ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਚਿਤਾਵਨੀ
ਅੰਮ੍ਰਿਤਸਰ(ਪ੍ਰਵੀਨ ਪੁਰੀ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਲੁਧਿਆਣਾ 'ਚ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸਵ. ਇੰਦਰਾ ਗਾਂਧੀ ਦਾ ਬੁੱਤ ਲਾਉਣ ਦਾ ਫੈਸਲਾ ਰੱਦ ਨਾ ਕੀਤਾ ਗਿਆ ਹੈ ਤਾਂ ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਖਦਸ਼ਾ ਪੈਦਾ ਹੋ ਸਕਦਾ ਹੈ, ਜੇ ਅਜਿਹਾ ਹੁੰਦਾ ਹੈ ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਤੇ ਜਵਾਬਦੇਹ ਹੋਵੇਗੀ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਤੁਰੰਤ ਮੁੜ ਵਿਚਾਰ ਕਰਨ ਲਈ ਵੀ ਸੁਝਾਅ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਇੰਦਰਾ ਗਾਂਧੀ ਦਾ ਬੁੱਤ ਲਾਉਣ ਦੇ ਫੈਸਲੇ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਬੁੱਤ ਲਾ ਕੇ ਉਨ੍ਹਾਂ ਜ਼ਖ਼ਮਾਂ ਨੂੰ ਕੁਰੇਦਣ ਵਾਲੀ ਗੱਲ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਿੱਖ ਇੰਦਰਾ ਗਾਂਧੀ ਦਾ ਬੁੱਤ ਪੰਜਾਬ ਵਿਚ ਬਰਦਾਸ਼ਤ ਨਹੀਂ ਕਰਨਗੇ। ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਇਸ ਸਮੇਂ ਉਨ੍ਹਾਂ ਨੇ ਪੰਜਾਬੀ ਭਾਸ਼ਾ ਨੂੰ ਪੰਜਾਬ 'ਚ ਬਣਦਾ ਮਾਣ ਸਤਿਕਾਰ ਨਾ ਮਿਲਣ ਪਿੱਛੇ ਕਿਸੇ ਡੂੰਘੀ ਸਾਜ਼ਿਸ਼ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਪੰਜਾਬ 'ਚ ਪੰਜਾਬੀ ਲਾਗੂ ਕਰੇ। ਉਨ੍ਹਾਂ ਨੇ ਇਸ ਸਮੇਂ ਪੰਜਾਬੀ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਇਹ ਵੀ ਕਿਹਾ ਕਿ ਜੇਕਰ ਪੰਜਾਬੀ ਭਾਸ਼ਾ ਨੂੰ ਲਾਗੂ ਨਾ ਕੀਤਾ ਗਿਆ ਤਾਂ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ। 3 ਨਵੰਬਰ ਨੂੰ ਖਾਲਸੇ ਦੀ ਮਾਤਾ ਦਾ ਜਨਮ ਦਿਹਾੜਾ ਮਨਾਇਆ ਜਾਵੇ : ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ 'ਖ਼ਾਲਸੇ ਦੀ ਮਾਤਾ' ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਉਨਾ ਉਤਸ਼ਾਹ ਨਾਲ ਨਹੀਂ ਮਨਾਇਆ ਜਾਂਦਾ ਰਿਹਾ ਜਿੰਨਾ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਭਾ-ਸੁਸਾਇਟੀਆਂ ਨੂੰ ਆਦੇਸ਼ ਦਿੱਤਾ ਹੈ ਕਿ ਉਹ 3 ਨਵੰਬਰ ਨੂੰ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਵਿਸ਼ਾਲ ਪੱਧਰ 'ਤੇ ਮਨਾਉਣ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਦੇ ਉਪਰਾਲੇ ਕਰਨ ਅਤੇ ਕਰਵਾਉਣ।
1 ਨਵੰਬਰ ਨੂੰ 1 ਮਿੰਟ ਸਿਮਰਨ ਕਰਨ ਦਾ ਆਦੇਸ਼: ਸਿੰਘ ਸਾਹਿਬ ਨੇ ਸਮੂਹ ਸਿੱਖ ਸੰਗਤਾਂ ਨੂੰ ਇਹ ਵੀ ਆਦੇਸ਼ ਜਾਰੀ ਕੀਤਾ ਹੈ ਕਿ ਉਹ ਨਵੰਬਰ 1984 ਨੂੰ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ ਅਤੇ ਭੁਝੰਗੀਆਂ ਦੀ ਯਾਦ ਵਿਚ 1 ਨਵੰਬਰ ਨੂੰ ਸ਼ਾਮ ਦੇ 6 ਵਜੇ ਇਕ ਮਿੰਟ ਦਾ ਸਿਮਰਨ ਕਰ ਕੇ ਸ਼ਰਧਾਂਜਲੀਆਂ ਦੇਣ।
ਆਰ. ਐੱਸ. ਐੱਸ. ਦੇ ਸਾਹਿਤ 'ਤੇ ਸਖ਼ਤ ਇਤਰਾਜ਼: ਉਨ੍ਹਾਂ ਦੱਸਿਆ ਕਿ ਰਾਸ਼ਟਰੀ ਸਿੱਖ ਸੰਗਠਨ ਵੱਲੋਂ ਜੋ ਸਾਹਿਤ ਛਾਪਿਆ ਗਿਆ ਹੈ, 'ਤੇ ਸਖ਼ਤ ਇਤਰਾਜ਼ ਹੈ। ਇਸ ਸਬੰਧੀ 8 ਪ੍ਰਸ਼ਨ ਉਨ੍ਹਾਂ ਨੂੰ ਭੇਜੇ ਗਏ ਹਨ ਅਤੇ ਇਨ੍ਹਾਂ ਦੇ ਜਵਾਬ ਦੇÎਣ ਦੇ ਲਈ ਖੁੱਲ੍ਹਾ ਸਮਾਂ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖ ਸੰਗਠਨ ਦੇ ਆਗੂਆਂ ਦੀ ਉਨ੍ਹਾਂ ਦੇ ਨਾਲ 2-3 ਵਾਰ ਗੱਲ ਵੀ ਹੋਈ ਹੈ ਅਤੇ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣਾ ਪੱਖ ਜਦੋਂ ਮਰਜ਼ੀ ਰੱਖ ਸਕਦੇ ਹਨ।
ਆਰ. ਐੱਸ. ਐੱਸ. ਸਮਾਗਮ 'ਚ ਜਾਣ ਵਾਲੇ ਸਿੱਖਾਂ ਵਿਰੁੱਧ ਹੋਵੇਗੀ ਕਾਰਵਾਈ : ਉਨ੍ਹਾਂ ਨੇ ਦੱਸਿਆ ਕਿ ਆਰ.ਐੱਸ.ਐੱਸ. ਦੇ ਵਿੰਗ ਰਾਸ਼ਟਰੀ ਸਿੱਖ ਸੰਗਤ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ 'ਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਣ 'ਤੇ ਪਾਬੰਦੀ ਦੇ ਬਾਵਜੂਦ ਜੋ ਸਿੱਖ ਗਏ ਹਨ। ਉਨ੍ਹਾਂ ਦੇ ਨਾਵਾਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ 'ਤੇ ਲਿਖਤੀ ਸ਼ਿਕਾਇਤਾਂ ਪੁੱਜ ਗਈਆਂ ਹਨ ਜਿਨ੍ਹਾਂ ਨੂੰ ਅਗਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ।
ਬਜ਼ੁਰਗ ਮਹਿਲਾ ਦੇ ਬੈਂਕ ਖਾਤੇ 'ਚੋਂ ਸਾਢੇ 26 ਲੱਖ ਰੁਪਏ ਨਿਕਲੇ
NEXT STORY