ਜਲੰਧਰ ( ਵੈੱਬ ਡੈਸਕ) : ਆਈਪੀਐੱਸ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਂ ਇੱਕ ਵਾਰ ਮੁੜ ਚਰਚਾ ਵਿੱਚ ਆ ਗਿਆ ਹੈ। ਭਾਰਤੀ ਪੁਲਸ ਸਰਵਿਸ ਦੇ 1998 ਬੈਚ ਦੇ ਪੰਜਾਬ ਕਾਡਰ ਦੇ ਆਈਪੀਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਸਮੇਂ ਆਈ ਜੀ ਦੇ ਅਹੁਦੇ ਉੱਤੇ ਕੰਮ ਕਰ ਰਹੇ ਹਨ। ਪੰਜਾਬ ਵਿਚ ਬੇਅਦਬੀ ਅਤੇ ਗੋਲ਼ੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਦੇ ਸੀਨੀਅਰ ਅਫ਼ਸਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪਿਛਲੇ ਦਿਨੀਂ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਇਸਨੂੰ ਨਾਮਨਜ਼ੂਰ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਭੀੜ ’ਤੇ ਕੋਟਕਪੂਰਾ ਵਿਚ ਪੁਲਸ ਵਲੋਂ ਗੋਲੀਬਾਰੀ ਕੀਤੀ ਗਈ ਸੀ ਅਤੇ ਇਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਮਾਮਲੇ ’ਚ ਗਠਿਤ ਐੱਸ.ਆਈ.ਟੀ. ਨੇ ਮਾਮਲੇ ਦੀ ਜਾਂਚ ਕੀਤੀ ਸੀ। ਇਸ ਦੇ ਆਧਾਰ ’ਤੇ ਸਾਬਕਾ ਪੁਲਸ ਮੁਖੀ ਸੁਮੇਧ ਸਿੰਘ ਸੈਣੀ ਅਤੇ ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਸਹਿ-ਮੁਲਜ਼ਮ ਬਣਾਇਆ ਗਿਆ ਸੀ। ਐੱਸ.ਆਈ.ਟੀ. ਦੀ ਉਕਤ ਜਾਂਚ ਰਿਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਤੇ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ ਜਿਸ ਮਗਰੋਂ ਵਿਜੈ ਪ੍ਰਤਾਪ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ ਸੀ। ਆਪਣੇ ਅਸਤੀਫ਼ੇ ਵਿੱਚ ਉਹਨਾਂ ਪ੍ਰੀਮੈਚਿਓਰ ਰਿਟਾਇਰਮੈਂਟ (ਸੇਵਾ ਕਾਲ ਖ਼ਤਮ ਹੋਣ ਤੋਂ ਪਹਿਲਾਂ ਸੇਵਾ ਮੁਕਤੀ) ਦੀ ਮੰਗ ਕੀਤੀ ਸੀ।ਉਨ੍ਹਾਂ ਦੇ ਅਸਤੀਫ਼ੇ ਨੇ ਪੰਜਾਬ ਦੇ ਪ੍ਰਸ਼ਾਸਕੀ ਅਤੇ ਸਿਆਸੀ ਹਲਕਿਆਂ ਵਿੱਚ ਹਲਚਲ ਛੇੜ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦੇ ਬਾਵਜੂਦ ਵੀ ਕੁੰਵਰ ਵਿਜੇ ਪ੍ਰਤਾਪ ਆਪਣੇ ਫ਼ੈਸਲੇ ’ਤੇ ਅੜੇ ਹੋਏ ਹਨ। ਦਰਅਸਲ ਉਨ੍ਹਾਂ ਆਪਣੀ ਫੇਸਬੁੱਕ ਆਈ. ਡੀ. ’ਤੇ ਇਕ ਪੋਸਟ ਪਾਈ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਉਹ ਅੱਗੇ ਵੀ ਸਮਾਜ ਸੇਵਾ ਕਰਦੇ ਰਹਿਣਗੇ ਪਰ ਆਈ. ਪੀ. ਐੱਸ. ਦੇ ਤੌਰ ’ਤੇ ਨਹੀਂ।
ਫੇਸਬੁੱਕ ’ਤੇ ਪਾਈ ਪੋਸਟ ਵਿਚ ਉਨ੍ਹਾਂ ਲਿਖਿਆ ਕਿ ‘ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ। ਜਿਨ੍ਹਾਂ ਦੇਸ਼ ਸੇਵਾ ਵਿਚ ਪੈਰ ਪਾਇਆ, ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ। ਉਨ੍ਹਾਂ ਲਿਖਿਆ ਕਿ ‘ਮੈਂ ਆਪਣਾ ਕੰਮ ਕੀਤਾ...... ਕੋਈ ਅਫ਼ਸੋਸ ਨਹੀਂ..... ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਇਸ ਮੁੱਦੇ ਨੂੰ ਗਲੈਮਰਸ ਨਾ ਬਣਾਓ ਜਾਂ ਰਾਜਨੀਤੀ ਨਾ ਕਰੋ, ਮੇਰੀ ਰਿਪੋਰਟ ਅਤੇ ਚਾਰਜਸ਼ੀਟ ਦਾ ਹਰ ਇਕ ਸ਼ਬਦ ਆਪਣੇ ਆਪ ਵਿਚ ਸਬੂਤ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ। ਦੋਸ਼ੀ ਮਨ ਸੱਚ ਦੇ ਸ਼ੀਸ਼ੇ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਕਰ ਸਕਦਾ। ਮੈਂ ਅੰਤਿਮ ਫ਼ੈਸਲੇ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ’ਚ ਅਪੀਲ ਦਾਇਰ ਕੀਤੀ ਹੈ, ਮੇਰੀ ਸੂਝ ਤੇ ਕਾਨੂੰਨ ਦੇ ਗਿਆਨ ਅਨੁਸਾਰ ਸਭ ਤੋਂ ਉੱਤਮ ਅਦਾਲਤ। ਮੈਂ ਸਮਾਜ ਦੀ ਸਰਵਉੱਤਮ ਤਰੀਕੇ ਨਾਲ ਸੇਵਾ ਜਾਰੀ ਰੱਖਾਂਗਾ, ਹਾਲਾਂਕਿ, ਆਈ. ਪੀ. ਐੱਸ. ਵਜੋਂ ਨਹੀਂ।”
ਕੁੰਵਰ ਵਿਜੇ ਪ੍ਰਤਾਪ ਸਿੰਘ ਬਾਰੇ ਖ਼ਾਸ ਗੱਲਾਂ
ਬਿਹਾਰ ਦੀ ਪਟਨਾ ਯੂਨੀਵਰਸਿਟੀ ਤੋਂ ਪੋਸਟ ਗਰੈਜੂਏਟ ਕੁੰਵਰ ਵਿਜੇ ਪ੍ਰਤਾਪ ਸਿੰਘ ਮੀਡੀਆ ਵਿੱਚ ਅਕਸਰ ਛਾਏ ਰਹਿੰਦੇ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬੀ ਦੀ ਇੱਕ ਫ਼ਿਲਮ 'ਯਾਰਾਂ ਦੇ ਯਾਰ' ਵਿੱਚ ਇੱਕ ਪੁਲਸ ਅਫ਼ਸਰ ਵਜੋਂ ਕੰਮ ਵੀ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ ਪਹਿਲਾਂ ਜਲੰਧਰ ਅਤੇ ਉਸ ਤੋਂ ਬਾਅਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਵੀ ਤੈਨਾਤ ਰਹੇ।ਐਮਬੀਏ, ਲਾਅ ਗਰੈਜੂਏਟ ਅਤੇ ਆਈਪੀਐੱਸ ਲ਼ਈ ਇਸ ਅਧਿਕਾਰੀ ਨੇ ਕਈ ਕਿਤਾਬਾਂ ਵੀ ਲਿਖੀਆਂ ਹਨ।
ਯੂ-ਟਿਊਬ ਉੱਤੇ ਉਨ੍ਹਾਂ ਆਪਣੇ ਨਾਮ ਦਾ ਇੱਕ ਚੈਨਲ ਵੀ ਬਣਾਇਆ ਹੋਇਆ ਹੈ , ਜਿਸ ਵਿੱਚ ਬੱਚਿਆਂ ਨੂੰ ਮੈਥ ਵਿਸ਼ੇ ਦੀ ਜਾਣਕਾਰੀ ਦਿੰਦੇ ਹਨ।ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਵਜੋਂ ਕੰਮ ਕਰ ਰਹੇ ਸਨ ਪਰ ਪਿਛਲੇ ਦਿਨੀਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਰਿਪੋਰਟ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਨਵੀਂ ਜਾਂਚ ਕਮੇਟੀ ਬਣਾਉਣ ਅਤੇ ਉਸ ਵਿਚੋਂ ਵਿਜੇ ਪ੍ਰਤਾਪ ਨੂੰ ਬਾਹਰ ਰੱਖਣ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ :ਬਸਪਾ ਨਾਲ ਗੱਠਜੋੜ ਕਰਕੇ ਚੋਣਾਂ ਲੜੇਗਾ ਸ਼੍ਰੋਮਣੀ ਅਕਾਲੀ ਦਲ!
ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਾਸ ਤੌਰ ਉੱਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਵਜੋਂ ਕੰਮ ਕਰ ਰਹੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਅਦਾਕਾਰ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਕੀਤੀ ਸੀ।ਇਸ ਤੋਂ ਇਲਾਵਾ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸੇ ਮਾਮਲੇ ਵਿੱਚ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਅਤੇ ਕਈ ਹੋਰ ਪੁਲਿਸ ਅਫ਼ਸਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ।
ਇਨ੍ਹਾਂ ਕੇਸਾਂ ਦੀ ਕੀਤੀ ਜਾਂਚ
ਬੇਅਦਬੀ ਦਾ ਮੁੱਦਾ ਪੰਜਾਬ ਵਿੱਚ ਕਾਫ਼ੀ ਅਹਿਮ ਸੀ ਅਤੇ ਇਸ ਦੀ ਜਾਂਚ ਵਿੱਚ ਪਹਿਲਾਂ ਉਹ ਮੈਂਬਰ ਵਜੋਂ ਅਤੇ ਫਿਰ ਇਸ ਦੇ ਮੁਖੀ ਵਜੋਂ ਕੰਮ ਕਰ ਰਹੇ ਸਨ। ਆਪਣੇ 22 ਸਾਲ ਦੇ ਪੁਲਿਸ ਕਰੀਅਰ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਈ ਹਾਈ ਪ੍ਰੋਫਾਇਲ ਕੇਸਾਂ ਲਈ ਕੰਮ ਕੀਤਾ। ਸੰਨ 2002 ਵਿਚ ਅੰਮ੍ਰਿਤਸਰ ਕਿਡਨੀ ਘਪਲੇ ਦੀ ਜਾਂਚ ਕਰਕੇ ਅਤੇ ਸੱਚ ਸਾਹਮਣੇ ਲਿਆਉਣ ਕਾਰਨ ਉਹ ਚਰਚਾ ਵਿਚ ਆਏ। ਅੰਮ੍ਰਿਤਸਰ ਦੇਹ ਵਪਾਰ ਕਾਂਡ ਦੀ ਜਾਂਚ ਵਿਚ ਸ਼ਾਮਲ ਰਹੇ। ਇਸ ਮਾਮਲੇ ਵਿੱਚ ਸਥਾਨਕ ਰਾਜਨੀਤਿਕ ਆਗੂ, ਕੇਬਲ ਨੈੱਟਵਰਕ ਨਾਲ ਜੁੜੇ ਲੋਕ ਸ਼ਾਮਲ ਸਨ। ਮਗਰੋਂ ਇਸ ਕੇਸ ਦੀ ਜਾਂਚ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ ਉੱਤੇ ਸੀਬੀਆਈ ਨੂੰ ਸੌਂਪ ਦਿੱਤੀ ਗਈ। 2009 ਵਿੱਚ ਉਸ ਸਮੇਂ ਦੇ ਬੀਜੇਪੀ ਦੇ ਵਿਧਾਇਕ ਅਨਿਲ ਜੋਸ਼ੀ ਨੇ ਕੁੰਵਰ ਵਿਜੇ ਪ੍ਰਤਾਪ (ਐਸਐਸਪੀ)ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕਰ ਦਿੱਤੀ ਸੀ।
2019 ਦੀਆਂ ਆਮ ਚੋਣਾਂ ਦੇ ਸਮੇਂ ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਬਕਾਇਦਾ ਵਿਜੇ ਪ੍ਰਤਾਪ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐੱਸਆਈਟੀ ਤੋਂ ਹਟਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ।ਚੋਣਾਂ ਸਮੇਂ ਇੱਕ ਨਿੱਜੀ ਟੀ ਵੀ ਚੈਨਲ ਨੂੰ ਬੇਅਦਬੀ ਮਾਮਲੇ ਉੱਤੇ ਦਿੱਤੀ ਇੰਟਰਵਿਊ ਦੇ ਸਬੰਧ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਸ਼ਿਕਾਇਤ ਕੀਤੀ ਸੀ।
ਪਹਿਲੀ ਵਾਰ ਕਿਸੇ ਖੇਤਰੀ ਪਾਰਟੀ ਨੇ ਦਲਿਤ ਚਿਹਰੇ ਨੂੰ ਡਿਪਟੀ CM ਬਣਾਉਣ ਦਾ ਕੀਤਾ ਵਾਅਦਾ: ਪਵਨ ਕੁਮਾਰ ਟੀਨੂੰ
NEXT STORY