ਡੀ.ਐਸ.ਪੀ. (ਐਚ) ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਸ ਦੀ ਟੁਕੜੀ ਨੇ ਉਦਯੋਗ ਮੰਤਰੀ ਨੂੰ ਸਲਾਮੀ ਦਿੱਤੀ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਨ ਪੇਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐੱਸ. ਐੱਸ. ਪੀ ਨਵਜੋਤ ਸਿੰਘ ਮਾਹਲ, ਏ. ਡੀ. ਸੀ. (ਜ) ਅਮਿਤ ਕੁਮਾਰ ਪੰਚਾਲ, ਏ. ਡੀ. ਸੀ (ਡੀ) ਹਰਬੀਰ ਸਿੰਘ ਆਦਿ ਨੇ ਉਦਯੋਗ ਮੰਤਰੀ ਨੂੰ ਸਨਮਾਨ ਚਿੰਨ ਭੇਟ ਕੀਤਾ।
ਪੰਜਾਬ 'ਚ 1200 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਤਿੰਨ ਮੈਡੀਕਲ ਕਾਲਜ- ਸੋਨੀ
NEXT STORY