ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸੂਬਾ ਆਪਣੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਵਪਾਰਕ ਮਾਹੌਲ ਸਦਕਾ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।
ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਉਹ ਕਈ ਪਰਿਵਾਰਾਂ ਨੂੰ ਰੋਜ਼ਗਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਅਤੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ ਕਿਉਂਕਿ ਪੰਜਾਬ ‘ਚ ਮੌਜੂਦ ਅਥਾਹ ਸੰਭਾਵਨਾਵਾਂ ਉਨ੍ਹਾਂ ਨੂੰ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਂਦਾ ਹੈ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੀ ਕੁੱਲ ਜ਼ਮੀਨ ਦਾ ਸਿਰਫ਼ 1.5 ਫੀਸਦ ਹੋਣ ਦੇ ਬਾਵਜੂਦ ਪੰਜਾਬ ਅੱਜ ਦੇਸ਼ ਦੇ ਕੁੱਲ ਜੀ.ਡੀ.ਪੀ.ਵਿੱਚ 3 ਫੀਸਦ ਯੋਗਦਾਨ ਪਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਮਿਹਨਤੀ ਅਤੇ ਸਿਰੜੀ ਲੋਕਾਂ ਨੇ ਦੁਨੀਆ ਭਰ ਵਿੱਚ ਆਪਣੀ ਵਿਸ਼ੇਸ਼ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਧਰਤੀ ਹੈ ਅਤੇ ਪੰਜਾਬ ਦੀ ਉਪਜਾਊ ਧਰਤੀ 'ਤੇ ਕੁਝ ਵੀ ਉੱਗ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਕਾਲੇ ਦਿਨਾਂ ਨੇ ਸੂਬੇ ਦੇ ਉਦਯੋਗ ਨੂੰ ਵੱਡਾ ਝਟਕਾ ਦਿੱਤਾ ਸੀ ਪਰ ਫਿਰ ਇਹ ਸੁਰਜੀਤ ਹੋਇਆ ਅਤੇ ਚੰਗੀ ਤਰ੍ਹਾਂ ਵਧਿਆ-ਫੁੱਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੀਡੀਓ ਅਤੇ ਫਿਲਮਾਂ ਦੀ ਸ਼ੂਟਿੰਗ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦਾ ਹੈ ਅਤੇ ਇਹ ਹਰ ਖੇਤਰ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਇੱਕ ਫਿਲਮ ਸਿਟੀ ਦੀ ਯੋਜਨਾ ਬਣਾ ਰਹੀ ਹੈ ਕਿਉਂਕਿ ਇਥੇ ਫਿਲਮ ਉਦਯੋਗ ਲਈ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਤਰ ਬਹੁਤ ਸਾਰੇ ਕੁਦਰਤੀ ਅਤੇ ਸੁੰਦਰ ਦ੍ਰਿਸ਼ਾਂ ਨਾਲ ਭਰਪੂਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ 'ਤੇ ਦੇਸ਼ ਵਿੱਚ ਅਤੇ ਖਾਸ ਕਰਕੇ ਪੰਜਾਬ ਵਿੱਚ ਮਨੋਰੰਜਨ ਦੇ ਬੁਨਿਆਦੀ ਢਾਂਚੇ ਦੀ ਘਾਟ ਹੈ, ਜਿਸ ਕਾਰਨ ਮਨੋਰੰਜਨ ਉਦਯੋਗ ਸੰਘਰਸ਼ ਕਰ ਰਿਹਾ ਹੈ ਅਤੇ ਹੁਣ ਸੂਬਾ ਸਰਕਾਰ ਇਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਇੱਕ ਹੋਰ ਕ੍ਰਿਕਟ ਸਟੇਡੀਅਮ ਬਣ ਰਿਹਾ ਹੈ, ਜੋ ਖੇਡ ਉਦਯੋਗ ਨੂੰ ਵੱਡਾ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਵਿੱਤ ਤੋਂ ਵੱਧ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਉਦਯੋਗ ਲਈ ਵਾਧੂ ਬਿਜਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਜ ਪਾਵਰ ਪਲਾਂਟ ਹਨ, ਜਿਨ੍ਹਾਂ ਵਿੱਚੋਂ ਪੰਜ ਸੂਬਾ ਸਰਕਾਰ ਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਜਲੀ ਪੈਦਾ ਕਰਨ ਲਈ ਕੋਲੇ ਦੇ ਵੱਡੇ ਭੰਡਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਇਥੇ ਭੋਜਨ ਉਤਪਾਦਕ ਉਦਯੋਗ ਲਈ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਿੰਗਲ ਵਿੰਡੋ ਪ੍ਰਣਾਲੀ ਨੂੰ ਸਹੀ ਮਾਇਨੇ ਵਿੱਚ ਲਾਗੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਤੇਜ਼ੀ ਨਾਲ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਦੀ ਹਮੇਸ਼ਾ ਸਿਰੜੀ ਤੇ ਉੱਦਮੀ ਭਾਵਨਾ ਅਤੇ ਅਮੀਰ ਵਿਰਾਸਤ ਵਜੋਂ ਜਾਣਿਆ ਜਾਂਦਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਉਦਯੋਗਿਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਅਤੇ ਪ੍ਰਗਤੀ ਦੇਖਣ ਨੂੰ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਇੱਕ ਵੱਡਾ ਉਦਯੋਗਿਕ ਹੱਬ ਬਣ ਗਿਆ ਹੈ, ਜੋ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਬਾਈ-ਸਾਈਕਲ, ਆਈ.ਟੀ., ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਪ੍ਰਗਤੀ ਨੇ ਸੱਚਮੁੱਚ ਦੁਨੀਆ ਭਰ ਵਿੱਚ ਆਪਣੀ ਛਾਪ ਛੱਡੀ ਹੈ ਕਿਉਂਕਿ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਪੰਜਾਬ ਦੀ ਸਮਰੱਥਾ ਨੂੰ ਪਛਾਣਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2022 ਤੋਂ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 4.7 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ, ਜਿਸ ਦੇ ਚਲਦਿਆਂ ਪੰਜਾਬ ਉਦਯੋਗਿਕ ਵਿਕਾਸ ਅਤੇ ਨਵੀਨਤਾ ਦੇ ਖੇਤਰ ਵਿੱਚ ਇੱਕ ਉੱਭਰ ਰਹੇ ਕੇਂਦਰ ਵਜੋਂ ਸਥਾਪਿਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਕਈ ਵੱਕਾਰੀ ਆਲਮੀ ਕੰਪਨੀਆਂ ਦਾ ਘਰ ਹੈ, ਜਿਨ੍ਹਾਂ ਵਿੱਚ ਨੈਸਲੇ, ਕਲਾਸ, ਫਰੂਡੇਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਹੋਰ ਸ਼ਾਮਲ ਹਨ, ਜੋ ਇੱਥੇ ਆਪਣਾ ਕੰਮਕਾਜ ਸਥਾਪਤ ਕਰਕੇ ਸੂਬੇ ਦੇ ਆਰਥਿਕ ਪ੍ਰਗਤੀ ਵਿੱਚ ਵੱਡਾ ਯੋਗਦਾਨ ਪਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅੰਤਰਰਾਸ਼ਟਰੀ ਕੰਪਨੀਆਂ ਨੇ ਕਾਰੋਬਾਰ ਲਈ ਪੰਜਾਬ ਦੀ ਅਥਾਹ ਸਮਰੱਥਾ ਅਤੇ ਇਸ ਦੇ ਵਧਣ-ਫੁੱਲਣ ਲਈ ਸੂਬਾ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਸਾਜ਼ਗਾਰ ਮਾਹੌਲ ‘ਤੇ ਮੋਹਰ ਲਾਈ ਹੈ।

ਉਨ੍ਹਾਂ ਕਿਹਾ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਤੋਂ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਬਾਰੇ ਸਪੱਸ਼ਟ ਪਤਾ ਚਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਸੱਚਮੁੱਚ ਨਾ ਸਿਰਫ਼ ਭਾਰਤੀ ਨਿਵੇਸ਼ਕਾਂ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਇੱਕ ਨਿਵੇਸ਼-ਪੱਖੀ ਮਾਹੌਲ ਸਿਰਜਿਆ ਹੈ, ਜੋ ਕਾਰੋਬਾਰ ਕਰਨ ਵਿੱਚ ਸੌਖ ਨੂੰ ਉਤਸ਼ਾਹਿਤ ਕਰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਅੱਜ ਕਾਰੋਬਾਰ ਕਰਨ ‘ਚ ਆਸਾਨੀ ਵਾਲਾ ਮਾਹੌਲ ਤਿਆਰ ਕਰਨ ਵਿੱਚ ਸਿਖਰਲੇ ਸਥਾਨ 'ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਾਸਟਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ ਹੈ, ਜੋ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਫਲਾਈਨ ਅਰਜ਼ੀਆਂ ਦੇਣ ਦੀ ਸ਼ਰਤ ਨੂੰ ਖ਼ਤਮ ਕਰਕੇ ਤੁਰੰਤ ਪ੍ਰਵਾਨਗੀਆਂ ਨੂੰ ਯਕੀਨੀ ਬਣਾ ਰਹੀ ਹੈ ਅਤੇ ਨਾਲ ਹੀ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਰਾਹੀਂ ਸੂਬਾ ਸਰਕਾਰ 125 ਕਰੋੜ ਰੁਪਏ ਤੱਕ ਦੀਆਂ ਯੋਗ ਇਕਾਈਆਂ ਲਈ ਸਿਰਫ਼ ਪੰਜ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਕੁਝ ਵੱਡੇ ਰੈਗੂਲੇਟਰੀ ਸੁਧਾਰ ਪੇਸ਼ ਕਰਨ ਵਾਲਾ ਪਹਿਲਾ ਸੂਬਾ ਹੈ, ਜਿਸ ਵਿੱਚ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਡੀਮਡ ਅਪਰੂਵਲਜ਼, ਐਸਕੇਲੇਸ਼ਨ ਵਿਧੀਆਂ ਅਤੇ ਮੁੱਖ ਲਾਇਸੈਂਸਾਂ ਲਈ ਵਧੀ ਹੋਈ ਵੈਧਤਾ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਉਦਯੋਗ ਦਰਮਿਆਨ ਭਾਈਵਾਲੀ ਸਫਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਨੂੰ ਪੂਰਾ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਸੰਭਵ ਹੋ ਸਕਦਾ ਹੈ, ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰੀਏ। ਉਨ੍ਹਾਂ ਕਿਹਾ ਕਿ ਇਹ ਸਿਧਾਂਤ 2022 ਵਿੱਚ ਪੇਸ਼ ਕੀਤੀ ਗਈ ਸਾਡੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਉਦਯੋਗਿਕ ਖੇਤਰ ਦੇ ਦਿੱਗਜਾਂ ਅਤੇ ਭਾਈਵਾਲਾਂ ਦੇ ਸਲਾਹ-ਮਸ਼ਵਰਾ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਉਦਯੋਗਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਪੂਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਹਰੇਕ ਉਦਯੋਗਿਕ ਸੈਕਟਰ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕਰਨ ਲਈ ਉਦਯੋਗਿਕ ਖੇਤਰ ਦੇ ਦਿੱਗਜਾਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਗਈਆਂ ਹਨ।
ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਦਯੋਗਾਂ ਅਤੇ ਕਾਰੋਬਾਰਾਂ ਨਾਲ ਬਰਾਬਰੀ, ਪਾਰਦਰਸ਼ਤਾ ਅਤੇ ਆਪਸੀ ਸਹਿਯੋਗ ਦੀ ਭਾਈਵਾਲੀ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਦਮੀਆਂ ਦੇ ਵਪਾਰਕ ਸਫ਼ਰ ਨੂੰ ਸੁਚਾਰੂ ਬਣਾਉਣ ਲਈ ਵਚਨਬੱਧ ਹੈ। ਇਸ ਭਾਈਵਾਲੀ ਨੂੰ ਹੋਰ ਮਜ਼ਬੂਤੀ ਦੇਣ ਲਈ ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਛੇਵੇਂ ਐਡੀਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ 13, 14 ਅਤੇ 15 ਮਾਰਚ, 2026 ਨੂੰ ਮੋਹਾਲੀ, ਪੰਜਾਬ ਵਿਖੇ ਕਰਵਾਇਆ ਜਾਵੇਗਾ ਅਤੇ ਇਸ ਦੌਰਾਨ ਉਦਯੋਗਪਤੀ, ਨੀਤੀ ਘਾੜ੍ਹੇ ਅਤੇ ਖੋਜਕਾਰ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਹੋਰ ਬੁਲੰਦਿਆਂ ‘ਤੇ ਲੈ ਜਾਣ ਬਾਰੇ ਵਿਚਾਰ ਸਾਂਝੇ ਕਰਨਗੇ ਅਤੇ ਸਹਿਯੋਗ ਦੇਣ ਲਈ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀ ਮੁਹਾਰਤ ਅਤੇ ਸੂਝ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਸਮਰੱਥਾ ਨੂੰ ਉਜਾਗਰ ਕਰਨ ਅਤੇ ਸਮਝਣ, ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਨੈੱਟਵਰਕਿੰਗ ਲਈ ਆਦਰਸ਼ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇੱਕਜੁੱਟ ਹੋ ਕੇ ਪੰਜਾਬ ਵਿੱਚ ਟਿਕਾਊ, ਸਮਾਵੇਸ਼ੀ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲਾ ਉਦਯੋਗਿਕ ਮਾਹੌਲ ਸਿਰਜ ਸਕਦੇ ਹਾਂ, ਜਿਸ ਲਈ ਤੁਹਾਡੀ ਭਾਈਵਾਲੀ, ਵਿਸ਼ਵਾਸ ਅਤੇ ਵਚਨਬੱਧਤਾ ਬੇਹੱਦ ਜ਼ਰੂਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਮਰਨਜੀਤ ਕੌਰ ਪਠਾਣਮਾਜਰਾ ਦੀ ਸਿਹਤ ਵਿਗੜੀ, ਲੁਧਿਆਣਾ ਕੀਤੇ ਗਏ ਸਿਫ਼ਟ
NEXT STORY